PM ਮੋਦੀ ਦੀ ਰੱਦ ਹੋਈ ਰੈਲੀ ਨੂੰ ਲੈ ਕੇ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ
Wednesday, Jan 05, 2022 - 08:49 PM (IST)
ਚੰਡੀਗੜ੍ਹ- ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਅਣਗਹਿਲੀ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਹੈ। ਮਾਨ ਨੇ ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇਕ ਬਿਆਨ 'ਚ ਇਸ ਘਟਨਾ ਲਈ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਸਵਾਲ ਚੁੱਕੇ ਹੋਏ ਟਵੀਟ ਕੀਤਾ, "ਪੰਜਾਬ ਦੇ ਇਕ-ਇਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ 'ਤੇ ਹੈ, ਭਾਵੇਂ ਕਿੰਨੇ ਵੀ ਸਿਆਸੀ ਮਤਭੇਦ ਕਿਉਂ ਨਾ ਹੋਣ। ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਬਹੁਤ ਚਿੰਤਾਜਨਕ ਹੈ!"
ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ 'ਚ ਕਮੀ ਬਰਦਾਸ਼ਤ ਤੋਂ ਬਾਹਰ : ਰਾਘਵ ਚੱਢਾ
ਮਾਨ ਨੇ ਪੰਜਾਬ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਸਰਕਾਰ ਨੂੰ ਪਤਾ ਸੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਸ ਰੂਟ 'ਤੇ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਮਾਨ ਨੇ ਚੰਨੀ ਸਰਕਾਰ ਨੂੰ ਬਹੁਤ ਹੀ ਅਸਥਿਰ ਅਤੇ ਕਮਜ਼ੋਰ ਸਰਕਾਰ ਦੱਸਦਿਆਂ ਕਿਹਾ ਕਿ ਕਾਂਗਰਸ ਦੀ ਕਮਜ਼ੋਰ ਸਰਕਾਰ ਕਾਰਨ ਹੀ ਪੰਜਾਬ 'ਚ ਇਨ੍ਹੀਂ ਦਿਨੀਂ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਾਂਗਰਸ ਦੀ ਆਪਸੀ ਫੁੱਟ ਕਾਰਨ ਪੰਜਾਬ ਦੀ ਸੁਰੱਖਿਆ ਵਿਵਸਥਾ ਢਹਿ-ਢੇਰੀ ਹੋ ਗਈ ਹੈ ਅਤੇ ਇਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਸਰਕਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਰਾਖੀ ਕਰਨ 'ਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਇਹ ਘਟਨਾ ਸਪੱਸ਼ਟ ਤੌਰ 'ਤੇ ਸਰਕਾਰ ਦੀ ਸੁਰੱਖਿਆ ਅਤੇ ਖੁਫੀਆ ਤੰਤਰ ਦੀ ਅਸਫਲਤਾ ਹੈ।
ਇਹ ਵੀ ਪੜ੍ਹੋ : ਅਮਰੀਕੀ ਡਿਪਲੋਮੈਟ ਅਤੁਲ ਕੇਸ਼ਪ ਬਣੇ USIBC ਦੇ ਪ੍ਰਧਾਨ
ਮਾਨ ਨੇ ਹੈਰਾਨੀ ਪ੍ਰਗਟਾਈ ਕਿ ਕਾਂਗਰਸ ਸਰਕਾਰ ਦੀ ਨਾਕਾਮੀ ਕਾਰਨ ਪੂਰੇ ਦੇਸ਼ 'ਚ ਪੰਜਾਬ ਦਾ ਨਾਂ ਬਦਨਾਮ ਹੋਇਆ ਹੈ। ਅੱਜ ਪੂਰੇ ਦੇਸ਼ 'ਚ ਪੰਜਾਬ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਅਜਿਹੀਆਂ ਘਟਨਾਵਾਂ ਸੂਬੇ ਦੇ ਅਕਸ ਨੂੰ ਢਾਹ ਲਗਾਉਂਦੀਆਂ ਹਨ। ਪਰ ਕੁਰਸੀ ਲਈ ਆਪਸ 'ਚ ਲੜ ਰਹੇ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਅਕਸ ਅਤੇ ਮਾਣ ਦੀ ਕੋਈ ਚਿੰਤਾ ਨਹੀਂ ਹੈ। ਮਾਨ ਨੇ ਦੋਸ਼ ਲਾਇਆ ਕਿ ਸੂਬੇ ਦੇ ਗ੍ਰਹਿ ਮੰਤਰੀ 'ਤੇ ਪੈਸੇ ਲੈ ਕੇ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਦੋਸ਼ ਲੱਗ ਰਹੇ ਹਨ ਅਤੇ ਤਿੰਨ ਮਹੀਨਿਆਂ 'ਚ ਤੀਜੀ ਵਾਰ ਡੀ.ਜੀ.ਪੀ. ਦੀ ਬਦਲੀ ਹੋਣ ਵਾਲੀ ਹੈ। ਮੁੱਖ ਮੰਤਰੀ 'ਤੇ ਖੁਦ ਮਾਫੀਆ ਨਾਲ ਮਿਲੇ ਹੋਣ ਦਾ ਦੋਸ਼ ਹੈ। ਅਜਿਹੀ ਸਰਕਾਰ ਤੋਂ ਚੰਗੇ ਸ਼ਾਸਨ ਅਤੇ ਲੋਕਾਂ ਦੀ ਸੁਰੱਖਿਆ ਦੀ ਆਸ ਕਰਨੀ ਵਿਅਰਥ ਹੈ। ਸੱਤਾ 'ਚ ਬੈਠੀ ਟਰਾਂਸਫਰ-ਪੋਸਟਿੰਗ ਦਾ ਕਾਰੋਬਾਰ ਚਲਾਉਣ ਵਾਲੀ ਪਾਰਟੀ ਕਦੇ ਵੀ ਪੰਜਾਬ ਦੀ ਰਾਖੀ ਨਹੀਂ ਕਰ ਸਕਦੀ।
ਇਹ ਵੀ ਪੜ੍ਹੋ : ਥਾਈਲੈਂਡ : ਨਵੇਂ ਸਾਲ ਦੀਆਂ ਛੁੱਟੀਆਂ ਦੌਰਾਨ ਓਮੀਕ੍ਰੋਨ ਦੇ ਮਾਮਲਿਆਂ 'ਚ ਹੋਇਆ ਵਾਧਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।