GST ’ਚ ਭਗਵੰਤ ਮਾਨ ਸਰਕਾਰ ਨੇ ਤੋੜਿਆ ਰਿਕਾਰਡ, 28.2 ਫੀਸਦੀ ਦਾ ਵਾਧਾ

Tuesday, Sep 05, 2023 - 06:22 PM (IST)

GST ’ਚ  ਭਗਵੰਤ ਮਾਨ ਸਰਕਾਰ ਨੇ ਤੋੜਿਆ ਰਿਕਾਰਡ,  28.2 ਫੀਸਦੀ ਦਾ ਵਾਧਾ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਵਿੱਤੀ ਵਰ੍ਹੇ 2022-23 ਦੌਰਾਨ ਲਿਆਂਦੀਆਂ ਕ੍ਰਾਂਤੀਕਾਰੀ ਤਬਦੀਲੀਆਂ ਸਦਕਾ ਵਸਤੂ ਤੇ ਸੇਵਾਵਾਂ ਕਰ (ਜੀ. ਐੱਸ. ਟੀ.) ਦੇ ਮਾਲੀਏ ’ਚ ਦਰਜ ਕੀਤੇ ਗਏ ਵਾਧੇ ਦੇ ਰਿਕਾਰਡ ਨੂੰ ਤੋੜਦਿਆਂ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ਦੌਰਾਨ 28.2 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ 5 ਮਹੀਨਿਆਂ ਦੌਰਾਨ ਜੀ. ਐੱਸ. ਟੀ. ਤੋਂ ਇਕੱਤਰ ਕੀਤੇ ਗਏ ਕੁੱਲ 6648.89 ਕਰੋੜ ਰੁਪਏ ਦੇ ਮਾਲੀਏ ਦੇ ਮੁਕਾਬਲੇ ਮੌਜੂਦਾ ਵਿੱਤੀ ਵਰ੍ਹੇ ’ਚ ਅਗਸਤ ਮਹੀਨੇ ਦੇ ਅੰਤ ਤੱਕ ਕੁੱਲ 8524.17 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਿਰਫ ਜੀ. ਐੱਸ. ਟੀ. ਤੋਂ ਹੀ ਬੀਤੇ ਵਿੱਤੀ ਵਰ੍ਹੇ ਦੇ ਮੁਕਾਬਲੇ 1875.28 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਤਰ ਕੀਤਾ ਗਿਆ। ਕਰ ਵਿਭਾਗ ਵੱਲੋਂ ਵੱਖ-ਵੱਖ ਸਰੋਤਾਂ ਤੋਂ ਇਕੱਤਰ ਕੀਤੇ ਗਏ ਮਾਲੀਏ ਦੇ ਵੇਰਵੇ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ ਵਿੱਤੀ ਵਰ੍ਹੇ 2023-24 ਦੌਰਾਨ ਜੀ. ਐੱਸ. ਟੀ., ਆਬਕਾਰੀ, ਵੈਟ, ਸੀ. ਐੱਸ. ਟੀ. ਅਤੇ ਪੀ. ਐੱਸ. ਡੀ. ਟੀ. ਤੋਂ ਇਕੱਤਰ ਕੁੱਲ ਮਾਲੀਏ ’ਚ 17.49 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ 5 ਮਹੀਨਿਆਂ ਦੌਰਾਨ ਉਪਰੋਕਤ ਵਸੀਲਿਆਂ ਤੋਂ ਕੁੱਲ 13116.36 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ ਜਦੋਂਕਿ ਮੌਜੂਦਾ ਵਿੱਤੀ ਵਰ੍ਹੇ ਦੇ ਇਸੇ ਅਰਸੇ ਦੌਰਾਨ 2293.67 ਕਰੋੜ ਰੁਪਏ ਦਾ ਵਾਧਾ ਦਰਜ ਕਰਦਿਆਂ ਕੁੱਲ 15410.03 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। 

ਇਹ ਵੀ ਪੜ੍ਹੋ : ਸੰਨੀ ਦਿਓਲ ਵੱਲੋਂ ਤੌਬਾ ਕਰਨ 'ਤੇ ਗੁਰਦਾਸਪੁਰ ਲੋਕ ਸਭਾ ਸੀਟ ’ਤੇ ਅਹਿਮ ਰੋਲ ਨਿਭਾਉਣਗੇ ਨਵੇਂ ਚਿਹਰੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ ਲਾਗੂ ਕਰਨ ਉਪਰੰਤ ਵਿੱਤੀ ਵਰ੍ਹੇ 2022-23 ਦੌਰਾਨ 2021-22 ਦੇ ਮੁਕਾਬਲੇ ਆਬਕਾਰੀ ਮਾਲੀਏ ’ਚ 41 ਫੀਸਦੀ ਤੋਂ ਵੱਧ ਦਾ ਵਾਧਾ ਦਰਜ ਕਰਨ ਦੇ ਬਾਵਜੂਦ ਪ੍ਰਾਪਤੀਆਂ ਦਾ ਇਹ ਗ੍ਰਾਫ ਅਜੇ ਵੀ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ਦੌਰਾਨ ਵੀ ਆਬਕਾਰੀ ਤੋਂ ਪ੍ਰਾਪਤ ਮਾਲੀਏ ਨੇ ਵਿੱਤੀ ਵਰ੍ਹੇ 2022-23 ਦੇ ਇਸੇ ਅਰਸੇ ਦੇ ਮੁਕਾਬਲੇ 7.69 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ 5 ਮਹੀਨਿਆਂ ਵਿੱਚ ਆਬਕਾਰੀ ਤੋਂ ਕੁੱਲ 3528.92 ਕਰੋੜ ਰੁਪਏ ਦਾ ਮਾਲੀਏ ਇਕੱਤਰ ਹੋਇਆ ਸੀ ਜਦੋਂਕਿ ਮੌਜੂਦਾ ਵਿੱਤੀ ਵਰ੍ਹੇ ਦੇ ਇਸੇ ਅਰਸੇ ਦੌਰਾਨ 271.31 ਕਰੋੜ ਰੁਪਏ ਦੇ ਵਾਧੇ ਨਾਲ ਕੁੱਲ 3800.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ। ਵਿੱਤ ਮੰਤਰੀ ਨੇ ਕਿਹਾ ਕਿ ਮਾਲੀਏ ਵਿੱਚ ਇਹ ਵਾਧਾ ਸਰਕਾਰ ਵੱਲੋਂ ਸਾਫ ਨੀਅਤ ਨਾਲ ਕੀਤੀਆਂ ਗਈਆਂ ਕੋਸ਼ਿਸ਼ਾਂ ਅਤੇ ਸੂਬੇ ਦੇ ਲੋਕਾਂ ਤੋਂ ਪ੍ਰਾਪਤ ਸਹਿਯੋਗ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾਲੀ ਸਥਿਤੀ ਮਜ਼ਬੂਤ ਕਰਨ ਦੀ ਮੁਹਿੰਮ ’ਚ ਆਮ ਲੋਕਾਂ ਨੂੰ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦਾ ਮੌਕਾ ਦੇਣ ਲਈ ਹੀ ਕਰ ਵਿਭਾਗ ਵੱਲੋਂ ‘ਮੇਰਾ ਬਿਲ’ ਅਤੇ ਆਬਕਾਰੀ ਵਿਭਾਗ ਵੱਲੋਂ ‘ਐਕਸਾਈਜ਼ ਕਿਊਆਰ ਲੇਬਲ ਸਿਟੀਜ਼ਨ’ ਵਰਗੀਆਂ ਮੁਬਾਈਲ ਐਪ ਸ਼ੁਰੂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਨਿਗਮ ਚੋਣਾਂ ਲਈ ਬਣਾਈ ਕਮੇਟੀ ਦੇ ਮੈਂਬਰਾਂ ਸੁੱਖ ਸਰਕਾਰੀਆ, ਡਾ. ਚੱਬੇਵਾਲ ਤੇ ਕੋਟਲੀ ਨੇ ਕੀਤੀ ਬੰਦ ਕਮਰਾ ਮੀਟਿੰਗ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Anuradha

Content Editor

Related News