ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਨਿਰਣਾਇਕ ਅੰਤ ਪਹੁੰਚਾਉਣ ਭਗਵੰਤ ਮਾਨ : ਫਤਿਹ ਬਾਜਵਾ
Friday, Jul 29, 2022 - 07:39 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਸਾਬਕਾ ਮੰਤਰੀਆਂ ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਪੂਰੀ ਇਮਾਨਦਾਰੀ ਨਾਲ ਚਲਾਉਣਾ ਚਾਹੀਦਾ ਹੈ। ਹਾਲ ਹੀ 'ਚ ਕੁਝ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੀ ਦਿੱਲੀ ਹਾਈਕਮਾਂਡ ਦੀ ਦਖਲਅੰਦਾਜ਼ੀ ਕਾਰਨ ਸਾਬਕਾ ਮੰਤਰੀਆਂ ਨੂੰ ਕਥਿਤ ਤੌਰ 'ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਬਚਣ ਦਾ ਰਸਤਾ ਦਿੱਤਾ ਗਿਆ ਸੀ। ਪੰਜਾਬ ਤੋਂ ਭਾਜਪਾ ਦੇ ਸੀਨੀਅਰ ਆਗੂ ਫਤਿਹ ਸਿੰਘ ਬਾਜਵਾ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਦਿੱਲੀ ਵਿੱਚ ਆਪਣੇ ਸਿਆਸੀ ਆਕਾਵਾਂ ਦੇ ਹੱਥਾਂ 'ਚ ਨਾ ਖੇਡਣ ਕਿਉਂਕਿ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਵਜੋਂ ਤੁਹਾਨੂੰ ਵੋਟਾਂ ਪਾਈਆਂ ਹਨ।
ਇਹ ਵੀ ਪੜ੍ਹੋ : 'ਆਪ' ਵਿਧਾਇਕਾਂ ਦੇ ਦਿੱਲੀ ਦੌਰਿਆਂ 'ਤੇ ਗਰਮਾਈ ਸਿਆਸਤ, ਖਹਿਰਾ ਨੇ ਟਵੀਟ ਕਰ ਕਹੀ ਇਹ ਗੱਲ
ਉਹ ਤੁਹਾਨੂੰ ਅਪੀਲ ਕਰਦੇ ਹਨ ਕਿ ਭ੍ਰਿਸ਼ਟਾਚਾਰ ਨਾਲ ਸਬੰਧਿਤ ਸਾਰੇ ਕੇਸਾਂ ਨੂੰ ਨਿਪਟਾਰੇ ਤੱਕ ਪਹੁੰਚਾਉਣ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਪੰਜਾਬ ਦੇ ਲੋਕਾਂ ਤੱਕ ਪਹੁੰਚਾਈ ਜਾਵੇ ਕਿਉਂਕਿ ਉਨ੍ਹਾਂ ਦੀ ਪਾਰਟੀ ਦਾ ਨਾਅਰਾ ਵੀ ਬਦਲਾਅ ਦੇ ਲਈ ਇਕ ਮੌਕਾ ਸੀ। ਸਾਬਕਾ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਦਾਲ 'ਚ ਕੁਝ ਕਾਲਾ ਹੋਣ ਦਾ ਦੋਸ਼ ਲਾਉਂਦਿਆਂ ਫਤਿਹ ਬਾਜਵਾ ਨੇ ਕਿਹਾ ਕਿ ਜਾਂਚ ਏਜੰਸੀ ਨੇ ਸਾਰੇ ਕੇਸ ਖੋਲ੍ਹ ਕੇ ਜਾਂਚ ਕੀਤੀ ਸੀ ਪਰ ਹੁਣ ਜਾਪਦਾ ਹੈ ਕਿ ਇਹ ਬਹੁਤ ਹੀ ਧੀਮੀ ਹੈ ਅਤੇ ਇਸ ਵਿੱਚ ਸ਼ਾਮਲ ਸਿਆਸੀ ਆਕਾਵਾਂ ਨੂੰ ਬਾਹਰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਇਹ ਸਭ ਕਿਸ ਦੇ ਇਸ਼ਾਰੇ 'ਤੇ ਹੋ ਰਿਹਾ ਹੈ ਤੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵਜੋਂ ਭਗਵੰਤ ਮਾਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਕੋਈ ਵੀ ਇਸ ਤੋਂ ਬਚ ਨਾ ਜਾਵੇ।
ਇਹ ਵੀ ਪੜ੍ਹੋ : ਪਾਣੀ ਦੀ ਕਿਉਂ ਪੈਂਦੀ ਹੈ ਮਿੱਡਾ ਪਿੰਡ 'ਚ ਮਾਰ, ਇਸ ਨੌਜਵਾਨ ਨੇ CM ਮਾਨ ਅੱਗੇ ਰੱਖੀ ਸੱਚਾਈ
ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਆਪਣੇ ਹੀ ਸਿਹਤ ਮੰਤਰੀ ਦੇ ਮਾਮਲੇ 'ਚ ਜਿਸ ਵਿੱਚ ਮੁੱਖ ਮੰਤਰੀ ਨੇ ਖੁਦ ਚਸ਼ਮਦੀਦ ਗਵਾਹ ਹੋਣ ਦਾ ਦਾਅਵਾ ਕੀਤਾ ਸੀ, ਮੰਤਰੀ ਅਤੇ ਉਨ੍ਹਾਂ ਦੇ ਪੀ.ਏ. ਦੋਵਾਂ ਨੂੰ ਜ਼ਮਾਨਤ ਮਿਲ ਗਈ ਹੈ। ਇਸੇ ਤਰ੍ਹਾਂ ਜਦੋਂ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਇਹ ਦਾਅਵਾ ਕਰ ਰਹੇ ਹਨ ਕਿ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਪਿੰਡ ਭਗਤੂਪੁਰਾ ਦੀ ਪੰਚਾਇਤੀ ਜ਼ਮੀਨ ਦਾ ਘਪਲਾ ਕਰਕੇ ਖ਼ਜ਼ਾਨੇ ਨੂੰ 28 ਕਰੋੜ ਰੁਪਏ ਦੀ ਠੱਗੀ ਮਾਰੀ ਹੈ ਅਤੇ ਇਸ ਦੀ ਜਾਂਚ ਦੀ ਰਿਪੋਰਟ ਵੀ ਤੁਹਾਨੂੰ ਭੇਜ ਦਿੱਤੀ ਗਈ ਹੈ ਤਾਂ ਫਿਰ ਮੁੱਖ ਮੰਤਰੀ ਦਫ਼ਤਰ ਵੱਲੋਂ ਅਜੇ ਤੱਕ ਕਾਰਵਾਈ ਕਿਉਂ ਨਹੀਂ ਕੀਤੀ ਗਈ। ਮਾਮਲਾ ਸਬੰਧਿਤ ਜਾਂਚ ਏਜੰਸੀ ਨੂੰ ਕਿਉਂ ਨਹੀਂ ਭੇਜਿਆ ਗਿਆ ਅਤੇ ਗ੍ਰਿਫ਼ਤਾਰੀਆਂ ਕਿਉਂ ਨਹੀਂ ਕੀਤੀਆਂ ਗਈਆਂ। ਸਾਬਕਾ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸ਼ਿਕਾਇਤਾਂ ਦੇ ਮੁੱਦੇ 'ਤੇ ਬੋਲਦਿਆਂ ਬਾਜਵਾ ਨੇ ਕਿਹਾ ਕਿ ਸਾਬਕਾ ਮੰਤਰੀ ਖ਼ਿਲਾਫ਼ ਲੱਗੇ ਦੋਸ਼ਾਂ ਦੀ ਵਿਜੀਲੈਂਸ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ : ਭਾਰੀ ਮੀਂਹ ਕਾਰਨ ਡਿੱਗੀ ਛੱਤ, ਮਲਬੇ ਹੇਠਾਂ ਦੱਬੇ ਚਾਚਾ-ਭਤੀਜਾ (ਵੀਡੀਓ)
ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਛੋਟੇ ਠੇਕੇਦਾਰਾਂ ਨਾਲ ਧੱਕਾ ਕਰਦਿਆਂ 2000 ਕਰੋੜ ਰੁਪਏ ਦਾ ਘਪਲਾ ਹੋਇਆ ਹੈ। ਹੁਣ ਤੱਕ ਜਾਂਚ ਏਜੰਸੀ ਨੇ ਸਾਬਕਾ ਮੰਤਰੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਉਂ ਨਹੀਂ ਕਿਹਾ? 'ਆਪ' ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦਾਅਵਾ ਕੀਤਾ ਸੀ ਕਿ ਪਿਛਲੀ ਸਰਕਾਰ ਵੇਲੇ ਜੈਪੁਰ ਤੋਂ 825 ਪੀ.ਆਰ.ਟੀ.ਸੀ. ਬੱਸਾਂ ਲਈ ਬਣਵਾਈਆਂ ਗਈਆਂ ਬਾਡੀਜ਼ ਘਟੀਆ ਕੁਆਲਿਟੀ ਦੀਆਂ ਸਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਾਹਿਰ ਹੈ ਕਿ ਇਸ ਵਿੱਚ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਭੂਮਿਕਾ ਹੋ ਸਕਦੀ ਹੈ ਪਰ ਜਾਂਚ ਏਜੰਸੀ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ ਵਾਲੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਕਿਉਂ ਨਹੀਂ ਕਰ ਰਹੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।