ਮੁੱਖ ਮੰਤਰੀ ਭਗਵੰਤ ਮਾਨ ਨੇ PM ਮੋਦੀ ਸਾਹਮਣੇ ਰੱਖੀ ਵੱਡੀ ਮੰਗ, ਮੁਲਾਕਾਤ ਮਗਰੋਂ ਮੀਡੀਆ ਨੂੰ ਦਿੱਤਾ ਇਹ ਬਿਆਨ

03/24/2022 3:46:54 PM

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਸੂਬੇ 'ਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਪਹਿਲੀ ਰਸਮੀਂ ਮੁਲਾਕਾਤ ਹੈ। ਇਸ ਤੋਂ ਬਾਅਦ ਹੁਣ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾਣਗੇ। ਭਗਵੰਤ ਮਾਨ ਅੱਜ ਸ਼ਾਮ 5 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸੀ. ਐੱਮ. ਰਿਹਾਇਸ਼ ਵਿਖੇ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ

ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਖ਼ੁਸ਼ਗਵਾਰ ਮਾਹੌਲ 'ਚ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅੱਗੇ ਮੰਗ ਰੱਖੀ ਹੈ ਕਿ ਕੇਂਦਰ ਸਰਕਾਰ ਸੂਬੇ ਲਈ ਇਕ ਲੱਖ ਕਰੋੜ ਰੁਪਏ ਜਾਰੀ ਕਰੇ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸੂਬੇ ਦੇ ਵਿੱਤੀ ਹਾਲਾਤ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦੇ ਪੈਕਜ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਭਾਰਤ ਇਕ ਮੁੰਦਰੀ ਹੈ ਅਤੇ ਪੰਜਾਬ ਉਸ ਮੁੰਦਰੀ 'ਚ ਲੱਗਿਆ ਹੋਇਆ ਨਗ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਨਗ ਪਿਛਲੀਆਂ ਸਰਕਾਰਾਂ ਕਾਰਨ ਥੋੜ੍ਹਾ ਫਿੱਕਾ ਪੈ ਗਿਆ ਸੀ, ਜਿਸ ਨੂੰ ਮੁੜ ਚਮਕਾਵਾਂਗੇ ਅਤੇ ਪੰਜਾਬ ਨੂੰ ਦੇਸ਼ ਦਾ ਨੰਬਰ ਵਨ ਸੂਬਾ ਬਣਾ ਕੇ ਦਿਖਾਵਾਂਗੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਸਾਨੂੰ ਕੇਂਦਰ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀ ਆਰਥਿਕ ਹਾਲਾਤ ਡਾਵਾਂਡੋਲ ਹੈ। 
ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਦਿੱਲੀ, PM ਮੋਦੀ ਨਾਲ ਕਰਨਗੇ ਮੁਲਾਕਾਤ

ਦੱਸਣਯੋਗ ਹੈ ਕਿ ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਰਾਹੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ ਸੀ। ਅੱਜ ਦੀ ਮੁਲਾਕਾਤ 'ਚ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਸਰਕਾਰ ਨਾਲ ਜੁੜੇ ਮੁੱਦਿਆਂ ਬਾਰੇ ਪੂਰੀ ਮਦਦ ਕਰਨਗੇ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita