CM ਮਾਨ ਦਾ ਵੱਡਾ ਬਿਆਨ, ਸੂਬੇ ’ਚ ਵੱਡੇ ਆਗੂਆਂ ਦੇ ਕਾਰਨਾਮਿਆਂ ਨੂੰ ਆਉਣ ਵਾਲੇ ਦਿਨਾਂ ’ਚ ਕੀਤਾ ਜਾਵੇਗਾ ਬੇਨਕਾਬ
Thursday, Feb 29, 2024 - 11:58 AM (IST)
ਜਲੰਧਰ/ਨਕੋਦਰ (ਧਵਨ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਦੇ ਲੋਕਾਂ ਨੂੰ 283 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ। ਇਥੇ 283 ਕਰੋੜ ਰੁਪਏ ਦੇ ਕੁਝ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਕੁਝ ਪ੍ਰਾਜੈਕਟਾਂ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸਭਾ ਨੂੰ ਸੰਬੋਧਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਜਲੰਧਰ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਨੇ ਲੋਕਾਂ ਦੀ ਭਲਾਈ ਲਈ ਅਣਥੱਕ ਯਤਨ ਕੀਤੇ ਅਤੇ ਜ਼ਿਲ੍ਹੇ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਿਕ ਪਿਛਲੀਆਂ ਸਰਕਾਰਾਂ ਦੌਰਾਨ ਖ਼ੁਸ਼ੀਆਂ ਦੇ ਆਯੋਜਨ ਬੰਦ ਹੋ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ‘ਆਪ’ ਸਰਕਾਰ ਆਉਣ ਤੋਂ ਬਾਅਦ ਪੰਜਾਬ ਦਾ ਮਾਹੌਲ ਬਦਲ ਗਿਆ ਹੈ। ਇਥੇ ਹੁਣ ਆਰਾਮਦਾਇਕ ਮਾਹੌਲ ਬਣ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਸੂਬੇ ’ਚ ਖ਼ੁਦ ਨੂੰ ਵੱਡਾ ਨੇਤਾ ਕਹਿਣ ਵਾਲੇ ਨੇਤਾਵਾਂ ਨੂੰ ਜਨਤਾ ਨੇ ਸਿਆਸੀ ਤੌਰ ’ਤੇ ਗੁੰਮਨਾਮੀ ਵਿਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਆਪਣੇ ਕਾਰਜਕਾਲ ਵਿਚ ਜਨਤਾ ਨੂੰ ਜੰਮ ਕੇ ਲੁੱਟਿਆ ਹੈ, ਜਿਸ ਕਾਰਨ ਵਿਧਾਨ ਸਭਾ ਚੋਣਾਂ ਵਿਚ ਜਨਤਾ ਨੇ ਇਨ੍ਹਾਂ ਨੂੰ ਸਬਕ ਸਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹੰਕਾਰੀ ਨੇਤਾ ਆਪਣੀਆਂ ਜਨ-ਵਿਰੋਧੀ ਸਰਗਰਮੀਆਂ ਕਾਰਨ ਿਸਆਸੀ ਨਕਸ਼ੇ ਤੋਂ ਗਾਇਬ ਹੋ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਸਾਧਾਰਨ ਘਰ ਵਿਚ ਪੈਦਾ ਹੋਏ ਹਨ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ 2-3 ਦਿਨਾਂ ਵਿਚ ਉਹ ਸੂਬੇ ਦੇ ਉਨ੍ਹਾਂ ਵੱਡੇ ਨੇਤਾਵਾਂ ਨੂੰ ਬੇਨਕਾਬ ਕਰਨਗੇ, ਜਿਨ੍ਹਾਂ ਨੇ ਆਪਣੀਆਂ ਨਿੱਜੀ ਇੱਛਾਵਾਂ ਦੀ ਪੂਰਤੀ ਲਈ ਸਰਕਾਰੀ ਖਜ਼ਾਨੇ ਨੂੰ ਬਰਬਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਪੰਜਾਬ ਦੀ ਜਾਇਦਾਦ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਉਨ੍ਹਾਂ ਨੂੰ ਉਚਿਤ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ, ਸ੍ਰੀ ਬੇਰ ਸਾਹਿਬ ਮੱਥਾ ਟੇਕਣ ਆਈ ਔਰਤ ਨੇ ਗੁਰਦੁਆਰਾ ਸਾਹਿਬ ’ਚ ਤਿਆਗੇ ਪ੍ਰਾਣ
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸੁਤੰਤਰਤਾ ਸੈਨਾਨੀਆਂ ਨੇ ਜਮਾਤ ਰਹਿਤ ਲੋਕਤੰਤਰ ਦੀ ਕਲਪਨਾ ਕੀਤੀ ਸੀ, ਜਿੱਥੇ ਚੁਣੇ ਹੋਏ ਪ੍ਰਤੀਨਿਧੀ ਲੋਕਾਂ ਦੀ ਭਲਾਈ ਨੂੰ ਯਕੀਨੀ ਕਰਨ ਲਈ ਉਨ੍ਹਾਂ ਦੇ ਅਸਲੀ ਸੇਵਕ ਦੇ ਰੂਪ ਵਿਚ ਕੰਮ ਕਰਨਗੇ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੇ 70 ਸਾਲਾਂ ਤੋਂ ਇਹ ਚੁਣੇ ਹੋਏ ਪ੍ਰਤੀਨਿਧੀ ਸਰਕਾਰੀ ਖਜ਼ਾਨੇ ਤੋਂ ਵੱਡੀ ਤਨਖ਼ਾਹ ਅਤੇ ਪੈਨਸ਼ਨ ਲੈ ਕੇ ‘ਸਿਆਸੀ ਚੌਧਰੀ’ ਬਣ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਾਗਾਮੀ ਬਜਟ ’ਚ ਸੂਬੇ ਦੀ ਜਨਤਾ ’ਤੇ ਕੋਈ ਨਵਾਂ ਬੋਝ ਨਹੀਂ ਪਾਇਆ ਜਾਵੇਗਾ ਅਤੇ ਜਨ-ਹਿਤੈਸ਼ੀ ਬਜਟ ਸੂਬੇ ਵਿਚ ਚੱਲ ਰਹੇ ਵਿਕਾਸ ਨੂੰ ਗਤੀ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਕਰਨਾ ਹੈ ਕਿ ਲੋਕਾਂ ਨੂੰ ਇਸਦਾ ਪੂਰਾ ਲਾਭ ਮਿਲੇ ਅਤੇ ਆਮ ਆਦਮੀ ਦੀ ਭਲਾਈ ਲਈ ਕੋਈ ਕਮੀ ਬਾਕੀ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਖ਼ਤ ਮਿਹਨਤ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਵਰਗੇ ਨੇਤਾਵਾਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਧਨ ਇਕੱਠਾ ਕਰਕੇ ਵੱਡੇ-ਵੱਡੇ ਮਹਿਲ ਬਣਾਏ ਅਤੇ ਇਨ੍ਹਾਂ ਮਹਿਲਾਂ ਦੀਆਂ ਕੰਧਾਂ ਉੱਚੀਆਂ ਕਰ ਦਿੱਤੀਆਂ ਅਤੇ ਆਮ ਤੌਰ ’ਤੇ ਜਨਤਾ ਲਈ ਦਰਵਾਜ਼ੇ ਬੰਦ ਕਰ ਦਿੱਤੇ ਗਏ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਉਦੇਸ਼ਹੀਣ ਬਣਾ ਿਦੱਤਾ ਸੀ ਪਰ ਹੁਣ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ 40 ਹਜ਼ਾਰ ਤੋਂ ਜ਼ਿਆਦਾ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਇਕ ਦੇਸ਼, ਇਕ ਚੋਣ’ ਦੇ ਏਜੰਡੇ ’ਤੇ ਵਿਅੰਗ ਕਰਦਿਆਂ ਕਿਹਾ ਕਿ ਮੋਦੀ ‘ਇਕ ਦੇਸ਼, ਇਕ ਸਿੱਖਿਆ’ ਦੇ ਏਜੰਡੇ ’ਤੇ ਕਿਉਂ ਨਹੀਂ ਚੱਲ ਰਹੇ। ਉਨ੍ਹਾਂ ਕਿਹਾ ਕਿ ਕਾਨਵੈਂਟ ਸਕੂਲਾਂ ਅਤੇ ਸਰਕਾਰੀ ਸਕੂਲਾਂ ਵਿਚ ਿਦੱਤੀ ਜਾਣ ਵਾਲੀ ਸਿੱਖਿਆ ਵਿਚ ਬਹੁਤ ਫਰਕ ਹੈ ਪਰ ਬਦਕਿਸਮਤੀ ਨਾਲ ਕਿਸੇ ਨੇ ਇਸ ’ਤੇ ਧਿਆਨ ਨਹੀਂ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਟੁੱਟਿਆ ਡੇਰਾ ਬਿਆਸ ਸਤਿਸੰਗ ਨੂੰ ਜਾਣ ਵਾਲਾ 100 ਸਾਲ ਤੋਂ ਵੱਧ ਪੁਰਾਣਾ ਪੁੱਲ, ਮਚੀ ਹਫ਼ੜਾ-ਦਫ਼ੜੀ
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਕੇਜਰੀਵਾਲ ਨੇ ਫੁੱਟ ਪਾਉਣ ਵਾਲੀ ਸਿਆਸਤ ਨੂੰ ਨਕਾਰਦੇ ਹੋਏ ਕਦਰਾਂ-ਕੀਮਤਾਂ ’ਤੇ ਆਧਾਰਿਤ ਸਿਆਸਤ ਲਿਆ ਕੇ ਸਿਆਸੀ ਖੇਤਰ ਵਿਚ ਵੱਡਾ ਬਦਲਾਅ ਲਿਆਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰੀ ਪੱਧਰ ’ਤੇ ‘ਆਪ’ ਦੀ ਮਜ਼ਬੂਤੀ ਯਕੀਨੀ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਆਗਾਮੀ ਚੋਣਾਂ ਵਿਚ ‘ਆਪ’ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਉਹ ਪੰਜਾਬ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾ ਸਕਣ। ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ’ਤੇ ਵਿਅੰਗ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਇਸ ਯਾਤਰਾ ਦਾ ਅਸਲੀ ਨਾਂ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਨੇਤਾਵਾਂ ਨੂੰ ਚੁਣੌਤੀ ਦਿੱਤੀ ਕਿ ਉਹ ਦੱਸਣਗੇ ਕਿ 15 ਸਾਲ ਤਕ ਸੂਬੇ ਨੂੰ ਲੁੱਟਣ ਤੋਂ ਬਾਅਦ ਹੁਣ ਉਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਿਕ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਹਰੇ ਕਿਰਦਾਰ ਤੋਂ ਭਲੀਭਾਂਤ ਜਾਣੂ ਹਨ, ਜਿਸ ਕਾਰਨ ਹੁਣ ਉਨ੍ਹਾਂ ਦੀ ਆੜ ਨਹੀਂ ਲਈ ਜਾ ਸਕੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀ ਦਲ ਦਾ ਦੋਹਰਾ ਚਿਹਰਾ ਨਹੀਂ ਭੁੱਲੇ ਕਿਉਂਕਿ ਉਨ੍ਹਾਂ ਨੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕਰਨ ਤੋਂ ਇਲਾਵਾ ਸੂਬੇ ਵਿਚ ਨਸ਼ੇ ਦੇ ਵਪਾਰ ਦਾ ਵੀ ਸਮਰਥਨ ਕੀਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹਨ। ਲੋਕ ਇਨ੍ਹਾਂ ਅਪਰਾਧਾਂ ਲਈ ਅਕਾਲੀਆਂ ਨੂੰ ਕਦੇ ਮੁਆਫ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਦਯੋਗਿਕ ਖੇਤਰ ਨੂੰ ਸਸਤੀਆਂ ਦਰਾਂ ’ਤੇ ਬਿਜਲੀ ਉਪਲੱਬਧ ਕਰਵਾਈ ਜਾਵੇਗੀ, ਜਿਸ ਲਈ ਸੂਬਾ ਸਰਕਾਰ ਪਹਿਲਾਂ ਤੋਂ ਹੀ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮਾਝਾ ਅਤੇ ਦੋਆਬਾ ਖੇਤਰ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਸਹੂਲਤ ਲਈ ਜਲਦ ਹੀ ਜਲੰਧਰ ਵਿਚ ਇਕ ‘ਨਿਵੇਸ਼ ਸੁਵਿਧਾ ਕੇਂਦਰ’ (ਇਨਵੈਸਟਮੈਂਟ ਫੈਸਿਲੀਟੇਸ਼ਨ ਸੈਂਟਰ) ਖੋਲ੍ਹਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਗਠਜੋੜ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਸਿੱਧੂ ਨੂੰ ਪਾਰਟੀ 'ਚ ਸ਼ਾਮਲ ਕਰਨ ਸਬੰਧੀ ਕੀਤੀ ਕੋਰੀ ਨਾਂਹ
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਕੋਦਰ ਵਿਚ ਨਵ-ਨਿਰਮਿਤ ਜੱਚਾ-ਬੱਚਾ ਹਸਪਤਾਲ ਦਾ ਵੀ ਉਦਘਾਟਨ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਜਿਹੇ ਹੋਰ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 30 ਬਿਸਤਰਿਆਂ ਵਾਲਾ ਇਹ ਨਵਾਂ ਜੱਚਾ-ਬੱਚਾ ਵਿੰਗ ਲੱਗਭਗ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜਿਸ ਤੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਔਰਤਾਂ ਦੀ ਸਿਹਤ ਦੇਖ-ਭਾਲ ਲਈ ਇਸ ਹਸਪਤਾਲ ਵਿਚ ਮਾਹਿਰ ਡਾਕਟਰ ਤਾਇਨਾਤ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਡਲਿਵਰੀ ਤੋਂ ਪਹਿਲਾਂ ਉਚਿਤ ਜਾਂਚ ਕਰੇਗਾ ਅਤੇ ਇਕ ਹੀ ਛੱਤ ਹੇਠਾਂ ਸਿਜ਼ੇਰੀਅਨ, ਘੱਟ ਭਾਰ ਵਾਲੇ ਅਤੇ ਸਮੇਂ ਤੋਂ ਪਹਿਲਾਂ ਜਨਮੇ ਬੱਚਿਆਂ ਲਈ ਐੱਨ. ਆਈ. ਸੀ. ਯੂ. ਦੀ ਸੁਵਿਧਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਨੂੰ CM ਮਾਨ ਦੀ ਵੱਡੀ ਸੌਗਾਤ, 283 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।