ਪੰਜਾਬ ਭਿਖਾਰੀ ਨਹੀਂ, ਅਸੀਂ ਆਪਣਾ ਹੱਕ ਲੈਣਾ ਜਾਣਦੇ ਹਾਂ : ਭਗਵੰਤ ਮਾਨ
Wednesday, Feb 26, 2025 - 11:55 AM (IST)

ਚੰਡੀਗੜ੍ਹ/ਜਲੰਧਰ, (ਅੰਕੁਰ, ਧਵਨ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਵਿੱਚ ਰੁਕਾਵਟਾਂ ਪਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।
ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਹਿੱਸਾ ਲੈਣ ਮੌਕੇ ਆਰ. ਡੀ. ਐੱਫ਼. ਦੇ ਫੰਡ ਰੋਕਣ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਵਿਤਕਰੇ ਭਰੇ ਰਵੱਈਏ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਬਦਨਾਮ ਕਰਨ ਵਿਚ ਕੋਈ ਕਸਰ ਨਹੀਂ ਛੱਡਦੀ ਅਤੇ ਹਾਲ ਹੀ ਵਿਚ ਅਮਰੀਕਾ ਦੇ ਜਹਾਜ਼ਾਂ ਦਾ ਅੰਮ੍ਰਿਤਸਰ ਵਿਚ ਡਿਪੋਰਟ ਕੀਤੇ ਲੋਕਾਂ ਨੂੰ ਲੈ ਕੇ ਉਤਰਨਾ ਇਸ ਦੀ ਜਿਊਂਦੀ ਜਾਗਦੀ ਮਿਸਾਲ ਹੈ, ਭਾਵੇਂ ਕਿ ਉਨ੍ਹਾਂ ਵਿਚੋਂ ਜ਼ਿਆਦਾਤਰ ਦੂਜੇ ਸੂਬਿਆਂ ਤੋਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ। ਕੇਂਦਰ ਸਰਕਾਰ ਦਾ ਇਕੋ-ਇਕ ਮਕਸਦ ਸੂਬੇ ਦੇ ਅਕਸ ਨੂੰ ਧੁੰਦਲਾ ਕਰਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ, ਜਲੰਧਰ 'ਚ ਪਾਦਰੀ ਦੀ ਪਤਨੀ ਨਾਲ ਗੈਂਗਰੇਪ, ਇੰਝ ਖੁੱਲ੍ਹਿਆ ਭੇਤ
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬੰਗਲਾਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਲਿਜਾ ਰਹੇ ਜਹਾਜ਼ ਨੂੰ ਹਿੰਡਨ ਹਵਾਈ ਅੱਡੇ ’ਤੇ ਉਤਾਰਿਆ ਜਾ ਸਕਦਾ ਹੈ ਤਾਂ ਇਸ ਜਹਾਜ਼ ਨੂੰ ਦੇਸ਼ ਦੇ ਕਿਸੇ ਹੋਰ ਹਿੱਸੇ ਵਿਚ ਕਿਉਂ ਨਹੀਂ ਲਿਜਾਇਆ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਸਿਰਫ਼ ਪੰਜਾਬ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਕੌਮੀ ਸਮੱਸਿਆ ਹੈ, ਜਦੋਂ ਕਿ ਇਹ ਤਸਵੀਰ ਇਸ ਤਰ੍ਹਾਂ ਪੇਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਇਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇਸ ਲਈ ਸਿਰਫ਼ ਪੰਜਾਬੀਆਂ ਨੂੰ ਹੀ ਅਮਰੀਕਾ ਤੋਂ ਵਾਪਸ ਭੇਜਿਆ ਹੈ। ਸੂਬੇ ਪ੍ਰਤੀ ਅਜਿਹਾ ਰਵੱਈਆ ਅਸਹਿਣਸ਼ੀਲ, ਗੈਰ-ਵਾਜਿਬ ਅਤੇ ਅਣਉਚਿਤ ਹੈ ਪਰ ਅਸੀਂ ਸੂਬੇ ਦੇ ਮਾਣ-ਸਨਮਾਨ ਨਾਲ ਸਮਝੌਤਾ ਨਹੀਂ ਕਰ ਸਕਦੇ।
ਇਹ ਵੀ ਪੜ੍ਹੋ : Deport ਦੇ ਮਾਮਲਿਆਂ ਮਗਰੋਂ ਪੰਜਾਬ ਦੇ 271 ਟਰੈਵਲ ਏਜੰਟਾਂ 'ਤੇ ਵੱਡੀ ਕਾਰਵਾਈ, ਮਿੰਟਾਂ 'ਚ ਪੈ ਗਈਆਂ ਭਾਜੜਾਂ
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਯਾਦ ਦਿਵਾਇਆ ਕਿ ਪੰਜਾਬ ਨੇ ਕੌਮੀ ਆਜ਼ਾਦੀ ਸੰਘਰਸ਼ ਵਿਚ ਮੁੱਖ ਭੂਮਿਕਾ ਨਿਭਾਈ ਹੈ ਕਿਉਂਕਿ ਸ਼ਹੀਦ ਜਾਂ ਜਲਾਵਤਨ ਹੋਏ 80 ਫੀਸਦੀ ਤੋਂ ਵੱਧ ਆਜ਼ਾਦੀ ਘੁਲਾਟੀਏ ਪੰਜਾਬ ਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ, ਭਾਰਤ ਦਾ ਅੰਨਦਾਤਾ ਹੈ, ਜਿਸ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ-ਨਿਰਭਰ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਪੰਜਾਬ ਭਿਖਾਰੀ ਨਹੀਂ ਹੈ ਅਤੇ ਅਸੀਂ ਜਾਣਦੇ ਹਾਂ ਕਿ ਆਪਣੇ ਹੱਕ ਕਿਵੇਂ ਲੈਣੇ ਹਨ, ਜਿਸ ਲਈ ਪੂਰੀ ਜਦੋ-ਜਹਿਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕਾਂਗਰਸ ਦੀ ਵੱਡੀ ਕਾਰਵਾਈ, 5 ਜ਼ਿਲ੍ਹਾ ਪ੍ਰਧਾਨ, 15 ਸੂਬਾਈ ਜਨਰਲ ਸਕੱਤਰਾਂ ਤੇ 16 ਸਕੱਤਰਾਂ ਨੂੰ ਨੋਟਿਸ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e