''ਭਗਵੰਤ ਮਾਨ'' ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਨੋਟਿਸ ਜਾਰੀ
Saturday, Apr 27, 2019 - 09:44 AM (IST)
ਸੰਗਰੂਰ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਲਈ ਇਕ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਰਹਿਣ ਵਾਲੇ ਇਕ ਸ਼ਖਸ ਨੇ ਚੋਣ ਕਮਿਸ਼ਨ ਨੂੰ ਭਗਵੰਤ ਮਾਨ ਦੀ ਸ਼ਿਕਾਇਤ ਕੀਤੀ ਹੈ ਕਿ ਭਗਵੰਤ ਮਾਨ ਨੇ ਸਾਲ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਆਪਣੇ ਚੋਣ ਖਰਚਿਆਂ ਦਾ ਵੇਰਵਾ ਨਹੀਂ ਦਿੱਤਾ ਸੀ। ਸ਼ਿਕਾਇਤ ਕਰਤਾ ਨੇ ਭਗਵੰਤ ਮਾਨ 'ਤੇ ਕਾਨੂੰਨੀ ਕਾਰਵਾਈ ਕਰਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਾ ਲੜਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਸੰਗਰੂਰ ਦੇ ਏ. ਡੀ. ਸੀ. ਵਲੋਂ ਭਗਵੰਤ ਮਾਨ ਨੂੰ ਨੋਟਿਸ ਜਾਰੀ ਕਰਕੇ 24 ਘੰਟਿਆਂ ਅੰਦਰ ਜਵਾਬ ਤਲਬ ਕਰਨ ਲਈ ਕਿਹਾ ਗਿਆ ਹੈ।
ਸ਼ਿਕਾਇਤ ਕਰਤਾ ਸਿਮਰਨਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਭਗਵੰਤ ਮਾਨ ਨੇ ਜਾਣ-ਬੁੱਝ ਕੇ ਰਜਿਸਟਰ 'ਚ ਆਪਣੇ ਚੋਣ ਖਰਚਿਆਂ ਦਾ ਵੇਰਵਾ ਨਹੀਂ ਦਿੱਤਾ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਮਾਨ ਨੇ ਆਪਣੇ ਚੋਣ ਖਰਚੇ ਖਾਤੇ 'ਚ ਕੋਈ ਪੈਸਾ ਜਮ੍ਹਾਂ ਨਹੀਂ ਕੀਤਾ, ਜੋ ਕਿ ਸਪੱਸ਼ਟ ਤੌਰ 'ਤੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਹੈ, ਇਸ ਲਈ ਉਨ੍ਹਾਂ ਵਲੋਂ ਭਗਵੰਤ ਮਾਨ ਨੂੰ ਚੋਣ ਲੜਾਉਣ ਤੋਂ ਰੋਕਣ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਭਗਵੰਤ ਮਾਨ ਵਲੋਂ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ 'ਆਪ' ਦੀ ਪੰਜਾਬ ਲੀਡਰਸ਼ਿਪ ਨਾਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ।