ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ, ਆਖੀਆਂ ਇਹ ਗੱਲਾਂ

07/26/2023 5:33:27 PM

ਅੰਮ੍ਰਿਤਸਰ : ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫੌਜੀ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿਚ ਮੌਤ ਹੋ ਜਾਣ (ਫਿਜ਼ੀਕਲ ਕੈਜ਼ੁਅਲਟੀ) ਦੀ ਸੂਰਤ ਵਿਚ ਪਰਿਵਾਰ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਲਈ ਵਿੱਤੀ ਸਹਾਇਤਾ ਦੁੱਗਣੀ ਕਰਨ ਦੇ ਨਾਲ-ਨਾਲ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਦੀ ਵਿੱਤੀ ਸਹਾਇਤਾ ਵਧਾਉਣ ਦਾ ਵੀ ਐਲਾਨ ਕੀਤਾ। ਅੱਜ ਇੱਥੇ ‘ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ’ ਵਿਖੇ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਵਿਚ ਮੁੱਖ ਮੰਤਰੀ ਨੇ ਸੂਬੇ ਦੀ ਅਗਵਾਈ ਕਰਦਿਆਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਨਵੇਂ ਨਿਰਦੇਸ਼ ਕੀਤੇ ਜਾਰੀ

ਜੰਗੀ ਨਾਇਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੈਨਿਕਾਂ ਦੇ ਲਾਮਿਸਾਲ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਹੁਣ ਰੱਖਿਆ ਸੈਨਾਵਾਂ ਵਿਚ ਨੌਕਰੀਆਂ ਦੌਰਾਨ ਸੈਨਿਕ ਦੀ ਕਿਸੇ ਹਾਦਸੇ ਵਿਚ (ਜੰਗੀ ਆਪ੍ਰੇਸ਼ਨਾਂ ਤੋਂ ਇਲਾਵਾ) ਮੌਤ ਹੋ ਜਾਣ ਦੀ ਸੂਰਤ ਵਿਚ ਪਰਿਵਾਰ ਲਈ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਉਪਰਾਲਾ ਕੀਤਾ ਹੈ ਕਿਉਂਕਿ ਇਹ ਬਹਾਦਰ ਸੈਨਿਕ ਵੀ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਦਿਵਿਆਂਗ ਹੋ ਚੁੱਕੇ ਸੈਨਿਕਾਂ ਲਈ ਵੀ ਐਕਸ-ਗ੍ਰੇਸ਼ੀਆ ਰਾਸ਼ੀ ਵਿਚ ਵਾਧਾ ਕੀਤਾ ਹੈ।

ਇਹ ਵੀ ਪੜ੍ਹੋ : ਪ੍ਰਸ਼ਾਸਨ ਵਲੋਂ ਹੁਣ ਇਨ੍ਹਾਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 76 ਫੀਸਦੀ ਤੋਂ 100 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ ਹੁਣ 20 ਲੱਖ ਰੁਪਏ ਦੀ ਬਜਾਏ 40 ਲੱਖ ਰੁਪਏ ਐਕਸ-ਗ੍ਰੇਸ਼ੀਆ ਮਿਲੇਗੀ, 51 ਫੀਸਦੀ ਤੋਂ 75 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 10 ਲੱਖ ਰੁਪਏ ਦੀ ਬਜਾਏ 20 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 5 ਲੱਖ ਰੁਪਏ ਦੀ ਬਜਾਏ 10 ਲੱਖ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ ਮਹੀਨਾਵਾਰ ਮਾਲੀ ਸਹਾਇਤਾ 6000 ਰੁਪਏ ਤੋਂ ਵਧਾ ਕੇ 10000 ਰੁਪਏ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਜਿਨ੍ਹਾਂ ਨੇ ਦੇਸ਼ ਦੀ ਸੇਵਾ ਕੀਤੀ।

ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਵੱਡਾ ਫ਼ੈਸਲਾ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਪੰਜਾਬੀ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗੱਲ ਵੀ ਲੁਕੀ-ਛਿਪੀ ਨਹੀਂ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਕਿਹਾ, “ਅਮਰ ਜਵਾਨ ਜੋਤੀ ਤੇਲ ਨਾਲ ਨਹੀਂ ਬਲਕਿ ਸ਼ਹੀਦਾਂ ਦੇ ਖੂਨ ਨਾਲ ਜਗਦੀ ਹੈ। ਤੇਲ ਨਾਲ ਜਗਿਆ ਦੀਵਾ ਭਾਵੇਂ ਕੁਝ ਸਮੇਂ ਬਾਅਦ ਰੌਸ਼ਨੀ ਦੇਣਾ ਬੰਦ ਕਰ ਦਿੰਦਾ ਹੈ ਪਰ ਸ਼ਹੀਦਾਂ ਦੇ ਤੇਲ ਨਾਲ ਬਲਿਆ ਦੀਵਾ ਹਮੇਸ਼ਾ ਚਮਕਦਾ ਹੈ। ਇਨ੍ਹਾਂ ਸੈਨਿਕਾਂ ਦੀ ਸ਼ਹਾਦਤ ਸਦੀਆਂ ਤੱਕ ਸਾਡੀ ਨੌਜਵਾਨ ਪੀੜ੍ਹੀ ਨੂੰ ਨਿਰਸਵਾਰਥ ਕੁਰਬਾਨੀ ਲਈ ਪ੍ਰੇਰਿਤ ਕਰਦੀ ਹੈ।”।

ਇਹ ਵੀ ਪੜ੍ਹੋ : 15 ਸਾਲ ਬਾਅਦ ਅਮਰੀਕਾ ਤੋਂ ਪਰਤੀ ਮਹਿਲਾ ਦੀ ਕੀਤੀ ਕੁੱਟਮਾਰ, ਪਾੜ ਦਿੱਤੇ ਕੱਪੜੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Gurminder Singh

Content Editor

Related News