‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਮੰਤਵ ਆਮ ਆਦਮੀ ਨੂੰ ਸਹੀ ਅਰਥਾਂ ’ਚ ਅਖ਼ਤਿਆਰ ਦੇਣਾ: ਭਗਵੰਤ ਮਾਨ
Sunday, Jun 11, 2023 - 11:18 AM (IST)
ਜਲੰਧਰ/ਮਾਨਸਾ (ਧਵਨ, ਜੱਸਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਦਾ ਮੰਤਵ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤਕ ਪਹੁੰਚਾਉਣਾ ਯਕੀਨੀ ਬਣਾ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਹੈ। ਸ਼ਨੀਵਾਰ ਨੂੰ ਮਾਨਸਾ ਵਿਖੇ ’ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨੇ ਸੂਬੇ ’ਚ ਪਹਿਲੀ ਵਾਰ ਅਫ਼ਸਰਸ਼ਾਹੀ ਨੂੰ ਸਿੱਧੇ ਤੌਰ ’ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾ ਕੇ ਸਮੁੱਚੀ ਸ਼ਾਸਨ ਪ੍ਰਣਾਲੀ ’ਚ ਕ੍ਰਾਂਤੀ ਲਿਆ ਦਿੱਤੀ ਹੈ, ਜਿਸ ਨਾਲ ਲੋਕਾਂ ਨੂੰ ਵੱਧ ਅਖ਼ਤਿਆਰ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਜਿੱਥੇ ਸ਼ਾਸਨ ਨੂੰ ਲੋਕਾਂ ਦੇ ਘਰਾਂ ਤਕ ਲੈ ਕੇ ਆਵੇਗਾ, ਉੱਥੇ ਪ੍ਰਸ਼ਾਸਨ ’ਚ ਮੁਕੰਮਲ ਕ੍ਰਾਂਤੀ ਲਿਆਵੇਗਾ।
ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਇਸ ਲੋਕਪੱਖੀ ਕਦਮ ਨਾਲ ਲੋਕਾਂ ਨੂੰ ਬਹੁਤ ਲਾਭ ਹੋਵੇਗਾ, ਕਿਉਂਕਿ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ’ਚ ਸੇਵਾਵਾਂ ਪ੍ਰਾਪਤ ਕਰਨ ਲਈ ਇੱਧਰ-ਉੱਧਰ ਨਹੀਂ ਭੱਜਣਾ ਪਵੇਗਾ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।
ਇਹ ਵੀ ਪੜ੍ਹੋ- ਖ਼ਤਰੇ 'ਚ ਜਲੰਧਰ! ਟਰੱਕਾਂ 'ਚੋਂ ਸ਼ਰੇਆਮ ਚੋਰੀ ਹੋ ਰਹੀ ਰਸੋਈ ਗੈਸ, ਕਿਸੇ ਸਮੇਂ ਵੀ ਵਾਪਰ ਸਕਦੈ ਵੱਡਾ ਹਾਦਸਾ
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ‘ਰੰਗਲਾ ਪੰਜਾਬ’ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਪਿਛਲੇ ਸ਼ਾਸਕ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ’ਚ ਘੁੰਮ ਰਹੇ ਹਨ। ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਹੋਰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ’ਚ ਵੀ ਇਸ ਰਫ਼ਤਾਰ ਨੂੰ ਜਾਰੀ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨ ਦੌਰਾਨ ਵਧੇ-ਫੁੱਲੇ ਮਾਫ਼ੀਆ ਦੀ ਰੀੜ੍ਹ ਦੀ ਹੱਡੀ ਤੋੜਨ ਲਈ ਸਾਡੀ ਸਰਕਾਰ ਨੇ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਸੂਬਾ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਕੈਬਨਿਟ 'ਚ ਚਿੱਟ ਫੰਡ ਕੰਪਨੀਆਂ ਖ਼ਿਲਾਫ਼ ਸਖ਼ਤੀ ਤੇ ਨਵੀਆਂ ਭਰਤੀਆਂ ਸਣੇ ਕਈ ਫ਼ੈਸਲਿਆਂ 'ਤੇ ਲੱਗੀ ਮੋਹਰ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani