ਕਾਂਗਰਸ ਸਰਕਾਰ ਹਰ ਫਰੰਟ ''ਤੇ ਫੇਲ : ਭਗਵੰਤ ਮਾਨ

10/12/2017 6:52:42 AM

ਸੰਗਰੂਰ(ਬੇਦੀ)-ਸੰਗਰੂਰ ਤੋਂ ਲੋਕ ਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸੂਬਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਐੱਨ. ਜੀ. ਟੀ. ਦਾ ਫੈਸਲਾ ਤਾਂ ਲਾਗੂ ਕਰ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਹੁਕਮ ਜਾਰੀ ਕਰ ਦਿੱਤੇ ਪਰ ਐੱਨ. ਜੀ. ਟੀ. ਨੇ ਸਰਕਾਰ ਨੂੰ ਇਹ ਵੀ ਕਿਹਾ ਸੀ ਕਿ ਕਿਸਾਨਾਂ ਨੂੰ ਨਵੇਂ ਔਜ਼ਾਰ ਮੁਹੱਈਆ ਕਰਵਾਏ ਜਾਣ ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਭਗਵੰਤ ਮਾਨ ਅੱਜ ਸੰਗਰੂਰ ਪੁੱਜੇ ਹੋਏ ਸਨ ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮਾਨ ਨੇ ਕਿਹਾ ਕਿ ਸਰਕਾਰ ਨੂੰ ਇਸਦਾ ਢੁੱਕਵਾਂ ਹੱਲ ਲੱਭਣਾ ਚਾਹੀਦਾ ਹੈ ਕਿਉਂਕਿ ਸੂਬੇ ਦਾ ਕਿਸਾਨ ਪਹਿਲਾਂ ਹੀ ਆਰਥਿਕ ਪੱਖੋਂ ਬੁਰੀ ਤਰ੍ਹਾਂ ਟੁੱਟ ਚੁੱਕਾ ਹੈ ਅਤੇ ਜੇਕਰ ਉਹ ਪਰਾਲੀ ਨੂੰ ਨਹੀਂ ਸਾੜਦਾ ਤਾਂ ਉਸ 'ਤੇ ਆਉਣ ਵਾਲੇ ਖਰਚੇ ਨੂੰ ਚੁੱਕਣ ਵਿਚ ਅਸਮਰੱਥ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਪਰਾਲੀ ਦੇ ਮੁੱਦੇ 'ਤੇ ਉਹ ਕਿਸਾਨਾਂ ਨਾਲ ਖੜ੍ਹੇ ਹਨ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਤੇ ਇਹ ਸਰਕਾਰ ਅੱਜ ਹਰ ਫਰੰਟ 'ਤੇ ਫੇਲ ਸਾਬਤ ਹੋ ਰਹੀ ਹੈ। ਉਹ ਨਹੀਂ ਚਾਹੁੰਦੇ ਕਿ ਕਿਸਾਨਾਂ ਤੇ ਸਰਕਾਰ ਵਿਚਕਾਰ ਕਿਸੇ ਤਰ੍ਹਾਂ ਦੀ ਟਕਰਾਓ ਵਾਲੀ ਸਥਿਤੀ ਪੈਦਾ ਹੋਵੇ ਪਰ ਜੋ ਹਾਲਾਤ ਬਣ ਰਹੇ ਹਨ ਕਿਸਾਨੀ ਲਈ ਚੰਗੇ ਨਹੀਂ ਹਨ।