ਮੁੱਖ ਮੰਤਰੀ ਨੇ 20 ''ਆਪ'' ਮੰਤਰੀਆਂ-ਵਿਧਾਇਕਾਂ ਨਾਲ ਕੀਤੀ ਬੈਠਕ, ਕਾਰਪੋਰੇਸ਼ਨ ਚੋਣਾਂ ਸਬੰਧੀ ਤਿਆਰ ਹੋਣ ਲਈ ਕਿਹਾ

Thursday, May 05, 2022 - 09:29 AM (IST)

ਮੁੱਖ ਮੰਤਰੀ ਨੇ 20 ''ਆਪ'' ਮੰਤਰੀਆਂ-ਵਿਧਾਇਕਾਂ ਨਾਲ ਕੀਤੀ ਬੈਠਕ, ਕਾਰਪੋਰੇਸ਼ਨ ਚੋਣਾਂ ਸਬੰਧੀ ਤਿਆਰ ਹੋਣ ਲਈ ਕਿਹਾ

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ 'ਚ ਆਉਂਦੀਆਂ ਕਾਰਪੋਰੇਸ਼ਨ ਚੋਣਾਂ ਅਤੇ ਵਿਕਾਸ ਕੰਮਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਸੂਬੇ ਦੇ 20 ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਉੱਚ ਪੱਧਰੀ ਬੈਠਕ ਕੀਤੀ। ਬੈਠਕ ਵਿਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਕੈਬਨਿਟ ਮੰਤਰੀ ਮੀਤ ਹੇਅਰ, ਡਾ. ਵਿਜੇ ਸਿੰਗਲਾ ਸਮੇਤ ਪਾਰਟੀ ਦੇ ਸੀਨੀਅਰ ਵਿਧਾਇਕ ਮੌਜੂਦ ਸਨ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਨੇ ਦੱਸਿਆ ਕਿ ਬੈਠਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਵਿਧਾਨ ਸਭਾ ਖੇਤਰਾਂ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਲੈ ਕੇ ਚਰਚਾ ਕੀਤੀ ਅਤੇ ਨਾਲ ਹੀ ਮੁੱਖ ਮੰਤਰੀ ਨੇ ਵਿਧਾਇਕਾਂ ਤੋਂ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਨੂੰ ਲੈ ਕੇ ਜਨਤਾ ਦਾ ਫੀਡ ਬੈਕ ਵੀ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ : UT ਪ੍ਰਸ਼ਾਸਨ ਨੇ ਵਾਪਸ ਲਏ 'ਨੋ ਵੈਕਸੀਨ, ਨੋ ਸਕੂਲ' ਦੇ ਹੁਕਮ, ਹੁਣ ਨਹੀਂ ਖ਼ਰਾਬ ਹੋਵੇਗੀ ਬੱਚਿਆਂ ਦੀ ਪੜ੍ਹਾਈ

ਬੈਠਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਂਦੀਆਂ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਵੀ ਮੰਤਰੀਆਂ ਅਤੇ ਵਿਧਾਇਕਾਂ ਦੇ ਵਿਚਾਰ ਹਾਸਲ ਕੀਤੇ। ਪੰਜਾਬ ਸਰਕਾਰ ਨੇ ਕਾਰਪੋਰੇਸ਼ਨ ਦੀਆਂ ਚੋਣਾਂ ਅਗਲੇ ਕੁੱਝ ਮਹੀਨਿਆਂ ਦੇ ਅੰਦਰ ਕਰਵਾਉਣੀਆਂ ਹਨ। ਇਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਪੁੱਛਿਆ ਕਿ ਸਰਕਾਰ ਨੂੰ ਆਉਣ ਵਾਲੇ ਦਿਨਾਂ ਵਿਚ ਹੋਰ ਕਿਹੜੇ-ਕਿਹੜੇ ਕਦਮ ਚੁੱਕਣੇ ਚਾਹੀਦੇ ਹਨ, ਜਿਸ ਨਾਲ ਜਨਤਾ ਪਾਰਟੀ ਦੇ ਨਾਲ ਜੁੜੀ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਜਨਤਾ ਦੇ ਨਾਲ ਸੰਪਰਕ ਬਣਾ ਕੇ ਰੱਖਣ ਅਤੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨ। ਭਗਵੰਤ ਮਾਨ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਪੁੱਛਿਆ ਕਿ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿਚ ਕਾਰਪੋਰੇਸ਼ਨ ਸ਼ਹਿਰਾਂ ਵਿਚ ਹੋਰ ਕਿਹੜੇ-ਕਿਹੜੇ ਕਦਮ ਚੁੱਕੇ ਜਾਣ ਅਤੇ ਕਿਹੜੇ-ਕਿਹੜੇ ਪ੍ਰਾਜੈਕਟਾਂ ਲਈ ਸਰਕਾਰ ਵੱਲੋਂ ਫੰਡ ਰਿਲੀਜ਼ ਕੀਤੇ ਜਾਣ।

ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ, ਮਾਨ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ

ਕਾਰਪੋਰੇਸ਼ਨ ਚੋਣਾਂ ਦੀਆਂ ਸੰਭਾਵਿਤ ਤਾਰੀਖਾਂ ਨੂੰ ਲੈ ਕੇ ਵੀ ਮੁੱਖ ਮੰਤਰੀ ਨੇ ‘ਆਪ’ ਵਿਧਾਇਕਾਂ ਤੋਂ ਉਨ੍ਹਾਂ ਦੇ ਵਿਚਾਰਾਂ ਨੂੰ ਜਾਣਿਆ। ਕੁੱਝ ਵਿਧਾਇਕਾਂ ਦਾ ਮੰਨਣਾ ਸੀ ਕਿ ਸਰਕਾਰ ਨੂੰ ਛੇਤੀ ਤੋਂ ਛੇਤੀ ਕਾਰਪੋਰੇਸ਼ਨ ਦੀਆਂ ਚੋਣਾਂ ਕਰਵਾ ਦੇਣੀਆਂ ਚਾਹੀਦੀਆਂ ਹਨ। ਇਸ ਵਿਚ ਦੇਰੀ ਕਰਨਾ ਉਚਿਤ ਨਹੀਂ ਹੈ, ਜਦੋਂ ਕਿ ਕੁੱਝ ਵਿਧਾਇਕਾਂ ਨੇ ਕਿਹਾ ਕਿ ਸਰਕਾਰ ਨੂੰ ਅਜੇ ਕੁੱਝ ਹੋਰ ਮਹੱਤਵਪੂਰਨ ਐਲਾਨਾਂ ਨੂੰ ਪੂਰਾ ਕਰਨਾ ਚਾਹੀਦਾ ਹੈ, ਜਿਸ ਤੋਂ ਬਾਅਦ ਕਾਰਪੋਰੇਸ਼ਨ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News