ਭਾਜਪਾ ਆਗੂ ਗਿੱਲ ’ਤੇ ਵਿਜੀਲੈਂਸ ਦੀ ਰੇਡ ਬਾਰੇ ਬੋਲੇ CM ਮਾਨ-ਜੋ ਜਿਹੋ ਜਿਹਾ ਕਰੇਗਾ, ਉਹੋ ਜਿਹਾ ਭਰੇਗਾ
Sunday, Aug 03, 2025 - 12:20 PM (IST)

ਸ੍ਰੀ ਚਮਕੌਰ ਸਾਹਿਬ/ਚੰਡੀਗੜ੍ਹ/ਜਲੰਧਰ (ਕੌਸ਼ਲ, ਅੰਕੁਰ, ਧਵਨ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਵਿਖੇ ਮੱਥਾ ਟੇਕ ਕੇ ਸੂਬੇ ’ਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਅਤੇ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਣ ਲਈ ਆਪਣੇ-ਆਪ ਨੂੰ ਖ਼ੁਸ਼ਨਸੀਬ ਸਮਝਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ’ਤੇ ਚੱਲ ਰਹੀ ਹੈ ਅਤੇ ਸੂਬੇ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਪਵਿੱਤਰ ਧਰਤੀ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਏਗੀ ਅਤੇ ਇਸ ਲਈ ਸਾਰੇ ਲੋੜੀਂਦੇ ਯਤਨ ਜਾਰੀ ਹਨ।
ਇਹ ਵੀ ਪੜ੍ਹੋ: 'ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ SGPC ਵੱਡੇ ਭਰਾ ਦੀ ਭੂਮਿਕਾ ਨਿਭਾਵੇ'
ਬੀਤੇ ਦਿਨੀਂ ਭਾਜਪਾ ਵਿਚ ਸ਼ਾਮਲ ਹੋਏ ਅਕਾਲੀ ਆਗੂ ਰਣਜੀਤ ਸਿੰਘ ਗਿੱਲ ’ਤੇ ਵਿਜੀਲੈਂਸ ਦੀ ਛਾਪੇਮਾਰੀ ’ਤੇ ਭਗਵੰਤ ਮਾਨ ਨੇ ਕਿਹਾ ਕਿ ਜੋ ਜਿਹੋ ਜਿਹਾ ਕਰੇਗਾ, ਉਹੋ ਜਿਹਾ ਹੀ ਭਰੇਗਾ। ਕਾਂਗਰਸ ਦੇ ਸਾਬਕਾ ਉੱਪ-ਮੁੱਖ ਮੰਤਰੀ ਦੇ ਪੁੱਤਰ ਨੂੰ ਮਿਲੀਆਂ ਧਮਕੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਮਾਮਲੇ ’ਤੇ ਪੂਰੀ ਨਜ਼ਰ ਰੱਖ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਬਿਨਾਂ ਕਿਸੇ ਯੋਜਨਾਬੰਦੀ ਦੇ ਫੰਡ ਖ਼ਰਚ ਕੀਤੇ ਅਤੇ ਉਨ੍ਹਾਂ ਦੇ ਸਮੇਂ ਦੌਰਾਨ ਬਣੀਆਂ ਇਮਾਰਤਾਂ ਖੰਡਰ ਬਣ ਗਈਆਂ ਹਨ, ਜਿਨ੍ਹਾਂ ਦਾ ਹੁਣ ਮੌਜੂਦਾ ਸਰਕਾਰ ਵੱਲੋਂ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸਾਡੀ ਸਰਕਾਰ ਨੇ ਖੰਡਰ ਬਣੀਆਂ ਇਮਾਰਤਾਂ ਵਿਚ ਸਕੂਲ ਆਫ਼ ਐਮੀਨੈਂਸ ਬਣਾਏ ਹਨ ਅਤੇ ਸਰਕਾਰ ਸਿੱਖਿਆ ਕ੍ਰਾਂਤੀ ਲਈ ਕਈ ਕਦਮ ਚੁੱਕ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਗੁੱਲ
ਇਕ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ’ਚ ਪਹਿਲਾਂ ਹੀ ਇਕ ਨਵੀਂ ਅਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਪੇਸ਼ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਤੋਂ ਫੀਡਬੈਕ ਲਈ ਜਾਵੇਗੀ ਅਤੇ ਇਸ ਨੂੰ ਧਿਆਨ ’ਚ ਰੱਖਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵਲੋਂ ਹਰੇਕ ਫ਼ੈਸਲਾ ਜਨਤਾ ਨਾਲ ਸਲਾਹ-ਮਸ਼ਵਰਾ ਕਰਕੇ ਹੀ ਲਿਆ ਜਾਂਦਾ ਹੈ।
ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਬੀਤੇ ਸਮੇਂ ’ਚ ਕਾਂਗਰਸੀ ਆਗੂ ਗੈਂਗਸਟਰਾਂ ਦੀ ਪੁਸ਼ਤ-ਪਨਾਹੀ ਕਰਦੇ ਰਹੇ ਹਨ, ਜਿਸ ਨਾਲ ਗੈਰ-ਸਮਾਜਿਕ ਤੱਤਾਂ ਨੂੰ ਉਤਸ਼ਾਹ ਮਿਲਦਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਕਾਂਗਰਸੀ ਆਗੂਆਂ ਦੇ ਪਰਿਵਾਰਾਂ ਨੂੰ ਇਨ੍ਹਾਂ ਗੁੰਡਾ ਅਨਸਰਾਂ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਅਤੀਤ ਵਿਚ ਕੀਤੇ ਕੰਮਾਂ ਦੇ ਨਤੀਜਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਪਿੱਛੇ ਗਲਿਆਰੇ ਦੀ ਉਸਾਰੀ ਸਬੰਧੀ ਡਿਪਟੀ ਕਮਿਸ਼ਨਰ ਨੂੰ ਹਦਾਇਤਾਂ ਦਿੱਤੀਆਂ ਹਨ। ਗਲਿਆਰੇ ਸਬੰਧੀ ਜਲਦੀ ਹੀ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੀ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, ਅਧਿਕਾਰੀਆਂ ਨੂੰ ਕਰ 'ਤੇ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e