ਪਟਿਆਲਾ ਝੜਪ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਖ਼ਤ, ਪੁਲਸ ਅਫਸਰਾਂ ਨੂੰ ਜਾਰੀ ਕੀਤੀਆਂ ਨਵੀਆਂ ਹਦਾਇਤਾਂ

05/02/2022 10:13:18 PM

ਜਲੰਧਰ (ਧਵਨ) : ਪਟਿਆਲਾ ’ਚ ਹੋਈਆਂ ਹਿੰਸਕ ਘਟਨਾਵਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਉਨ੍ਹਾਂ ਸੂਬੇ ਦੇ ਉੱਚ ਪੁਲਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਹੁਣ ਕਿਸੇ ਵੀ ਥਾਂ ’ਤੇ ਕੋਈ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਸ ਸਬੰਧੀ ਸੂਬੇ ਦੇ ਡੀ. ਜੀ. ਪੀ. ਵੀ. ਕੇ. ਭਵਰਾ ਨੂੰ ਕਿਹਾ ਹੈ ਕਿ ਉਹ ਫੀਲਡ ਵਿਚ ਤਾਇਨਾਤ ਸਾਰੇ ਪੁਲਸ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਬਣਾ ਕੇ ਰੱਖਣ ਦੇ ਹੁਕਮ ਦੇਣ। ਉਨ੍ਹਾਂ ਕਿਹਾ ਕਿ ਫੀਲਡ ’ਚ ਤਾਇਨਾਤ ਪੁਲਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਭਗਵੰਤ ਮਾਨ ਨੇ ਡੀ. ਜੀ. ਪੀ. ਨੂੰ ਕਾਨੂੰਨ-ਵਿਵਸਥਾ ਦੇ ਮਾਮਲੇ ’ਚ ਰੋਜ਼ਾਨਾ ਰਿਪੋਰਟ ਉਨ੍ਹਾਂ ਨੂੰ ਦੇਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਮੋਗਾ ’ਚ ਭਿਆਨਕ ਹਾਦਸਾ, ਵਿਆਹ ਦੀ ਵਰ੍ਹੇਗੰਢ ਮਨਾ ਕੇ ਆ ਰਹੇ ਜੋੜੇ ਦੀ ਮੌਤ, ਕੁਝ ਦਿਨ ਬਾਅਦ ਹੋਣੀ ਸੀ ਡਿਲਿਵਰੀ

ਇਥੇ ਹੀ ਬਸ ਨਹੀਂ ਬੀਤੇ ਦਿਨੀਂ ਐਤਵਾਰ ਹੋਣ ਦੇ ਬਾਵਜੂਦ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਸੀਨੀਅਰ ਪੁਲਸ ਅਧਿਕਾਰੀ ਫੀਲਡ ਵਿਚ ਰਹੇ ਅਤੇ ਆਪਣੇ ਖੇਤਰਾਂ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਦੇ ਰਹੇ। ਮੁੱਖ ਮੰਤਰੀ ਨੇ ਸਾਫ ਆਖਿਆ ਹੈ ਕਿ ਕਾਨੂੰਨ-ਵਿਵਸਥਾ ਦੇ ਮਾਮਲੇ ਵਿਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਕਾਨੂੰਨ ਨੂੰ ਹੱਥ ਵਿਚ ਲੈਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ।

ਇਹ ਵੀ ਪੜ੍ਹੋ : ਜਲੰਧਰ ਵਿਚ ਤਾਇਨਾਤ ਕੀਤੇ ਗਏ ਸਪੈਸ਼ਲ ਆਪਰੇਸ਼ਨ ਗਰੁੱਪ ਦੇ ਕਮਾਂਡੋ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh