ਅਕਾਲੀ-ਕਾਂਗਰਸੀ ਆਪਸ ''ਚ ਰਲ ਕੇ ਲੁੱਟ ਰਹੇ ਪੰਜਾਬ : ਭਗਵੰਤ ਮਾਨ

09/18/2019 10:24:47 PM

ਨਿਹਾਲ ਸਿੰਘ ਵਾਲਾ/ਬਿਲਾਸਪੁਰ,(ਬਾਵਾ/ਜਗਸੀਰ): 'ਪੰਜਾਬ ਬੋਲਦਾ ਮੁਹਿੰਮ' ਤਹਿਤ ਆਮ ਆਦਮੀ ਪਾਰਟੀ ਵੱਲੋਂ ਅੱਜ ਨਿਹਾਲ ਸਿੰਘ ਵਾਲਾ ਹਲਕੇ ਦੇ ਪਿੰਡ ਸੈਦੋਕੇ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਗਈ। ਜਿਸ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਤੇ ਕਾਂਗਰਸੀ ਆਪਸ 'ਚ ਰਲੇ ਹੋਏ ਹਨ, ਜੋ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਸੂਬੇ ਨੂੰ ਲੁੱਟ ਰਹੇ ਹਨ। ਪੰਜਾਬ ਦੇ ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਸੂਬੇ ਦਾ ਹਰ ਵਰਗ ਪੀੜਤ ਹੋਇਆ ਪਿਆ ਹੈ।

ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 161 'ਚੋਂ 140 ਵਾਅਦੇ ਪੂਰੇ ਕਰਨ 'ਤੇ ਚੋਟ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦਾ ਵਾਅਦਾ ਕਰਨ ਵਾਲੇ ਕੈਪਟਨ ਨੇ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ। ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਭ੍ਰਿਸ਼ਟ ਸਰਕਾਰਾਂ ਤੋਂ ਕਿਨਾਰਾ ਕਰ ਕੇ ਆਮ ਆਦਮੀ ਪਾਰਟੀ ਨੂੰ ਸੂਬੇ 'ਚ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਦੇ ਹੱਕ 'ਚ ਕਿਹਾ ਕਿ ਜਦੋਂ ਵੀ ਕਿਸੇ ਕੁਦਰਤੀ ਆਫਤ ਕਾਰਣ ਕਿਸਾਨ ਦੀ ਫਸਲ ਮਰਦੀ ਹੈ ਤਾਂ ਇਹ ਨਾ ਸਮਝੋ ਕਿ ਕਿਸਾਨ ਦੀ ਹੀ ਫਸਲ ਮਰੀ ਹੈ ਸਗੋਂ ਇਸ ਨਾਲ ਹਰ ਵਰਗ ਨੂੰ ਮਾਰ ਝੱਲਣੀ ਪੈਂਦੀ ਹੈ। ਇਸ ਮੌਕੇ ਮਨਰੇਗਾ ਕਰਮਚਾਰੀ ਬਲਾਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ-ਪੱਤਰ ਵੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਨੂੰ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਸੰਸਦ ਮੈਂਬਰ ਸਾਧੂ ਸਿੰਘ, ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਜਿਲਾ ਪ੍ਰਧਾਨ ਨਸੀਬ ਬਾਵਾ ਹਿੰਮਤਪੁਰਾ, ਨੀਨਾ ਗੁਪਤਾ ਪ੍ਰਧਾਨ ਪੰਜਾਬ ਵਪਾਰ ਮੰਡਲ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।





 


Related News