ਲੁਧਿਆਣਾ ’ਚ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਪ੍ਰਣਾਲੀ ’ਚ ਸੁਧਾਰ ਕਰਾਂਗੇ : ਡਾ. ਨਿੱਝਰ
Sunday, Sep 25, 2022 - 03:47 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੁਧਿਆਣਾ ਵਿਖੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਪ੍ਰਣਾਲੀ ਅਤੇ ਸੀਵਰੇਜ ਦੀਆਂ ਨਵੀਆਂ ਲਾਈਨਾਂ ਵਿਛਾਉਣ ਆਦਿ ਕਾਰਜਾਂ ਲਈ 233.50 ਲੱਖ ਰੁਪਏ ਖਰਚੇ ਜਾਣਗੇ। ਇਨ੍ਹਾਂ ਕੰਮਾਂ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵੱਖ-ਵੱਖ ਥਾਵਾਂ 'ਤੇ ਪਾਣੀ ਦੀਆਂ ਲਾਈਨਾਂ ਵਿਛਾਈਆਂ ਜਾਣਗੀਆਂ।
ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਵੱਖ-ਵੱਖ ਹਾਰਸ ਪਾਵਰ ਦੇ ਸਬਮਰਸੀਬਲ ਟਿਊਬਵੈੱਲ ਸਥਾਪਤ ਕੀਤੇ ਜਾਣਗੇ। ਇਸ ਨਾਲ ਲੋਕਾਂ ਨੂੰ ਪੀਣ ਵਾਲਾ ਪਾਣੀ ਬਿਨਾਂ ਕਿਸੇ ਰੁਕਾਵਟ ਤੋਂ ਮੁਹੱਈਆ ਕਰਵਾਉਣ ਵਿਚ ਸਹਾਇਤਾ ਮਿਲੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲੁਧਿਆਣਾ ਵਿੱਖੇ ਵੱਖ-ਵੱਖ ਥਾਵਾਂ ’ਤੇ ਸੀਵਰੇਜ ਦੀਆਂ ਲਾਈਨਾਂ ਵੀ ਵਿਛਾਈਆਂ ਜਾਣਗੀਆਂ। ਡਾ. ਨਿੱਝਰ ਨੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਤ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਕੰਮ ਵਿੱਚ ਗੁਣਵੱਤਾ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।