ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨੇ 80 ਨਵੇਂ ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਕੀਤੇ ਸਮਰਪਿਤ

Saturday, May 06, 2023 - 09:54 AM (IST)

ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨੇ 80 ਨਵੇਂ ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਕੀਤੇ ਸਮਰਪਿਤ

ਲੁਧਿਆਣਾ/ਚੰਡੀਗੜ੍ਹ/ਜਲੰਧਰ (ਸਹਿਗਲ, ਅਸ਼ਵਨੀ, ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੰਦਰੁਸਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਵੱਲ ਇਕ ਹੋਰ ਪੁਲਾਂਘ ਪੁੱਟਦੇ ਹੋਏ ਸ਼ੁੱਕਰਵਾਰ ਨੂੰ 80 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ’ਚ ਚੱਲ ਰਹੇ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 580 ਹੋ ਗਈ ਹੈ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਹੁਣ ਸੂਬੇ ’ਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਲਗਭਗ 580 ਆਮ ਆਦਮੀ ਕਲੀਨਿਕ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਹ 580 ਕਲੀਨਿਕ 3 ਪੜਾਵਾਂ ’ਚ ਸੂਬੇ ਦੇ ਲੋਕਾਂ ਦੀ ਸੇਵਾ ’ਚ ਸ਼ਾਮਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ’ਚ ਮੀਲ ਪੱਥਰ ਸਾਬਤ ਹੋਏ ਹਨ ਅਤੇ ਬੜੇ ਸੁਚਾਰੂ ਢੰਗ ਨਾਲ ਬਾਖੂਬੀ ਕੰਮ ਕਰ ਰਹੇ ਹਨ।

26.63 ਲੱਖ ਲੋਕ ਲੈ ਚੁੱਕੇ ਹਨ ਆਮ ਆਦਮੀ ਕਲੀਨਿਕਾਂ ਦਾ ਲਾਭ
ਮੁੱਖ ਮੰਤਰੀ ਨੇ ਕਿਹਾ ਕਿ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਦੇ 26.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ’ਤੇ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ ਕੁੱਲ 1.78 ਲੱਖ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਟੈਸਟ ਕਰਵਾਏ ਹਨ।

ਇਹ ਵੀ ਪੜ੍ਹੋ : ਜਲੰਧਰ ਉਪ-ਚੋਣ : ਕੇਜਰੀਵਾਲ 6 ਨੂੰ ਕਰਨਗੇ ਰੋਡ ਸ਼ੋਅ, ਭਗਵੰਤ ਮਾਨ 8 ਤਕ ਕਰਨਗੇ ਧੂੰਆਂਧਾਰ ਪ੍ਰਚਾਰ

ਬੀਮਾਰੀਆਂ ਦਾ ਡੇਟਾਬੇਸ ਹੋ ਰਿਹੈ ਤਿਆਰ
ਮੁੱਖ ਮੰਤਰੀ ਨੇ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਇਹ ਵੀ ਹੈ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ’ਚ ਫੈਲੀਆਂ ਵੱਖ-ਵੱਖ ਬੀਮਾਰੀਆਂ ਦੀ ਜਾਂਚ ਕਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਜਿਹੀਆਂ ਬੀਮਾਰੀਆਂ ਦਾ ਟਾਕਰਾ ਕਰਨ ਲਈ ਇਕ ਡੇਟਾਬੇਸ ਤਿਆਰ ਕਰਨ ’ਚ ਸਰਕਾਰ ਦੀ ਭਰਪੂਰ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ’ਚ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਸਾਡੇ ਅਖੌਤੀ ਤਜਰਬੇਕਾਰ ਸਿਆਸਤਦਾਨਾਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਆਲੀਸ਼ਾਨ ਆਰਾਮਗਾਹਾਂ ਦੀਆਂ ਉੱਚੀਆਂ ਕੰਧਾਂ ਓਹਲੇ ਖੁਦ ਨੂੰ ਕੈਦ ਕਰ ਲਿਆ ਹੈ, ਜਿਸ ਕਾਰਨ ਲੋਕ ਇਨ੍ਹਾਂ ਤੋਂ ਕਿਨਾਰਾ ਕਰਨ ਲੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਵਲੋਂ ਆਮ ਆਦਮੀ ਨੂੰ ਹਮੇਸ਼ਾ ਹੀ ਠੱਗਿਆ ਤੇ ਲਤਾੜਿਆ ਗਿਆ ਹੈ, ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ।

ਸਿੱਖਿਆ ਖੇਤਰ ’ਚ ਹੋਵੇਗਾ ਸੁਧਾਰ
ਮਿਆਰੀ ਸਿੱਖਿਆ ਨੂੰ ਗਰੀਬਾਂ ਨੂੰ ਦਰਪੇਸ਼ ਸਾਰੀਆਂ ਬੀਮਾਰੀਆਂ ਦਾ ਇਲਾਜ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਉਹ ਤਾਕਤ ਹੈ, ਜੋ ਗਰੀਬੀ ਦੇ ਝੰਬੇ ਲੋਕਾਂ ਨੂੰ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਸੂਬਾ ਸਰਕਾਰ ਸੂਬੇ ’ਚ ਸਿੱਖਿਆ ਖੇਤਰ ਦੇ ਸੁਧਾਰ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।

ਬਿਜਲੀ ਕੱਟਾਂ ਦਾ ਖਤਰਾ ਨਹੀਂ, 37 ਦਿਨ ਦਾ ਕੋਲਾ ਭੰਡਾਰ ਉਪਲਬਧ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਅੱਜ ਵਾਧੂ ਬਿਜਲੀ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ’ਚ ਸੂਬੇ ’ਚ ਹਨੇਰੇ ਦਾ ਖਤਰਾ ਮੰਡਰਾਉਂਦਾ ਰਹਿੰਦਾ ਸੀ, ਜਦੋਂਕਿ ਹੁਣ ਬਿਜਲੀ ਪੈਦਾ ਕਰਨ ਲਈ ਸਾਡੇ ਕੋਲ 37 ਦਿਨਾਂ ਦੇ ਕੋਲੇ ਦਾ ਭੰਡਾਰ ਉਪਲਬਧ ਹੈ। ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਹਰ ਖੇਤਰ ਨੂੰ ਭਾਵੇਂ ਉਹ ਖੇਤੀਬਾੜੀ ਹੋਵੇ, ਉਦਯੋਗ ਜਾਂ ਘਰੇਲੂ ਖੇਤਰ, ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟ ਆਗੂ ਮਾਨਸਿਕ ਰੋਗੀ ਹੁੰਦੇ ਹਨ। ਇਸੇ ਕਾਰਨ ਅਜਿਹੇ ਆਗੂਆਂ ਨੂੰ ਜੇਲ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਲਈ ਇਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਤੋਂ ਲੋਕਾਂ ਦੀ ਲੁੱਟ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਜੇਲਾਂ ’ਚ ਡੱਕਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ’ਚ ਯੋਗ ਨੌਜਵਾਨਾਂ ਨੂੰ 29,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸਮਰੱਥਾ ਦੇ ਆਧਾਰ ’ਤੇ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਕੀ RDF ਦੇ 1000 ਕਰੋੜ ਦੇ ਘਾਟੇ ਦਾ ਮੁੱਦਾ ਭਾਜਪਾ ਨੇਤਾ PM ਸਾਹਮਣੇ ਉਠਾਉਣ ਦੀ ਹਿੰਮਤ ਰੱਖਦੇ ਹਨ : ਭਗਵੰਤ ਮਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News