ਸੁਖਬੀਰ ਖਿਲਾਫ ਮਿਲੀ ਵੱਡੀ ਹਾਰ ਤੋਂ ਬਾਅਦ ਪਹਿਲੀ ਵਾਰ ਜਲਾਲਾਬਾਦ ਪਹੁੰਚੇ ਭਗਵੰਤ ਮਾਨ, ਕੁਝ ਇਸ ਤਰ੍ਹਾਂ ਦਾ ਦਿਤਾ ਬਿਆਨ

03/31/2017 7:16:43 PM

ਜਲਾਲਾਬਾਦ (ਮਿੱਕੀ) : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਿਰੁੱਧ ਵਿਧਾਨ ਸਭਾ ਚੋਣ ਲੜਣ ਵਾਲੇ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ 11 ਮਾਰਚ ਨੂੰ ਐਲਾਨੇ ਗਏ ਚੋਣ ਨਤੀਜਿਆਂ ਤੋਂ ਬਾਅਦ ਪਹਿਲੀ ਵਾਰ ਸ਼ੁੱਕਰਵਾਰ ਨੂੰ ਹਲਕਾ ਜਲਾਲਾਬਾਦ ਅੰਦਰ ਦਿਖਾਈ ਦਿੱਤੇ। ਇਸ ਦੌਰਾਨ ਭਗਵੰਤ ਮਾਨ ਨੇ ਹਲਕਾ ਜਲਾਲਾਬਾਦ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰਦੇ ਹੋਏ ਹਲਕੇ ਦੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ। ਵੱਖ-ਵੱਖ ਥਾਵਾਂ ''ਤੇ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਫੈਸਲੇ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹਨ ਅਤੇ ਵਿਸ਼ਵਾਸ ਦਿਵਾਉਂਦੇ ਹਨ ਕਿ ਵਿਰੋਧੀ ਧਿਰ ਵਿਚ ਬੈਠੀ ਆਮ ਆਦਮੀ ਪਾਰਟੀ ਆਪਣੀ ਵਿਰੋਧੀ ਧਿਰ ਵਾਲੀ ਭੂਮਿਕਾ ਨੂੰ ਬਾਖੂਬੀ ਢੰਗ ਨਾਲ ਨਿਭਾਵੇਗੀ ਤੇ ਪੰਜਾਬ ਵਾਸੀਆਂ ਦੀਆਂ ਮੁਸ਼ਕਲਾਂ ਤੇ ਮੰਗਾਂ ਨੂੰ ਵਿਧਾਨ ਸਭਾ ਵਿਚ ਸਮੇਂ-ਸਮੇਂ ''ਤੇ ਉਠਾਉਂਦੀ ਰਹੇਗੀ।
ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕਰਦਿਆਂ ਕਿਹਾ ਕਿ ਉਹ ਜਲਦ ਕਿਸਾਨਾਂ ਦੇ ਕਰਜ਼ ਨੂੰ ਮੁਆਫ ਕਰਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਾਲਾ ਵਾਅਦਾ ਵੀ ਪੂਰਾ ਕਰਨ ਤੇ ਇਸ ਤੋਂ ਇਲਾਵਾ ਨਸ਼ਾ ਤਸਕਰੀ ਕਰਨ ਵਾਲੇ ਵੱਡੇ ਮਗਰਮੱਛਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇ। ਪਿਛਲੇ ਦਿਨੀਂ ਇਲਾਕੇ ਅੰਦਰ ਚੱਲੀਆਂ ਤੇਜ਼ ਹਵਾਵਾਂ ਤੇ ਬਾਰਿਸ਼ ਕਾਰਨ ਖੇਤਾਂ ਵਿਚ ਡਿੱਗੀ ਕਣਕ ਦੀ ਫ਼ਸਲ ਦਾ ਜਾਇਜ਼ਾ ਵੀ ਭਗਵੰਤ ਮਾਨ ਵੱਲੋਂ ਲਿਆ ਗਿਆ ਤੇ ਉਨ੍ਹਾਂ ਨੇ ਕਿਸਾਨਾਂ ਕੋਲ ਜਾ ਕੇ ਮੁਸ਼ਕਲਾਂ ਸੁਣੀਆਂ।

Gurminder Singh

This news is Content Editor Gurminder Singh