ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨਿੱਜੀ ਮੁਫ਼ਾਦ ਲਈ ਸਾਡੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ

Tuesday, Sep 06, 2022 - 04:35 PM (IST)

ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨਿੱਜੀ ਮੁਫ਼ਾਦ ਲਈ ਸਾਡੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਰਸੂਖ਼ਦਾਰ ਸਿਆਸੀ ਪਰਿਵਾਰਾਂ ਦੇ ਨਿੱਜੀ ਮੁਫ਼ਾਦ ਹੋਣ ਕਰਕੇ ਸੂਬਾ ਵਿਕਾਸ ਪੱਖੋਂ ਪੱਛੜ ਗਿਆ ਅਤੇ ਸਾਡੇ ਨੌਜਵਾਨਾਂ ਕੋਲੋਂ ਰੁਜ਼ਗਾਰ ਦੇ ਮੌਕੇ ਖੁੱਸ ਗਏ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬਧੋਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਪਰਿਵਾਰਾਂ ਨੇ ਨਿੱਜੀ ਹਿੱਤ ਪਾਲਣ ਲਈ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਕੈਦੀਆਂ ਲਈ ਚੰਗੀ ਖ਼ਬਰ, ਪਰਿਵਾਰ ਨਾਲ ਮੁਲਾਕਾਤ ਲਈ ਜਾਰੀ ਹੋਵੇਗਾ ਨਵਾਂ ਨਿਯਮ

ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਆਪਣੇ ਨਿੱਜੀ ਫ਼ਾਇਦਿਆਂ ਲਈ ਸੂਬੇ ਦੇ ਹਿੱਤ ਦਾਅ 'ਤੇ ਲਾਉਣ ਤੋਂ ਵੀ ਗੁਰੇਜ਼ ਨਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਪੰਜਾਬ ਅਤੇ ਸਾਡੇ ਨੌਜਵਾਨਾਂ ਨਾਲ ਧ੍ਰੋਹ ਕਮਾਇਆ ਹੈ, ਜਿਸ ਕਰਕੇ ਹੀ ਇਨ੍ਹਾਂ ਨੂੰ ਬਾਹਰ ਦਾ ਰਾਹ ਦੇਖਣਾ ਪਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਟਾਟਾ ਗਰੁੱਪ ਸੂਬੇ ਵਿਚ ਲੁਧਿਆਣਾ ਨੇੜੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਵੱਡਾ ਪ੍ਰਾਜੈਕਟ ਸਥਾਪਿਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਟਾਟਾ ਸਟੀਲ ਵੱਲੋਂ ਜਮਸ਼ੇਦਪੁਰ ਤੋਂ ਬਾਅਦ ਵੱਡਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਹੋਰ ਉਦਯੋਗਿਕ ਪ੍ਰਾਜੈਕਟ ਵੀ ਸਥਾਪਿਤ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ 'ਚ ਵਧਿਆ ਸਾਈਬਰ ਅਪਰਾਧ, ਰੋਜ਼ਾਨਾ ਲੱਖਾਂ ਦੀ ਠੱਗੀ ਦਾ ਸ਼ਿਕਾਰ ਹੋ ਰਹੇ ਲੋਕ

ਮੁੱਖ ਮੰਤਰੀ ਨੇ ਕਿਹਾ, 'ਪੰਜਾਬ ਦੇ ਸੁਖਾਵੇਂ ਮਾਹੌਲ ਸਦਕਾ ਵੱਡੀਆਂ ਕੰਪਨੀਆਂ ਨਿਵੇਸ਼ ਕਰ ਰਹੀਆਂ ਹਨ ਅਤੇ ਹੁਣ ਪ੍ਰਾਜੈਕਟ ਸਥਾਪਿਤ ਕਰਨ ਲਈ ਸਿੱਧਾ ਪੰਜਾਬ ਨਾਲ ਐੱਮ. ਓ. ਯੂ. ਕੀਤਾ ਜਾਂਦਾ ਹੈ, ਜਦਕਿ ਇਸ ਤੋਂ ਪਹਿਲਾਂ ਨਿਵੇਸ਼ਕਾਰਾਂ ਨੂੰ ਸੱਤਾਧਾਰੀ ਸਿਆਸੀ ਪਰਿਵਾਰਾਂ ਨਾਲ ‘ਐੱਮ. ਓ. ਯੂ.’ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ, ਜਿਸ ਕਰਕੇ ਨਿਵੇਸ਼ਕਾਰ ਪੰਜਾਬ ਤੋਂ ਮੂੰਹ ਫੇਰ ਲੈਂਦੇ ਸਨ।' ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਸੱਤਾਧਾਰੀ ਅਜਿਹੇ ਪ੍ਰਾਜੈਕਟਾਂ ਤੋਂ ਇਨ੍ਹਾਂ ਪਰਿਵਾਰਾਂ ਨੂੰ ਮਿਲਣ ਵਾਲੇ ਫ਼ਾਇਦਾ ਪੁੱਛਦੇ ਸਨ ਪਰ ਹੁਣ ਅਸੀਂ ਇਨ੍ਹਾਂ ਪ੍ਰਾਜੈਕਟਾਂ ਨਾਲ ਨੌਜਵਾਨਾਂ ਨੂੰ ਮਿਲਣ ਵਾਲੀਆਂ ਨੌਕਰੀਆਂ ਪੁੱਛਦੇ ਹਾਂ।

ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਇਹ ਪ੍ਰਾਪਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਹਨਤ ਕਰਨ ਵਾਲੇ ਨੌਜਵਾਨ ਇਸ ਨੌਕਰੀ ਦੇ ਹੱਕਦਾਰ ਹਨ ਕਿਉਂਕਿ ਉਹ ਕਰੜੇ ਇਮਤਿਹਾਨ ਵਿੱਚੋਂ ਲੰਘ ਕੇ ਮੈਰਿਟ ਦੇ ਆਧਾਰ 'ਤੇ ਚੁਣੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਭਰਤੀ ਵੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾ ਰਹੀ ਹੈ, ਜਿਸ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ।  
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News