ਪੰਜਾਬ ਸਰਕਾਰ ਨੇ 872 ਦਿਨਾਂ ਦੇ ਕਾਰਜਕਾਲ 'ਚ 44,250 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਭਗਵੰਤ ਮਾਨ
Tuesday, Aug 06, 2024 - 08:00 PM (IST)
ਫਿਲੌਰ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਫਿਲੌਰ ਵਿਖੇ ਪੀ. ਪੀ. ਏ. ਵਿਚ 443 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ 'ਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ 'ਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।
ਫਿਲੌਰ ਵਿਖੇ ਪੁਲਸ, ਕਾਨੂੰਨ ਅਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ 'ਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡਣ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ 44250 ਹੋ ਗਈ ਹੈ ਅਤੇ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਅਤੇ ਨੌਜਵਾਨਾਂ ਵੱਲੋਂ ਬੇਹੱਦ ਮੁਕਾਬਲੇ ਵਾਲੀ ਪ੍ਰੀਖਿਆ ਪਾਸ ਕਰਨ ਮਗਰੋਂ ਨੇਪਰੇ ਚੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ਏਜੰਡਾ ਸਰਕਾਰੀ ਨੌਕਰੀਆਂ ਮੁਹੱਈਆ ਕਰਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਅਖ਼ਤਿਆਰ ਦੇਣਾ ਰਿਹਾ ਹੈ।
ਇਹ ਵੀ ਪੜ੍ਹੋ- ਮਾਲ ਗੱਡੀ 'ਤੇ ਚੜ੍ਹ ਕੇ ਰੀਲ ਬਣਾਉਂਦੇ ਵਿਦਿਆਰਥੀ ਨਾਲ ਵਾਪਰਿਆ ਹਾਦਸਾ, ਆਇਆ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ
ਪੰਜਾਬ ’ਚ ਹੁਣ ਤੱਕ 19 ਟੋਲ ਪਲਾਜ਼ਾ ਕੀਤੇ ਬੰਦ
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਯੂਥ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ ਤੇ ਉਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਆਸ ਲਗਾਈ ਕਿ ਨਵੇਂ ਬਰਤੀ ਹੋਏ ਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਵਾਂਝੇ ਅਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਜਨਤਾ ਦੀ ਵੱਧ ਤੋਂ ਵੱਧ ਸੇਵਾ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ ਤਾਂ ਕਿ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਹੁਣ ਤੱਕ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ ਜਿਨ੍ਹਾਂ ’ਚੋਂ 2 ਕੱਲ ਹੀ ਬੰਦ ਕਰ ਦਿੱਤੇ ਗਏ ਹਨ। ਇਨ੍ਹਾਂ ’ਚੋਂ ਕਈ ਟੋਲ ਪਲਾਜ਼ਿਆਂ ਦੇ ਪ੍ਰਬੰਧਕ ਸਮਾਂ ਵਧਾਉਣ ਦੀ ਮੰਗ ਕਰ ਰਹੇ ਸਨ ਪਰ ਬੜੇ ਜਨਹਿਤ ’ਚ ਉਨ੍ਹਾਂ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਗਿਆ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ੇ ਦੇ ਬੰਦ ਹੋਣ ਕਾਰਨ ਪੰਜਾਬ ਦੇ ਵਾਸੀਆਂ ਦੀਆਂ ਜੇਬਾਂ ’ਚ ਰੋਜ਼ਾਨਾ 63 ਲੱਖ ਰੁਪਏ ਬੱਚ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਤਿਹਾਸਕ ਕਦਮ ਉਠਾਉਂਦੇ ਹੋਏ ‘ਇਕ ਵਿਧਾਇਕ, ਇਕ ਪੈਨਸ਼ਨ’ ਬਿੱਲ ਪਾਸ ਕੀਤਾ ਹੈਜਿਸ ਦੇ ਤਹਿਤ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਵਿਧਾਇਕ ਨੂੰ ਸਿਰਫ ਇਕ ਹੀ ਪੈਨਸ਼ਨ ਮਿਲੇ ਜਦਕਿ ਇਸ ਤੋਂ ਪਹਿਲਾਂ ਇਹ ਰਿਵਾਜ ਸੀ ਕਿ ਵਿਧਾਇਕਾਂ ਨੂੰ ਹਰ ਕਾਰਜਕਾਲ ਲਈ ਇਕ ਪੈਨਸ਼ਨ ਮਿਲਦੀ ਸੀ ਜਿਸ ਤੋਂ ਉਨ੍ਹਾਂ ਨੂੰ ਇਕ ਤੋਂ ਵੱਧ ਪੈਨਸ਼ਨ ਦੀ ਇਜਾਜ਼ਤ ਦਿੱਤੀ ਜਾਂਦੀ ਸੀ ਅਤੇ ਇਨ੍ਹਾਂ ਨੇਤਾਵਾਂ ਨੇ ਇਸ ਤੋਂ ਮੋਟੀ ਕਮਾਈ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸੂਬੇ ’ਚ ਕਾਨੂੰਨ-ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ 410 ਹਾਈ-ਟੈੱਕ ਨਵੀਆਂ ਗੱਡੀਆਂ ਪੰਜਾਬ ਪੁਲਸ ਦੇ ਐੱਸ.ਐੱਚ.ਓ. ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪੁਰਾਣੇ ਰੁਝਾਨਾਂ ਦੇ ਉਲਟ ਹੈ ਜਦ ਹੇਠਲੇ ਪੱਧਰ ’ਤੇ ਨਵੇਂ ਵਾਹਨਾਂ ਦੀ ਬਜਾਏ ਇਹ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਇਕ ਪਾਸੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਪੁਲਸ ਨੂੰ ਆਪਣੀ ਡਿਊਟੀ ਪ੍ਰਭਾਵੀ ਢੰਗ ਨਾਲ ਨਿਭਾਉਣ ’ਚ ਕਾਫੀ ਮਦਦ ਮਿਲੀ ਹੈ ਅਤੇ ਦੂਜੇ ਪਾਸੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ 'ਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ (ਐੱਸ. ਐੱਸ. ਐੱਫ਼.) ਕਾਇਮ ਕਰਨ ਦੀ ਪਹਿਲਕਦਮੀ ਕੀਤੀ ਹੈ ਅਤੇ ਸੜਕ ਸੁਰੱਖਿਆ ਫੋਰਸ ਨੂੰ ਸੜਕਾਂ ਦੀ ਸੁਚਾਰੂ ਢੰਗ ਨਾਲ ਨਿਗਰਾਨੀ ਲਈ ਪਹਿਲੇ ਪੜਾਅ ਤਹਿਤ 144 ਅਤਿ-ਆਧੁਨਿਕ ਵਾਹਨ ਦਿੱਤੇ ਗਏ ਹਨ, ਜੋ ਸੜਕਾਂ ਦੀ ਨਿਗਰਾਨੀ ਲਈ ਹਰ 30 ਕਿਲੋਮੀਟਰ ਦੇ ਫ਼ਾਸਲੇ ‘ਤੇ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਫੋਰਸ ਨੇ ਫਰਵਰੀ 2024 ਤੋਂ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1000 ਤੋਂ ਵੱਧ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਸ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਅ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਸ ਫੋਰਸ ਦੇ ਨਵੀਨੀਕਰਨ ‘ਤੇ ਜ਼ੋਰ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲਸ ਫੋਰਸ ਦੇ ਵਿਗਿਆਨਕ ਲੀਹਾਂ ‘ਤੇ ਆਧੁਨਿਕੀਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਨੂੰ ਵੀ ਪੁਲਸ ਵਿੱਚ ਲਾਗੂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਪਹਿਲਾਂ ਹੀ 45 ਕਰੋੜ ਰੁਪਏ ਮਨਜ਼ੂਰ ਕਰ ਚੁੱਕੀ ਹੈ, ਜਿਸ ਨਾਲ ਪੁਲਿਸ ਵਿੱਚ ਇੱਕ ਵੱਡੀ ਕ੍ਰਾਂਤੀਕਾਰੀ ਤਬਦੀਲੀ ਨਜ਼ਰ ਆਵੇਗੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ, ਹਥਿਆਰਾਂ ਅਤੇ ਹੋਰ ਵਸਤਾਂ ਦੀ ਤਸਕਰੀ ‘ਤੇ ਨਜ਼ਰ ਰੱਖਣ ਲਈ ਪਹਿਲੀ ਵਾਰ ਸਰਹੱਦਾਂ ‘ਤੇ ਲਗਭਗ 3000 ਏ. ਆਈ. ਸਮਰੱਥ ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਪੰਜਾਬ ਪੁਲਸ ਵਿੱਚ 10,000 ਨਵੇਂ ਸਿਪਾਹੀਆਂ ਦੀ ਭਰਤੀ ਕਰੇਗੀ, ਜਿਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਸ ਨਫ਼ਰੀ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ 4 ਸਾਲਾਂ ਲਈ ਪੰਜਾਬ ਪੁਲਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਪਹਿਲਾਂ ਹੀ ਫ਼ੈਸਲਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਆਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਵੱਲੋਂ ਅਪਲਾਈ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- CM ਭਗਵੰਤ ਮਾਨ ਦੀ ਅਪੀਲ, ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਖੇਤਾਂ 'ਚ ਜ਼ਰੂਰ ਲਗਾਉਣ 4-4 ਰੁੱਖ਼
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਉਹ ਇਸ ਇਤਿਹਾਸਕ ਕੈਂਪਸ 'ਚ ਦੂਜੀ ਵਾਰ ਆਏ ਹਨ। ਉਨ੍ਹਾਂ ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਸਾਰੇ 443 ਨੌਜਵਾਨਾਂ ਨੂੰ ਮੁਬਾਰਕਬਾਕ ਦਿੱਤੀ ਅਤੇ ਉਮੀਦ ਜਤਾਈ ਕਿ ਇਹ ਨੌਜਵਾਨ ਅਫ਼ਸਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਯੋਗਦਾਨ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਇਹ ਦਿਨ ਯਾਦਗਾਰੀ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹਨ ਅਤੇ ਉਹ ਲੋਕਾਂ ਨੂੰ ਸਹੂਲਤ ਦੇਣ ਲਈ ਸਰਕਾਰੀ ਸੇਵਾ ਵਿੱਚ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜ ਅੰਗ ਬਣ ਗਏ ਹਨ ਅਤੇ ਉਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਕੁਚਲੇ ਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਜਨਤਾ ਦੀ ਵੱਧ ਤੋਂ ਵੱਧ ਸੇਵਾ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲੇ।
ਇਹ ਵੀ ਪੜ੍ਹੋ-ਮੀਂਹ ਮਗਰੋਂ ਖੰਭੇ 'ਚ ਆਇਆ ਕਰੰਟ, ਸਾਬਕਾ ਫ਼ੌਜੀ ਦੀ ਤੜਫ਼-ਤੜਫ਼ ਕੇ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ