ਪਟਿਆਲਾ ਵਾਸੀਆਂ ਨੂੰ ਭਗਵੰਤ ਮਾਨ ਦਾ ਤੋਹਫ਼ਾ, ਏਅਰਪੋਰਟ ਨੂੰ ਮਾਤ ਦੇਣ ਵਾਲਾ ਬੱਸ ਅੱਡਾ ਹੋਇਆ ਸ਼ੁਰੂ (ਤਸਵੀਰਾਂ)
Tuesday, May 16, 2023 - 06:33 PM (IST)
ਪਟਿਆਲਾ (ਮਨਦੀਪ ਸਿੰਘ ਜੋਸਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਅਤੇ ਨਫ਼ਰਤੀ ਰਾਜਨੀਤੀ ਦੇ ਪ੍ਰਾਪੇਗੰਡਾ ਨੂੰ ਰੱਦ ਕੀਤਾ। ਸੀ. ਐੱਮ. ਭਗਵੰਤ ਮਾਨ ਅੱਜ ਇਥੇ ਪਟਿਆਲਾ ਵਿਖੇ 60.97 ਕਰੋੜ ਦੀ ਲਾਗਤ ਨਾਲ ਬਣੇ ਆਧੁਨਿਕ ਬੱਸ ਸਟੈਂਡ ਨੂੰ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਭਰਵੀਂ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਨੇ ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕਾਂ, ਬੇਮਿਸਾਲ ਵਿਕਾਸ ਤੇ ਲੋਕਾਂ ਦੀ ਭਲਾਈ ਦੇ ਹੱਕ ਵਿਚ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਵਿਕਾਸ ਦੇ ਨਾਂ ਉਤੇ ਵੋਟਾਂ ਮੰਗੀਆਂ ਸਨ, ਜਦਕਿ ਵਿਰੋਧੀਆਂ ਨੇ ਜਾਤ ਤੇ ਫਿਰਕਿਆਂ ਦੇ ਨਾਂ ਉੱਤੇ ਵੋਟਾਂ ਮੰਗੀਆਂ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿਚ ਵੱਡਾ ਫਤਵਾ ਦੇ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਉਨ੍ਹਾਂ ਨੂੰ ਹੋਰ ਜ਼ਿਆਦਾ ਸਮਰਪਣ ਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਨਵੇਂ ਚੁਣੇ ਹੋਏ ਸੰਸਦ ਮੈਂਬਰ ਨੇ ਸਹੁੰ ਵੀ ਨਹੀਂ ਚੁੱਕੀ ਪਰ ਸਾਡੀ ਸਰਕਾਰ ਨੇ ਜਲੰਧਰ ਦੇ ਵਿਆਪਕ ਵਿਕਾਸ ਲਈ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਲਈ ਭਲਕੇ ਜਲੰਧਰ ਦਾ ਦੌਰਾ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਨਵੀਂਆਂ ਦਰਾਂ ਕੀਤੀਆਂ ਗਈਆਂ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਜ਼ਿੱਦੀ ਆਗੂ ਪਿਛਲੇ ਕਈ ਦਹਾਕਿਆਂ ਤੋਂ ਸੱਤਾ ਵਿਚ ਰਹਿਣ ਕਾਰਨ ਹੰਕਾਰੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਹ ਆਗੂ ਪਿਛਲੇ ਕਈ ਸਾਲਾਂ ਤੋਂ ਲੋਕਾਂ ਨੂੰ ਭਰਮਾ ਰਹੇ ਸਨ ਪਰ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਆਸਤ ਵਿਚ ਹਰੇਕ ਨੈਤਿਕਤਾ ਨੂੰ ਛਿੱਕੇ ਟੰਗ ਦਿੱਤਾ ਅਤੇ ਆਪਣੇ ਨਿੱਜੀ ਸਵਾਰਥਾਂ ਲਈ ਬਹੁਤ ਜ਼ਿਆਦਾ ਡਿੱਗ ਗਏ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮੁੜ ਨੰਬਰ ਇਕ ਬਣਨ ਦੇ ਰਾਹ ਉੱਤੇ ਹੈ ਕਿਉਂਕਿ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨਿੱਤ ਨਵੇਂ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਜਦੋਂ ਨੀਤੀਆਂ ਲੋਕਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰ ਕੇ ਬਣਾਈਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਫ਼ੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੇ ਪਹਿਲੀ ਵਾਰ ਨਰਮੇ ਦੀ ਫ਼ਸਲ ਨਹਿਰੀ ਪਾਣੀ ਨਾਲ ਬੀਜੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਬਚਾਉਣ ਲਈ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਪੰਜਾਬ ਵਿਚ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ 10 ਜੂਨ ਤੋਂ ਸ਼ੁਰੂ ਹੋਵੇਗੀ ਅਤੇ ਸੂਬੇ ਭਰ ਵਿਚ 10 ਜੂਨ ਤੋਂ ਇਲਾਵਾ 16, 19 ਤੇ 21 ਜੂਨ ਨੂੰ ਝੋਨੇ ਦੀ ਲਵਾਈ ਦੀ ਇਜਾਜ਼ਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਵਾਈ ਵਾਸਤੇ ਪੰਜਾਬ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਹੋਏ ਜਨਾਨੀ ਦੇ ਕਤਲ ’ਚ ਐੱਸ. ਐੱਸ. ਪੀ. ਦਾ ਸਨਸਨੀਖੇਜ਼ ਖ਼ੁਲਾਸਾ
ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੁੱਟਵੇਂ ਢੰਗ ਨਾਲ ਝੋਨੇ ਦੀ ਲਵਾਈ ਹੋਣ ਕਾਰਨ ਸਿੰਜਾਈ ਦੀਆਂ ਸਹੂਲਤਾਂ ਨੂੰ ਸੁਚਾਰੂ ਕਰਨ ਵਿਚ ਮਦਦ ਮਿਲੇਗੀ। ਪਹਿਲੇ ਪੜਾਅ ਵਿਚ ਕੌਮਾਂਤਰੀ ਸਰਹੱਦ ਨੇੜੇ ਤਾਰ ਤੋਂ ਪਾਰ 10 ਜੂਨ ਤੋਂ ਝੋਨਾ ਲਾਇਆ ਜਾਵੇਗਾ, ਜਿਸ ਲਈ ਕਿਸਾਨਾਂ ਨੂੰ ਬਾਕਾਇਦਾ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿਚ ਸੱਤ ਜ਼ਿਲ੍ਹਿਆਂ, ਫ਼ਿਰੋਜ਼ਪੁਰ, ਫ਼ਰੀਦਕੋਟ, ਪਠਾਨਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਤਰਨਤਾਰਨ ਵਿਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਤੀਜੇ ਪੜਾਅ ਵਿਚ ਰੂਪਨਗਰ, ਐੱਸ.ਏ.ਐੱਸ. ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਤੇ ਅੰਮ੍ਰਿਤਸਰ ਸਮੇਤ ਸੱਤ ਜ਼ਿਲ੍ਹਿਆਂ ਵਿਚ 19 ਜੂਨ ਤੋਂ ਝੋਨੇ ਦੀ ਲਵਾਈ ਤੀਜੇ ਗੇੜ ਵਿਚ ਹੋਵੇਗੀ, ਜਦਕਿ ਬਾਕੀ ਬਚਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਤੇ ਮਾਨਸਾ ’ਚ 21 ਜੂਨ ਤੋਂ ਝੋਨੇ ਦੀ ਲਵਾਈ ਹੋਵੇਗੀ।
ਅਮਰਿੰਦਰ ਸਾਢੇ 9 ਸਾਲ ਮੁੱਖ ਮੰਤਰੀ ਰਹਿ ਕੇ 9 ਵਾਰ ਪਟਿਆਲਾ ਸ਼ਹਿਰ ਵਿਚ ਨਹੀਂ ਆਇਆ ਪਰ ਮੈਂ ਸਵਾ ਸਾਲ ’ਚ ਹੀ ਉਸ ਤੋਂ ਦੁੱਗਣੇ ਚੱਕਰ ਲੱਗਾ ਦਿੱਤੇ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਜੱਦੀ ਸ਼ਹਿਰ ਵਿਚ ਨਹੀਂ ਆਏ। ਭਗਵੰਤ ਮਾਨ ਨੇ ਕਿਹਾ ਕਿ ਉਸ ਨੇ ਕਾਰਜਭਾਰ ਸੰਭਾਲਣ ਤੋਂ ਬਾਅਦ ਇਸ ਸ਼ਾਹੀ ਸ਼ਹਿਰ ਵਿਚ ਮਹਾਰਾਜਾ ਪਟਿਆਲਾ ਦੇ ਸਮੁੱਚੇ ਕਾਰਜਕਾਲ ਵਿਚ ਮਾਰੇ ਗੇੜਿਆਂ ਨਾਲੋਂ ਦੁੱਗਣੇ ਚੱਕਰ ਲਗਾ ਦਿੱਤੇ। ਉਨ੍ਹਾਂ ਕਿਹਾ ਕਿ ਇਸੇ ਤਬਦੀਲੀ ਲਈ ਲੋਕਾਂ ਨੇ ਵਿਕਾਸ-ਪੱਖੀ ਸਰਕਾਰ ਨੂੰ ਚੁਣਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਵੈਰ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਮਝਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਵਿਚ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਇਸ ਕਾਰਨ ਹੀ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਪੰਜਾਬ ਦਾ ਕੰਮਕਾਜ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਗੁੰਮਰਾਹਕੁਨ ਪ੍ਰਚਾਰ ਨੂੰ ਚੰਗੀ ਤਰ੍ਹਾਂ ਸਮਝਦੇ ਹਨ।
ਮਜੀਠੀਆ ’ਤੇ ਵੀ ਕੀਤਾ ਤਿੱਖਾ ਸਿਆਸੀ ਹਮਲਾਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਸਿਰਫ਼ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ, ਨਾ ਕਿ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਪੁਰਖਿਆਂ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਤੋਂ ਬਾਅਦ ਜਨਰਲ ਡਾਇਰ ਨੂੰ ਸਨਮਾਨਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਡਰੱਗ ਮਾਫੀਆ ਦੀ ਸਰਪ੍ਰਸਤੀ ਕਰਦੇ ਰਹੇ ਹਨ ਅਤੇ ਇਸ ਸਮੇਂ ਆਪਣੇ ਗੁਨਾਹਾਂ ਲਈ ਜ਼ਮਾਨਤ ਉਤੇ ਹਨ, ਉਨ੍ਹਾਂ ਨੂੰ ਕੋਈ ਵੀ ਸਵਾਲ ਪੁੱਛਣ ਦਾ ਨੈਤਿਕ ਹੱਕ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਅਖੌਤੀ ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਲੀਡਰਾਂ ਨੂੰ ਕਿਸੇ ਨਾਲ ਗੱਲ ਕਰਨ ਦਾ ਸਲੀਕਾ ਵੀ ਨਹੀਂ ਹੈ, ਜਿਸ ਕਾਰਨ ਉਹ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਗਲਤ ਭਾਸ਼ਾ ਦੀ ਵਰਤੋਂ ਕਰਦੇ ਹਨ, ਜੋ ਕਿ ਅਣਉਚਿਤ ਅਤੇ ਗੈਰਵਾਜਬ ਹੈ।
ਇਹ ਵੀ ਪੜ੍ਹੋ : ਅਮਰੀਕਾ ਜਾਣ ਲਈ ਜਹਾਜ਼ੇ ਚੜ੍ਹੇ ਮੁੰਡੇ ਦੇ ਟੁੱਟੇ ਸੁਫ਼ਨੇ, ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਸਨਅਤਾਂ ਲਈ ਵਿਸ਼ੇਸ਼ ਤੌਰ ’ਤੇ ਹੋਵੇਗਾ ਹਰੇ ਰੰਗ ਦਾ ਸਟੈਂਪ ਪੇਪਰ ਲਾਗੂ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਸਨਅਤਾਂ ਲਈ ਵਿਸ਼ੇਸ਼ ਤੌਰ ਉਤੇ ਹਰੇ ਰੰਗ ਦਾ ਸਟੈਂਪ ਪੇਪਰ ਲਾਗੂ ਕਰਨ ਦਾ ਫੈਸਲਾ ਅਮਲ ਵਿਚ ਲਿਆਂਦਾ ਅਤੇ ਇਸ ਨੇਕ ਉਪਰਾਲੇ ਨਾਲ ਸੂਬੇ ਵਿਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸੂਬੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਏਸੇ ਉਦੇਸ਼ ਨੂੰ ਸਮਰਪਿਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੇ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਲਾਗੂ ਕਰਨਗੇ।
ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ
ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਬਣਿਆ ਬੱਸ ਸਟੈਂਡ ਲਿਫਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਦੱਸਿਆ ਕਿ 60.97 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਬੱਸ ਸਟੈਂਡ ਵਿੱਚ ਲੋਕਾਂ ਦੀ ਸਹੂਲਤ ਲਈ 45 ਕਾਊਂਟਰ ਹਨ ਅਤੇ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਿਆ ਜਾਵੇਗਾ ਜਿੱਥੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਇਲੈਕਟ੍ਰੀਕਲ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਬੱਸ ਸਟੈਂਡ ਦੀ ਤਰਜ਼ ’ਤੇ ਸੂਬੇ ਭਰ ਵਿੱਚ ਅਜਿਹੇ ਹੋਰ ਬੱਸ ਸਟੈਂਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਯਾਤਰੀਆਂ ਦੀ ਸਹੂਲਤ ਲਈ ਇਲੈਕਟ੍ਰਾਨਿਕ ਬੱਸਾਂ ਵੀ ਚਲਾਈਆਂ ਜਾਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲਾਲਜੀਤ ਸਿੰਘ ਭੁੱਲਰ ਅਤੇ ਡਾ: ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜੀਗਰ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਪਟਿਆਲਾ ਤੇ ਨਾਭਾ ਮੇਘ ਚੰਦ ਸ਼ੇਰਮਾਜਰਾ ਤੇ ਸੁਰਿੰਦਰਪਾਲ ਸ਼ਰਮਾ ਸਮੇਤ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਪੀ.ਆਰ.ਟੀ.ਸੀ ਦੇ ਮੈਨੇਜਿੰਗ ਡਾਇਰੈਕਟਰ ਵਿਪੁਲ ਉਜਵਲ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ ਵਰੁਣ ਸ਼ਰਮਾ, ਏ.ਐਮ.ਡੀ ਚਰਨਜੋਤ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕੈਬਨਿਟ ਮੰਤਰੀਆਂ ਦਾ ਸਨਮਾਨ ਕੀਤਾ ਅਤੇ ਸਮਾਰੋਹ ਦੇ ਅਖੀਰ ਵਿੱਚ ਧੰਨਵਾਦ ਕੀਤਾ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani