ਅਸੀਂ ਰਾਜਨੀਤੀ ਕਰਨ ਨਹੀਂ, ਸਿਸਟਮ ਬਦਲਣ ਆਏ ਹਾਂ : ਭਗਵੰਤ ਮਾਨ
Tuesday, May 09, 2023 - 04:40 AM (IST)
ਜਲੰਧਰ (ਵਿਸ਼ੇਸ਼)- ਜਲੰਧਰ ਵਿਖੇ ਲੋਕ ਸਭਾ ਜ਼ਿਮਨੀ ਚੋਣ ਪ੍ਰਚਾਰ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਚੰਗੀ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਜਲੰਧਰ ਦੇ ਲੋਕ 10 ਤਰੀਕ ਨੂੰ ਆਪਣੀਆਂ ਵੋਟਾਂ ਨਾਲ ਸਾਡੇ ਕੰਮ ’ਤੇ ਮੋਹਰ ਲਗਾ ਦੇਣਗੇ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ’ਤੇ ਬਲਾਸਟ ਵਾਲੀ ਜਗ੍ਹਾ ਪਹੁੰਚੀ NIA ਦੀ ਟੀਮ
ਮੁੱਖ ਮੰਤਰੀ ਮਾਨ ਨੇ ਆਪਣੀ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ਦੌਰਾਨ 30,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਹਜ਼ਾਰਾਂ ਕੱਚੇ ਕਾਮੇ ਪੱਕੇ ਕੀਤੇ ਗਏ। ਕਿਸਾਨਾਂ ਦੀ ਭਲਾਈ ਲਈ ਫ਼ਸਲ ਖ਼ਰਾਬ ਹੋਣ ਦੀ ਸੂਰਤ ਵਿਚ ਤੁਰੰਤ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਆਮ ਆਦਮੀ ਦੀ ਸਹੂਲਤ ਲਈ ਅਸੀਂ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ, ਜਿਸ ਕਾਰਨ ਪੰਜਾਬ ਦੇ ਕਰੀਬ 90 ਫੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਜਲੰਧਰ ਦੇ ਲੋਕਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਹੋਣ ਦਾ ਵੀ ਕਾਫੀ ਫਾਇਦਾ ਹੋਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਪੁਲਸ ਵਿਚ 2100 ਨਵੀਆਂ ਭਰਤੀਆਂ ਕੀਤੀਆਂ ਹਨ। ਲਗਭਗ 600 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਗਏ ਅਤੇ ਨਵੇਂ ਮੈਡੀਕਲ ਕਾਲਜਾਂ ਨੂੰ ਮਨਜ਼ੂਰੀ ਦਿੱਤੀ ਗਈ। ਅਸੀਂ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਸਕੂਲ ਆਫ ਐਮੀਨੈਂਸ ਦਾ ਨਿਰਮਾਣ ਕਰ ਰਹੇ ਹਾਂ। ਪੰਜਾਬ ਦੀ ਭਾਈਚਾਰਕ ਸਾਂਝ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਹਰ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ। ਡੇਰਾ ਸੱਚਖੰਡ ਬੱਲਾਂ ਨੂੰ ਦਿੱਤੀ ਗਈ 25 ਕਰੋੜ ਰੁਪਏ ਦੀ ਗ੍ਰਾਂਟ ਇਸ ਦੀ ਮਿਸਾਲ ਹੈ। ਜਦਕਿ ਬਾਕੀ ਪਾਰਟੀਆਂ ਸਿਰਫ਼ ਐਲਾਨ ਹੀ ਕਰਦੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਭਾਰਤ-ਪਾਕਿ ਕ੍ਰਿਕਟ ਮੈਚ ਦੀ ਉਡੀਕ 'ਚ ਬੈਠੇ ਫੈਨਜ਼ ਨੂੰ ਝਟਕਾ! ਏਸ਼ੀਆ ਕੱਪ ਨੂੰ ਲੈ ਕੇ ਰੇੜਕਾ ਵਧਿਆ
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਨੇ ਜਲੰਧਰ ਉਪ ਚੋਣ ਵਿਚ ਆਪਣੀ ਹਾਰ ਸਵੀਕਾਰ ਕਰ ਲਈ ਹੈ। ਇਸੇ ਕਰ ਕੇ ਇਸ ਦਾ ਕੋਈ ਵੀ ਵੱਡਾ ਆਗੂ ਚੋਣ ਪ੍ਰਚਾਰ ਕਰਨ ਲਈ ਜਲੰਧਰ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜਲੰਧਰ ਦੇਸ਼ ਵਿਚ ਆਉਣ ਵਾਲੀ ਕ੍ਰਾਂਤੀ ਦਾ ਗਵਾਹ ਬਣੇਗਾ ਅਤੇ ਲੋਕ ਸਭਾ ਦੇ ਅਗਲੇ ਸੈਸ਼ਨ ਵਿਚ ਸੁਸ਼ੀਲ ਰਿੰਕੂ ਰਾਹੀਂ ਜਲੰਧਰ ਦੇ ਲੋਕਾਂ ਦੀ ਆਵਾਜ਼ ਲੋਕ ਸਭਾ ਵਿਚ ਗੂੰਜੇਗੀ। ਉਨ੍ਹਾਂ ਕਿਹਾ ਕਿ ਅਸੀਂ ਰਾਜਨੀਤੀ ਕਰਨ ਨਹੀਂ ਆਏ ਹਾਂ, ਸਿਸਟਮ ਬਦਲਣ ਆਏ ਹਾਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।