ਸਕੂਲ ਸਿੱਖਿਆ ’ਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਭਗਵੰਤ ਮਾਨ ਸਰਕਾਰ ਦਾ ਪਹਿਲਾ ਸਾਲ
Friday, Mar 17, 2023 - 06:58 PM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ ਸਕੂਲ ਸਿੱਖਿਆ ’ਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਸਾਲ ਮੁਕੰਮਲ ਹੋਣ ’ਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦਿੰਦਿਆਂ ਕੀਤਾ। ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲ ਸਿੱਖਿਆ ’ਚ ਸਭ ਤੋਂ ਵੱਡਾ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਮਿਆਰਾਂ ਵਾਲੀ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ 117 ਸਕੂਲ ਆਫ ਐਮੀਨੈਂਸ ਬਣਾਏ ਹਨ । ਇਨ੍ਹਾਂ ਸਕੂਲਾਂ ’ਚ ਦਾਖ਼ਲਾ ਪ੍ਰਵੇਸ਼ ਪ੍ਰੀਖਿਆ ਰਾਹੀਂ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ : ਟਰੈਵਲ ਏਜੰਟ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ
ਉਨ੍ਹਾਂ ਦੱਸਿਆ ਕਿ ਕਿ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਖ਼ਤਮ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਅਹੁਦਾ ਸੰਭਾਲਣ ਸਾਰ ਨਵੇਂ ਅਧਿਆਪਕ ਭਰਤੀ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ, ਜੋ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ ਪ੍ਰਾਇਮਰੀ ਸਕੂਲਾਂ ਵਾਸਤੇ 6635 ਈ. ਟੀ. ਟੀ. ਅਧਿਆਪਕਾਂ ਅਤੇ 90 ਹੈੱਡ ਟੀਚਰ/ਸੈਂਟਰ ਹੈੱਡ ਟੀਚਰ ਦੀ ਭਰਤੀ ਪ੍ਰਕਿਰਿਆ ਲੱਗਭਗ ਮੁਕੰਮਲ ਹੋ ਚੁੱਕੀ ਹੈ। ਇਸੇ ਤਰ੍ਹਾਂ ਮੈਰੀਟੋਰੀਅਸ ਸਕੂਲਾਂ ਦੇ 90 ਲੈਕਚਰਾਰਾਂ ਨੂੰ ਆਰਡਰ ਦਿੱਤੇ ਜਾ ਚੁੱਕੇ ਹਨ। ਮਾਸਟਰ ਕਾਡਰ ਦੇ 4161 ਉਮੀਦਵਾਰਾਂ ਅਤੇ 598 ਬੈਕਲਾਗ ਭਰਤੀ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਜਲਦੀ ਸਟੇਸ਼ਨ ਅਲਾਟ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਇਹ ਪਹਿਲੀ ਵਾਰ ਹੋਇਆ ਹੈ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਕੂਲਾਂ ’ਚ ਕਿਤਾਬਾਂ ਪਹੁੰਚ ਗਈਆਂ ਹਨ। ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਟਰੇਨਿੰਗ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਵਾਸਤੇ ਪਹਿਲੀ ਵਾਰ 66 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਟਰੇਨਿੰਗ ਲਈ ਭੇਜਿਆ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਸੁਨਹਿਰੀ ਭਵਿੱਖ ਬਣਾਉਣ ਲਈ ਇਟਲੀ ਗਏ ਪੰਜਾਬੀ ਦੀ ਅਚਾਨਕ ਮੌਤ
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਾਂ-ਪੱਖੀ ਕੰਮਾਂ ਨੂੰ ਹੁੰਗਾਰਾ ਦਿੰਦਿਆਂ ਵੱਡੇ ਪੱਧਰ ’ਤੇ ਮਾਪਿਆਂ ਨੇ ਪ੍ਰਾਈਵੇਟ ਸਕੂਲਾਂ ’ਚ ਪੜ੍ਹਦੇ ਆਪਣੇ ਬੱਚਿਆਂ ਨੂੰ ਹਟਾ ਕੇ ਸਰਕਾਰੀ ਸਕੂਲਾਂ ’ਚ ਦਾਖ਼ਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਚਲਾਈ ਗਈ ਦਾਖ਼ਲਾ ਮੁਹਿੰਮ 2023 ਦੇ ਪਹਿਲੇ ਦਿਨ ਹੀ ਇਕ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ’ਚ ਦਾਖ਼ਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 24 ਦਸੰਬਰ 2022 ਨੂੰ ਮੈਗਾ ਪੀ.ਟੀ.ਐੱਮ. ਮੌਕੇ 15 ਲੱਖ ਮਾਪਿਆਂ ਨੇ ਸਕੂਲਾਂ ਵਿਚ ਜਾ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਚੈੱਕ ਕੀਤੀ, ਜੋ ਇਕ ਰਿਕਾਰਡ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਵਰ੍ਹਿਆਂ ’ਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਸਰਵੋਤਮ ਸਕੂਲ ਬਣਾ ਦੇਵੇਗੀ, ਜਿਥੋਂ ਸਸਤੀ ਅਤੇ ਮਿਆਰੀ ਸਿੱਖਿਆ ਹਾਸਲ ਕਰਕੇ ਜਿਥੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨਗੇ, ਉਥੇ ਹੀ ਪੰਜਾਬ ਅਤੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣਗੇ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਗੱਭਰੂ ਦੀ ਹੋਈ ਮੌਤ