ਪੱਛਮੀ ਬੰਗਾਲ ਦੇ ਸਿੱਖ ਅਫ਼ਸਰ ’ਤੇ ਸਵਾਲ ਚੁੱਕਣ ’ਤੇ ਭਾਜਪਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਠੋਕਵਾਂ ਜਵਾਬ
Wednesday, Feb 21, 2024 - 06:25 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ’ਚ ਸਿੱਖ ਪੁਲਸ ਅਫ਼ਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ। ਅੱਜ ਇੱਥੋਂ ਜਾਰੀ ਇਕ ਬਿਆਨ ’ਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਅਤੇ ਕਾਬਲੀਅਤ ’ਤੇ ਸਵਾਲ ਚੁੱਕ ਰਹੇ ਹਨ ਜਿਸ ਭਾਈਚਾਰੇ ਨੂੰ ਵਤਨਪ੍ਰਸਤੀ ਅਤੇ ਰਾਸ਼ਟਰਵਾਦੀ ਦੇ ਤੌਰ ’ਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖ਼ਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਲੀਡਰ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿੱਖ ਅਫਸਰ ਨੂੰ ਦੇਸ਼ ਵਿਰੋਧੀ ਦੱਸ ਰਹੇ ਹਨ।
ਇਹ ਵੀ ਪੜ੍ਹੋ : ਜਲੰਧਰ ’ਚ 23 ਫਰਵਰੀ ਨੂੰ ਛੁੱਟੀ ਦਾ ਐਲਾਨ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਦੀ ਇਹ ਹਰਕਤ ਪੰਜਾਬੀਆਂ ਖ਼ਾਸ ਕਰਕੇ ਸਿੱਖ ਭਾਈਚਾਰੇ ਦਾ ਘੋਰ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜ਼ਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਸ ਅਫ਼ਸਰ ਨਾਲ ਡਟ ਕੇ ਖੜ੍ਹਾ ਹੈ, ਜਿਸ ਨੇ ਆਪਣੀ ਡਿਊਟੀ ਨਿਭਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ।
ਇਹ ਵੀ ਪੜ੍ਹੋ : ਪਲਟ ਗਈ ਕਹਾਣੀ, ਭਾਜਪਾ ਦੀ ਰਣਨੀਤੀ ’ਤੇ ਫਿਰਿਆ ਪਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e