ਮੁੱਖ ਮੰਤਰੀ ਦਾ ਪੰਜਾਬ ਵਾਸੀਆਂ ਨੂੰ ਸੁਨੇਹਾ, ਕਿਹਾ ਤੁਸੀਂ ਸਾਥ ਦਿਓ ਅਸੀਂ...

Thursday, Mar 06, 2025 - 06:39 PM (IST)

ਮੁੱਖ ਮੰਤਰੀ ਦਾ ਪੰਜਾਬ ਵਾਸੀਆਂ ਨੂੰ ਸੁਨੇਹਾ, ਕਿਹਾ ਤੁਸੀਂ ਸਾਥ ਦਿਓ ਅਸੀਂ...

ਐੱਸ.ਏ.ਐੱਸ ਨਗਰ (ਮੁਹਾਲੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ। ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਅਤੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਉਣ ਲਈ ਇਹ ਸੁਚੱਜੀ ਯੋਜਨਾਬੱਧ ਮੁਹਿੰਮ ਚਲਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਪਰ ਉਨ੍ਹਾਂ ਕਿਹਾ ਕਿ ਇਹ ਜੰਗ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਵਿਭਾਗ ਨੇ ਪੰਜਾਬ ਦੇ ਕਈ ਸਕੂਲਾਂ ਦੀ ਮਾਨਤਾ ਕੀਤਾ ਰੱਦ

ਮੁੱਖ ਮੰਤਰੀ ਨੇ ਲੋਕਾਂ ਨੂੰ ਨਸ਼ਿਆਂ ਦੀ ਤਸਕਰੀ ਦੇ ਘਿਨਾਉਣੇ ਅਪਰਾਧ ਵਿਚ ਸ਼ਾਮਲ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਮੁਹਿੰਮ ਦੇ ਹਿੱਸੇ ਵਜੋਂ ਡਰੱਗ ਮਨੀ ਰਾਹੀਂ ਹਾਸਲ ਕੀਤੀਆਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹ/ਜ਼ਬਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿਚ ਇਸ ਅਲਾਮਤ ਦਾ ਇਕ ਕਿਣਕਾ ਵੀ ਮੌਜੂਦ ਹੈ। ਸੂਬਾ ਸਰਕਾਰ ਵੱਲੋਂ ਕੀਤੀਆਂ ਲੋਕ ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, 90% ਪਰਿਵਾਰਾਂ ਨੂੰ ਜ਼ੀਰੋ ਬਿੱਲ ਆ ਰਿਹਾ ਹੈ, 2.5 ਕਰੋੜ ਤੋਂ ਵੱਧ ਲੋਕਾਂ ਦਾ ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਇਲਾਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਤੋਂ ਇਲਾਵਾ ਕਈ ਅਜਿਹੇ ਕੰਮ ਵੀ ਕੀਤੇ ਹਨ, ਜਿਨ੍ਹਾਂ ਦਾ ਕਦੇ ਵੀ ਵਾਅਦਾ ਨਹੀਂ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ ਅਤੇ ਸਿਆਸੀ ਪਿਛੋਕੜ ਵਾਲੇ ਨਹੀਂ ਹਨ, ਜਿਸ ਕਾਰਨ ਉਹ ਲੋਕਾਂ ਨਾਲ ਕੀਤੀ ਹਰ ਗੱਲ ਨੂੰ ਪੂਰਾ ਕਰ ਰਹੇ ਹਨ।

ਇਹ ਵੀ ਪੜ੍ਹੋ : Jalandhar ਹਾਈਵੇਅ 'ਤੇ ਦਿਲ ਕੰਬਾਊ ਹਾਦਸਾ, ਸਰੀਰਾਂ ਦੇ ਉੱਡੇ ਚਿੱਥੜੇ, ਆਧਾਰ ਕਾਰਡ ਤੋਂ ਹਾਈ ਪਛਾਣ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਵਿਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜੋ ਸੂਬਾਈ ਅਤੇ ਰਾਸ਼ਟਰੀ ਰਾਜ ਮਾਰਗਾਂ 'ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸਮਰਪਿਤ ਸੜਕ ਸੁਰੱਖਿਆ ਫੋਰਸ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿਚ 48.10 ਫੀਸਦੀ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਹੋਰ ਰਾਜਾਂ ਅਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਸੂਬਾ ਸਰਕਾਰ ਦੀ ਲੀਕ ਤੋਂ ਹਟਵੀਂ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।

ਇਹ ਵੀ ਪੜ੍ਹੋ : ਐਕਸ਼ਨ ਮੋਡ ਵਿਚ ਬਿਜਲੀ ਵਿਭਾਗ, ਪੰਜਾਬ ਭਰ ਵਿਚ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕਾਨੂੰਨ ਵਿਵਸਥਾ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਤਰੱਕੀ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦਾ ਮੌਕਾ ਹੈ ਕਿ ਇਹ ਸਕੀਮ ਸ਼ਹਿਰ ਵਿਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਕੀਮ ਨੂੰ ਸੂਬੇ ਦੇ ਬਾਕੀ ਸ਼ਹਿਰਾਂ ਵਿਚ ਵੀ ਲਾਗੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰ ਕੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲੈਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ : ਅਮਰੀਕਾ ਜਾਣ ਤੋਂ ਕੁਝ ਘੰਟੇ ਪਹਿਲਾਂ ਵਾਪਰਿਆ ਭਾਣਾ, ਦਿਲ ਕੰਬਾਊ ਹਾਦਸੇ ਵਿਚ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News