ਕਿਸਾਨਾਂ ਦੇ ਹੱਕ 'ਚ ਇਕਜੁੱਟਤਾ ਲਈ 'ਭਗਵੰਤ ਮਾਨ' ਨੇ ਸੰਸਦ ਮੈਂਬਰਾਂ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

Friday, Jul 16, 2021 - 05:22 PM (IST)

ਕਿਸਾਨਾਂ ਦੇ ਹੱਕ 'ਚ ਇਕਜੁੱਟਤਾ ਲਈ 'ਭਗਵੰਤ ਮਾਨ' ਨੇ ਸੰਸਦ ਮੈਂਬਰਾਂ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

ਚੰਡੀਗੜ੍ਹ : ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ 'ਪੀਪਲਜ ਵ੍ਹਿੱਪ' ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਇੱਕ ਚਿੱਠੀ ਲਿਖ ਕੇ ਕਿਸਾਨਾਂ ਦੀ ਆਵਾਜ਼ ਬਣਨ ਦੀ ਅਪੀਲ ਕੀਤੀ ਹੈ। ਚਿੱਠੀ ਦੇ ਰਾਹੀਂ ਭਗਵੰਤ ਮਾਨ ਨੇ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਕੇਂਦਰ ਵੱਲੋਂ ਥੋਪੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕੀ ਹੈ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਨੇ ਕੋਈ ਵੀ ਗੰਭੀਰਤਾ ਨਹੀਂ ਦਿਖਾਈ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਪ੍ਰਧਾਨ ਬਣਨ ਦੇ ਰੌਲੇ ਮਗਰੋਂ 'ਸੋਨੀਆ' ਨੂੰ ਮਿਲੇ 'ਨਵਜੋਤ ਸਿੱਧੂ'

ਮਾਨ ਨੇ ਕਿਹਾ ਕਿ ਇਸ ਸੰਘਰਸ਼ ਦੇ ਦੌਰਾਨ ਕਿਸਾਨ ਆਪਣੇ ਕਰੀਬ 200 ਤੋਂ ਜ਼ਿਆਦਾ ਸਾਥੀਆਂ ਨੂੰ ਖੋਹ ਚੁੱਕੇ ਹਨ ਅਤੇ ਹੁਣ ਸਮਾਂ ਹੈ ਕਿ ਕੇਂਦਰ ਸਰਕਾਰ ਇਸ ਸਬੰਧੀ ਠੋਸ ਫ਼ੈਸਲਾ ਲੈਂਦੇ ਹੋਏ ਕਿਸਾਨਾਂ ਦੀ ਮੰਗ ਅਨੁਸਾਰ ਇਹ ਕਾਲੇ ਕਾਨੂੰਨ ਵਾਪਸ ਲਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਤੋਂ ਸੰਸਦ ਮੈਂਬਰ ਹੋਣ ਦੇ ਨਾਲ-ਨਾਲ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਸੰਸਦ ਮੈਂਬਰਾਂ ਨੂੰ ਅਪੀਲ ਕਰਦੇ ਹਨ ਕਿ ਕਿਸਾਨਾਂ ਦੇ ਮਸਲੇ 'ਤੇ ਸਾਰੇ ਮੈਂਬਰ ਇਕਜੁੱਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਹੱਲਾ ਬੋਲਣ ਤਾਂ ਜੋ ਸਰਕਾਰ ਇਸ ਸਬੰਧੀ ਕੋਈ ਠੋਸ ਫ਼ੈਸਲਾ ਲਵੇ।

ਇਹ ਵੀ ਪੜ੍ਹੋ : ਸ਼ਰਾਬੀ ਭਤੀਜੇ ਨੇ ਦਿੱਤਾ ਖੌਫ਼ਨਾਕ ਵਾਰਦਾਤ ਨੂੰ ਅੰਜਾਮ, ਪੱਥਰ ਮਾਰ-ਮਾਰ ਬੇਰਹਿਮੀ ਨਾਲ ਕਤਲ ਕੀਤਾ ਚਾਚਾ

ਮਾਨ ਨੇ ਕਿਹਾ ਕਿ ਸੰਸਦ ਦਾ ਮਾਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਦੌਰਾਨ ਉਹ ਆਪਣੇ ਤੌਰ 'ਤੇ ਵੀ ਕਿਸਾਨੀ ਕਾਨੂੰਨਾਂ ਸਬੰਧੀ ਕਈ ਪ੍ਰਸ਼ਨ ਸਪੀਕਰ ਸਾਹਿਬ ਦੀ ਮਨਜ਼ੂਰੀ ਨਾਲ ਲੋਕ ਸਭਾ ਵਿੱਚ ਰੱਖਣਗੇ। ਉਨ੍ਹਾਂ ਸੰਸਦ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਕਿਸਾਨਾਂ ਦੇ ਹੁਕਮ ਮੰਨਦਿਆਂ ਸੈਸ਼ਨ ਦੌਰਾਨ ਬਾਈਕਾਟ ਜਾਂ ਵਾਕਆਊਟ ਤੋਂ ਗੁਰੇਜ਼ ਕੀਤਾ ਜਾਵੇ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਸੰਸਦ ਦੇ ਅੰਦਰ ਰਹਿ ਕੇ ਹੀ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇ ਕਿਉਂਕਿ ਕਿਸਾਨ ਸਾਡੇ ਦੇਸ਼ ਦੇ ਅੰਨਦਾਤਾ ਅਤੇ ਰੀੜ੍ਹ ਦੀ ਹੱਡੀ ਹਨ। ਇਸ ਲਈ ਕਿਸਾਨਾਂ ਦੀ ਆਵਾਜ਼ ਨੂੰ ਹਾਕਮਾਂ ਤੱਕ ਪਹੁੰਚਾਉਣਾ ਸਮੂਹ ਸੰਸਦ ਮੈਂਬਰਾਂ ਦੀ ਜ਼ਿੰਮੇਵਾਰੀ ਅਤੇ ਧਰਮ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁੜ 'ਸਕੂਲ' ਖੋਲ੍ਹਣ ਦੀ ਤਿਆਰੀ, ਸਿਹਤ ਵਿਭਾਗ ਨੇ ਸਟਾਫ਼ ਸਬੰਧੀ ਮੰਗੀ ਇਹ ਰਿਪੋਰਟ

ਮਾਨ ਨੇ ਕਿਹਾ ਲੋਕਾਂ ਦੀ ਆਵਾਜ਼ ਬੁਲੰਦ ਕਰ ਰਹੀਆਂ ਤ੍ਰਿਣਮੂਲ ਕਾਂਗਰਸ ਪਾਰਟੀ, ਸਮਾਜਵਾਦੀ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਨੂੰ ਰਾਜਨੀਤੀ ਅਤੇ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਲੋਕਾਂ ਦਾ ਨੁਮਾਇੰਦਾ ਹੋਣ ਦੇ ਨਾਤੇ ਉਹ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਵੀ ਜ਼ਰੂਰ ਮਿਲਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News