ਨੌਜਵਾਨਾਂ ਨੂੰ ਪੰਜਾਬ ’ਚ ਮਿਲ ਰਿਹੈ ਰੋਜ਼ਗਾਰ, ਵਿਦੇਸ਼ ਜਾਣ ਦਾ ਰੁਝਾਨ ਘਟਿਆ : ਭਗਵੰਤ ਮਾਨ

Sunday, Apr 21, 2024 - 11:13 AM (IST)

ਨੌਜਵਾਨਾਂ ਨੂੰ ਪੰਜਾਬ ’ਚ ਮਿਲ ਰਿਹੈ ਰੋਜ਼ਗਾਰ, ਵਿਦੇਸ਼ ਜਾਣ ਦਾ ਰੁਝਾਨ ਘਟਿਆ : ਭਗਵੰਤ ਮਾਨ

ਹੁਸ਼ਿਆਰਪੁਰ (ਘੁੰਮਣ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਦੇ ਹੱਕ ਵਿਚ ਬੀਤੇ ਦਿਨ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ’ਚ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ‘ਆਪ’ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਇਨ੍ਹਾਂ ਕੰਮਾਂ ਦੇ ਆਧਾਰ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹਮਾਇਤ ਕਰਨ ਲਈ ਕਿਹਾ।

ਮੁੱਖ ਮੰਤਰੀ ਨੇ ਵਿਰੋਧੀਆਂ ’ਤੇ ਤੰਜ ਕੱਸਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਤਾਂ ਆਪਸ ਵਿਚ ਹੀ ਲੜਨ ’ਚ ਲੱਗੀਆਂ ਹੋਈਆਂ ਹਨ। ਕੁਝ ਮਹੀਨੇ ਪਹਿਲਾਂ ਅਕਾਲੀ ਦਲ ’ਚ ਵਾਪਸੀ ਕਰਨ ਵਾਲੇ ਸੁਖਦੇਵ ਸਿੰਘ ਢੀਂਡਸਾ ਸੁਖਬੀਰ ਬਾਦਲ ਤੋਂ ਨਾਰਾਜ਼ ਦੱਸੇ ਜਾ ਰਹੇ ਹਨ ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਹੈ। ਉਹ ਜਲਦੀ ਹੀ ਫ਼ੈਸਲਾ ਕਰਨਗੇ ਕਿ ਉਨ੍ਹਾਂ ਨੇ ਪਾਰਟੀ ’ਚ ਰਹਿਣਾ ਹੈ ਜਾਂ ਫਿਰ ਦੂਸਰੀ ਜਗ੍ਹਾ ਟਿਕਾਣਾ ਬਣਾਉਣਾ ਹੈ।

ਇਹ ਵੀ ਪੜ੍ਹੋ- ਕੁਝ ਸਮਾਂ ਪਹਿਲਾਂ ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਰੇਲਵੇ ਟਰੈਕ 'ਤੇ ਮਿਲੀ ਲਾਸ਼, ਪਿਤਾ ਨੇ ਖੋਲ੍ਹੇ ਵੱਡੇ ਰਾਜ਼

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2 ਸਾਲਾਂ ਅੰਦਰ ਸੂਬੇ ਵਿਚ 40,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ ਅਤੇ ਕਈ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ ਹੈ। ਪੰਜਾਬ ਵਿਚ ਉਦਯੋਗ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਵਿਚ ਰਹਿ ਕੇ ਹੀ ਰੋਜ਼ਗਾਰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਬਾਹਰ ਜਾਣ ਵਲ ਰੁਝਾਨ ਘਟਾਉਣਾ ਚਾਹੀਦਾ ਹੈ। ਜੇਕਰ ਨੌਜਵਾਨਾਂ ਨੂੰ ਸੂਬੇ ਵਿਚ ਹੀ ਰੋਜ਼ਗਾਰ ਮਿਲੇਗਾ ਤਾਂ ਉਹ ਬਾਹਰ ਕਿਉਂ ਜਾਣਗੇ? ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਪਾਰਟੀ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਕੇਂਦਰ ਅੱਗੇ ਪੰਜਾਬ ਦੇ ਮਸਲਿਆਂ ਨੂੰ ਜ਼ੋਰਦਾਰ ਤਰੀਕੇ ਨਾਲ ਉਠਾਇਆ ਜਾ ਸਕੇ। ਮਾਨ ਨੇ ਕਿਹਾ ਕਿ ਉਹ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਵੱਡੀ ਜਿੱਤ ਦਰਜ ਕਰਨਗੇ।

ਇਹ ਵੀ ਪੜ੍ਹੋ- ਪੈਟਰੋਲ ਪੰਪਾਂ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਕੀਤੇ ਗਏ ਇਹ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News