ਪੰਜਾਬ 'ਚ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਤਿਆਰ CM ਭਗਵੰਤ ਮਾਨ, ਲਿਆ ਇਹ ਸਖ਼ਤ ਫ਼ੈਸਲਾ
Tuesday, Apr 05, 2022 - 01:47 PM (IST)
ਚੰਡੀਗੜ੍ਹ : ਪੰਜਾਬ 'ਚ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੀ ਤਿਆਰੀ ਖਿੱਚ ਲਈ ਹੈ। ਸੂਬੇ ਦੀ ਆਮ ਆਦਮੀ ਪਾਰਟੀ ਗੈਂਗਸਟਰਾਂ ਖ਼ਿਲਾਫ਼ ਸਖ਼ਤ ਰਣਨੀਤੀ ਬਣਾਉਣ ਲਈ ਤਿਆਰ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖ਼ਤ ਫ਼ੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ 'ਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਏ. ਡੀ. ਜੀ. ਪੀ. ਰੈਂਕ ਦਾ ਅਧਿਕਾਰੀ ਇਸ ਟਾਸਕ ਫੋਰਸ ਦੀ ਅਗਵਾਈ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਐੱਸ. ਐੱਸ. ਪੀਜ਼ ਅਤੇ ਉੱਚ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਗਈ ਸੀ, ਜਿਸ ਤੋਂ ਬਾਅਦ ਉਕਤ ਫ਼ੈਸਲਾ ਲਿਆ ਗਿਆ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਲਈ ਵਿਸ਼ੇਸ਼ ਪੁਲਸ ਥਾਣੇ ਸਥਾਪਿਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਟਾਸਕ ਫੋਰਸ ਦੀ ਅਗਵਾਈ ਕਰਨ ਵਾਲੇ ਏ. ਡੀ. ਜੀ. ਪੀ. ਰੈਂਕ ਦੇ ਅਧਿਕਾਰੀ ਕੋਲ ਮੁੱਢਲੀ ਜਾਂਚ ਕਰਨ ਅਤੇ ਐੱਫ. ਆਈ. ਆਰ. ਦਰਜ ਕਰਨ ਦੇ ਸਾਰੇ ਅਧਿਕਾਰ ਹੋਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਮਕਸਦ ਸੂਬੇ 'ਚੋਂ ਅਪਰਾਧ ਨੂੰ ਰੋਕਣਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਜ਼ਿਲ੍ਹੇ ਦੀ ਐੱਸ. ਐੱਸ. ਪੀਜ਼ ਅਤੇ ਕਮਿਸ਼ਨਰ ਆਫ ਪੁਲਸ ਨੂੰ ਇਸ ਟਾਸਕ ਫੋਰਸ ਯੂਨਿਟ ਨਾਲ ਤਾਲਮੇਲ ਸਥਾਪਿਤ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ 'ਚ 2 ਸਾਲ ਬਾਅਦ ਮਿਲੀ 'ਮਾਸਕ' ਤੋਂ ਆਜ਼ਾਦੀ, ਹੁਣ ਨਹੀਂ ਕੱਟਿਆ ਜਾਵੇਗਾ ਚਲਾਨ
ਉਨ੍ਹਾਂ ਕਿਹਾ ਕਿ ਪੰਜਾਬ 'ਚ ਦਿਨ-ਦਿਹਾੜੇ ਕਤਲ ਹੋ ਰਹੇ ਹਨ, ਜਿਸ ਨੂੰ ਲੈ ਕੇ ਉਹ ਚਿੰਤਤ ਹਨ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਦਲੇ ਦੀ ਭਾਵਨਾ ਨਾਲ ਕਿਸੇ ਦੇ ਖ਼ਿਲਾਫ਼ ਵੀ ਐੱਫ. ਆਈ. ਆਰ. ਦਰਜ ਨਹੀਂ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ