ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਦੀ ਬਦੌਲਤ ਨਿਗਮ ਚੋਣਾਂ ’ਚ ''ਆਪ'' ਦੀ ਜਿੱਤ ਯਕੀਨੀ: ਭਗਵੰਤ ਮਾਨ
Wednesday, Dec 11, 2024 - 11:26 AM (IST)
ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ)–ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਦੀ ਬਦੌਲਤ ਆਮ ਆਦਮੀ ਪਾਰਟੀ ਸੂਬੇ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਇਸ ਵਾਰ ਭਾਰੀ ਬਹੁਮਤ ਨਾਲ ਜਿੱਤਣ ਜਾ ਰਹੀ ਹੈ ਅਤੇ ਉਸ ਦੇ ਲਈ ਸਾਰੇ ਮੰਤਰੀਆਂ ਨੇ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਲੈ ਕੇ ਜਨਤਾ ਵਿਚਕਾਰ ਜਾਣਾ ਹੈ। ਮੁੱਖ ਮੰਤਰੀ ਮੰਗਲਵਾਰ ਨਗਰ ਨਿਗਮ, ਨਗਰ ਕੌਂਸਲ ਚੋਣਾਂ ਦੀ ਰਣਨੀਤੀ ਤੈਅ ਕਰਨ ਲਈ ਸੱਦੀ ਗਈ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਪਾਰਟੀ ਅੰਦਰ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ, ਜਿਸ ਕਾਰਨ ਪਾਰਟੀ ’ਚ ਟਿਕਟ ਲੈਣ ਲਈ ਦੌੜ ਲੱਗੀ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰੀ ਅਣਹੋਣੀ ਨੇ ਵਿਛਾ 'ਤੇ ਸੱਥਰ, ਕਾਲਜ ਦੇ ਪ੍ਰੋਫ਼ੈਸਰ ਦੀ ਮੌਤ
ਉਨ੍ਹਾਂ ਕਿਹਾ ਕਿ ਇਸ ਵਾਰ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਮੰਤਰੀ ਲਗਾਤਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ 'ਆਪ' ਇਹ ਚੋਣਾਂ ਭਾਰੀ ਬਹੁਮਤ ਨਾਲ ਜਿੱਤਣ ਜਾ ਰਹੀ ਹੈ। ਪੰਜਾਬ ’ਚ ਪਿਛਲੇ ਪੌਣੇ 3 ਸਾਲਾਂ ’ਚ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਵਾਅਦੇ ਪੂਰੇ ਕਰਦੇ ਹੋਏ ਜਿੱਥੇ ਇਕ ਪਾਸੇ ਸਾਰੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ ਤਾਂ ਦੂਜੇ ਪਾਸੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੰਦੇ ਹੋਏ ਪਹਿਲੀ ਵਾਰ 50 ਹਜ਼ਾਰ ਤੋਂ ਵੱਧ ਸਰਕਾਰੀ ਅਹੁਦੇ ਭਰੇ ਗਏ ਹਨ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੀਟਾਂ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੇ 3 ਸੀਟਾਂ ਜਿੱਤ ਕੇ ਇਤਿਹਾਸ ਸਿਰਜਿਆ ਹੈ ਅਤੇ ਹੁਣ ਸਾਰੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਸਾਡੀ ਜਿੱਤ ਤੈਅ ਹੈ। ਮੁੱਖ ਮੰਤਰੀ ਨੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਇਲਾਕਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ। ਉਹ ਖੁਦ ਵੀ ਚੋਣ ਪ੍ਰਚਾਰ ਲਈ ਸ਼ਹਿਰਾਂ ਵਿਚ ਜਾਣਗੇ।
ਇਹ ਵੀ ਪੜ੍ਹੋ- ਟਾਂਡਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਰੇਲਵੇ ਟਰੈਕ ਨੇੜਿਓਂ ਮਿਲੀ ਲਾਸ਼
ਬੈਠਕ ਵਿਚ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਅੰਦਰ ਭਾਰੀ ਉਤਸ਼ਾਹ ਹੈ ਅਤੇ ਉਹ ਸਾਰੀਆਂ ਥਾਵਾਂ ’ਤੇ ਚੋਣਾਂ ਜਿੱਤਣ ਜਾ ਰਹੇ ਹਨ। ਵਿਰੋਧੀ ਪਾਰਟੀਆਂ ਕੋਲ ਕੋਈ ਵੀ ਮੁੱਦਾ ਨਹੀਂ ਹੈ। ਬੈਠਕ ਵਿਚ ਲੋਕਲ ਬਾਡੀ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੁਰਾਕ ਅਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਐੱਨ. ਆਰ. ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸੰਸਦ ਮੈਂਬਰ ਡਾ. ਰਾਜਕੁਮਾਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਮੰਤਰੀ ਡਾ. ਬਲਜੀਤ ਕੌਰ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਸਮੇਤ ਹੋਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8