ਭਗਵੰਤ ਮਾਨ ਨੇ ਘੇਰੇ ਕੈਪਟਨ ਤੇ ਬਾਦਲ, ਰਾਜੋਆਣਾ ਮਾਮਲੇ ''ਤੇ ਦੇਖੋ ਕੀ ਬੋਲੇ
Sunday, Oct 06, 2019 - 06:26 PM (IST)

ਲੁਧਿਆਣਾ (ਸਲੂਜਾ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਐੱਮ. ਪੀ. ਭਗਵੰਤ ਮਾਨ ਨੇ ਪਿਛਲੀ ਬਾਦਲ ਸਰਕਾਰ ਅਤੇ ਮੌਜੂਦਾ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਮਾਨ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਾਣੀ ਵਿਚ ਬੱਸਾਂ ਚਲਾਉਣ ਦਾ ਸੁਪਨਾ ਦਿਖਾ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਚੱਲਦੇ ਬਣੇ ਅਤੇ ਮੌਜੂਦਾ ਕੈਪਟਨ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹੱਥ ਵਿਚ ਸ੍ਰੀ ਜਪੁਜੀ ਸਾਹਿਬ ਜੀ ਦਾ ਪਵਿੱਤਰ ਗੁਟਕਾ ਫੜ ਕੇ ਸਹੁੰ ਖਾਧੀ ਪਰ ਅੱਜ ਨਸ਼ਾ ਪੰਜਾਬ ਦੇ ਹਰ ਘਰ ਤੱਕ ਪੁੱਜ ਚੁੱਕਾ ਹੈ। ਨੌਜਵਾਨ ਤਾਂ ਨਸ਼ੇ ਦੀ ਦਲਦਲ ਵਿਚ ਫਸਣ ਕਾਰਣ ਮਰ ਹੀ ਰਹੇ ਹਨ। ਪੰਜਾਬ ਦਾ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਸੰਕਟ ਦੇ ਭਾਰ ਹੇਠ ਦੱਬਣ ਨਾਲ ਰੋਜ਼ਾਨਾ ਖੁਦਕੁਸ਼ੀਆਂ ਕਰ ਰਿਹਾ ਹੈ। ਰੋਜ਼ਗਾਰ ਦੇ ਨਵੇਂ ਮੌਕੇ ਨਾ ਮਿਲਣ ਕਾਰਣ ਬੇਰੋਜ਼ਗਾਰ ਨੌਜਵਾਨਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ, ਜਦੋਂਕਿ ਸੱਤਾਧਾਰੀ ਸਰਕਾਰ ਸਿਰਫ ਬਿਆਨਬਾਜ਼ੀ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ਅਮਨ ਕਾਨੂੰਨ ਦੀ ਹਾਲਤ ਬਦ-ਤੋਂ-ਬਦਤਰ ਹੁੰਦੀ ਜਾ ਰਹੀ ਹੈ। ਅੱਜ ਪੰਜਾਬ ਵਿਚ ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗਾ ਹੈ।
ਉਨ੍ਹਾਂ ਕਿਹਾ ਕਿ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਅੱਤਵਾਦੀ ਬਲਵੰਤ ਸਿੰਘ ਰਾਜੋਆਣਾ ਨੂੰ ਮੌਤ ਦੀ ਸਜ਼ਾ ਕਾਨੂੰਨ ਮੁਤਾਬਕ ਹੋਈ ਅਤੇ ਉਮਰ ਕੈਦ ਬਦਲਣ ਦੀ ਪ੍ਰਕਿਰਿਆ ਵੀ ਕਾਨੂੰਨ ਤਹਿਤ ਹੋਈ ਅਤੇ ਹੁਣ ਜੇਕਰ ਉਸ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਤਾਂ ਉਹ ਵੀ ਕਾਨੂੰਨ ਦੇ ਤਹਿਤ ਹੀ ਹੋਣ ਜਾ ਰਿਹਾ ਹੈ। ਉਹ ਇਸ ਦੀ ਹਮਾਇਤ ਕਰਦੇ ਹਨ।