CM ਭਗਵੰਤ ਮਾਨ ਦਾ ਐਲਾਨ: ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਬਣਾਏ ਜਾਣਗੇ ਨਵੇਂ ਜੱਚਾ-ਬੱਚਾ ਸਿਹਤ ਕੇਂਦਰ
Saturday, Jun 25, 2022 - 06:33 PM (IST)
ਚੰਡੀਗੜ੍ਹ (ਵੈੱਬ ਡੈਸਕ)— ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਦੂਜੇ ਦਿਨ ਦੀ ਕਾਰਵਾਈ ਕੀਤੀ ਗਈ। ਦੂਜੇ ਦਿਨ ਦੀ ਕਾਰਵਾਈ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿੱਥੇ ਰਾਜਪਾਲ ਦੇ ਭਾਸ਼ਣ ਦਾ ਜਵਾਬ ਦਿੱਤਾ ਗਿਆ, ਉਥੇ ਹੀ ਪੰਜਾਬ ਨੂੰ ਨਵੀਆਂ ਸਹੂਲਤਾਂ ਦੇਣ ਦਾ ਵੀ ਜ਼ਿਕਰ ਕੀਤਾ ਗਿਆ। ਇਸ ਦੇ ਨਾਲ ਹੀ ਗਰਭਵਤੀ ਔਰਤਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ। ਭਾਸ਼ਣ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ 7 ਨਵੇਂ ਜੱਚਾ-ਬੱਚਾ ਸਿਹਤ ਕੇਂਦਰ ਬਣਾਏ ਜਾਣਗੇ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਜੱਚਾ ਤੇ ਬੱਚਾ ਦੋਵਾਂ ਦੀ ਦੇਖਭਾਲ ਕਰਨ ਲਈ ਵਚਨਬੱਧ ਹੈ। ਇਸੇ ਲਈ 7 ਨਵੇਂ ਸਿਹਤ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੁਰਦਾਸਪੁਰ, ਨਾਭਾ, ਰਾਏਕੋਟ, ਪੱਟੀ, ਮੁਕਤਸਰ ਸਾਹਿਬ, ਡੇਰਾ ਬੱਸੀ, ਤਲਵੰਡੀ ਸਾਬੋ ’ਚ ਜੱਚਾ-ਬੱਚਾ ਸਿਹਤ ਕੇਂਦਰਾਂ ਦੀ ਉਸਾਰੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਨ੍ਹਾਂ ’ਚ ਜੱਚਾ-ਬੱਚਾ ਸਿਹਤ ਕੇਂਦਰ ਨਵੀਆਂ ਸਹੂਲਤਾਂ ਨਾਲ ਸਥਾਪਤ ਕੀਤੇ ਜਾਣਗੇ।
ਇਹ ਵੀ ਪੜ੍ਹੋ: ਬਲਾਚੌਰ: ਮਾਪਿਆਂ ਦੇ ਇਕਲੌਤੇ ਪੁੱਤ ਤੇ 5 ਭੈਣਾਂ ਦੇ ਭਰਾ ਦੀ ਸਪੇਨ 'ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਸੂਬਾ ਸਰਕਾਰ ਨੇ ਵੱਡਾ ਉਪਰਾਲਾ ਕਰਦਿਆਂ 2950 ਸੈਂਟਰਾਂ ਨੂੰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਜੋਂ ਅਪਗ੍ਰੇਡ ਕਰਨ ਦਾ ਵੀ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੀ. ਐੱਚ. ਸੀ. ਅਤੇ ਪੀ. ਐੱਚ. ਸੀ. ਨੂੰ ਵੀ ਆਉਣ ਵਾਲੇ ਦਿਨਾਂ ’ਚ 5 ਸਟਾਰ ਰੇਟਿੰਗ ’ਤੇ ਅਪਗ੍ਰੇਡ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਵੀ ਮਕਾਨ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਆਉਣ ਵਾਲੇ ਦਿਨਾਂ ’ਚ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਲਈ 25 ਹਜ਼ਾਰ ਮਕਾਨ ਬਣਾਉਣ ਦੀ ਸਰਕਾਰ ਦੀ ਤਰਜੀਹ ਹੈ।
ਇਸ ਦੇ ਨਾਲ ਹੀ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰੇਗੀ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬਣਨ 'ਤੇ ਪਹਿਲੇ 100 ਦਿਨਾਂ ਅੰਦਰ ਉਨ੍ਹਾਂ ਦੀ ਸਰਕਾਰ ਵੱਲੋਂ ਬਹੁਤ ਵੱਡੇ, ਇਤਿਹਾਸਕ ਅਤੇ ਨਿਵੇਕਲੇ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚੋਂ ਭ੍ਰਿਸ਼ਟਾਚਾਰ, ਗੈਂਗਸਟਰਵਾਦ ਨੂੰ ਖ਼ਤਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਕ ਵਿਧਾਇਕ ਇਕ ਪੈਨਸ਼ਨ ਵਾਲਾ ਫ਼ੈਸਲਾ ਵੀ ਲਾਗੂ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ ਪੁਲਸ ਹੱਥ ਲੱਗੀ ਕਾਮਯਾਬੀ, ਹਥਿਆਰਾਂ ਤੇ ਵਿਦੇਸ਼ੀ ਕਰੰਸੀ ਸਣੇ 13 ਸ਼ੂਟਰ ਕੀਤੇ ਗ੍ਰਿਫ਼ਤਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ