ਭਗਵੰਤ ਮਾਨ ਲੜਨਗੇ ਧੂਰੀ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ
Thursday, Jan 20, 2022 - 06:09 PM (IST)
ਚੰਡੀਗੜ੍ਹ (ਵੈੱਬ ਡੈਸਕ) - ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਹਲਕਾ ਧੂਰੀ ਤੋਂ ਵਿਧਾਨ ਸਭਾ ਦੀ ਚੋਣ ਲੜਨਗੇ। ਇਸ ਦਾ ਖ਼ੁਲਾਸਾ ਮੋਹਾਲੀ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਵਿਚ ਰਾਘਵ ਚੱਢਾ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਬੀਤੇ 50 ਸਾਲਾਂ ਦੌਰਾਨ ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ ਹੈ ਅਤੇ ਹੁਣ ਲੋਕ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਲੋਕ ਭਗਵੰਤ ਮਾਨ ਨੂੰ ਇਕ ਮੌਕਾ ਦੇਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਮਜ਼ਬੂਤੀ ਨਾਲ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ 'ਚ ਆਪਣੀ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਵੇਖਣਾ ਚਾਹੁੰਦੇ ਹਨ, ਸੁਣਨਾ ਚਾਹੁੰਦੇ ਹਨ ਅਤੇ ਲੋਕਾਂ ਦੇ ਵਿਚਕਾਰ ਹਨ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਬਹੁਤ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਭਾਵੇਂ ਸੂਬੇ ਦੇ ਕਿਸੇ ਵੀ ਹਲਕੇ ਤੋਂ ਲੜਨ, ਉਹ ਜ਼ਰੂਰ ਜਿੱਤਣਗੇ।
ਇਹ ਵੀ ਪੜ੍ਹੋ: ਜਲੰਧਰ ਦੇ ਡੀ. ਸੀ. ਵੱਲੋਂ ਆਈਲੈੱਟਸ ਸੈਂਟਰਾਂ ਨੂੰ ਵੱਡੀ ਰਾਹਤ, ਜਾਰੀ ਕੀਤੇ ਇਹ ਨਵੇਂ ਹੁਕਮ
ਅੱਗੇ ਬੋਲਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਇਕ ਅਤੇ ਇਕ ਗਿਆਰਾ ਸਾਬਤ ਹੋਵੇਗੀ। 2015 ਤੋਂ ਲੈ ਕੇ 2021 ਤੱਕ ਅਰਵਿੰਦ ਕੇਜਰੀਵਾਲ ਨੇ ਜੋ ਦਿੱਲੀ ਵਿਚ ਮਾਡਲ ਵਿਖਾਇਆ ਹੈ, ਉਸ ਨੂੰ ਪੰਜਾਬ ਦੇ ਲੋਕ ਵੀ ਵੇਖਣਾ ਚਾਹੁੰਦੇ ਹਨ। ਇਸੇ ਕਰਕੇ ਪੰਜਾਬ ਦੇ ਲੋਕ ਹੁਣ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣਾ ਚਾਹੁੰਦੇ ਹਨ। ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਬੇਹੱਦ ਮੁਹੱਬਤ ਕਰਦੇ ਹਨ। ਮੈਨੂੰ ਲੱਗਦਾ ਹੈ ਕਿ 2022 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਹੀ ਇਕਲੌਤੀ ਪਾਰਟੀ ਹੈ ਜੋ ਆਪਣੇ ਸੀ. ਐੱਮ. ਦੇ ਚਿਹਰੇ ਦਾ ਐਲਾਨ ਕਰਕੇ ਵਿਧਾਨ ਸਭਾ ਚੋਣਾਂ ਲੜੇਗੀ। ਕਾਂਗਰਸ ਵਿਚ ਤਾਂ ਕਾਟੋ-ਕਲੇਸ਼ ਹੀ ਚੱਲ ਰਿਹਾ ਹੈ, ਜਿਨ੍ਹਾਂ ਨੇ ਅਜੇ ਤੱਕ ਸੀ. ਐੈੱਮ. ਚਿਹਰੇ ਦਾ ਐਲਾਨ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਨਾ ਹੀ ਭਾਜਪਾ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਰਸਮੀ ਤੌਰ ’ਤੇ ਐਲਾਨ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਧੂਰੀ ਹਲਕੇ ਤੋਂ ਕਾਂਗਰਸ ਦੀ ਪਾਰਟੀ ਵੱਲੋਂ ਦਲਵੀਰ ਗੋਲਡੀ ਨੂੰ ਉਮੀਦਵਾਰ ਰੂਪ ਵਿਚ ਐਲਾਨਿਆ ਗਿਆ, ਜਿੱਥੇ ਚੋਣਾਂ ਦੌਰਾਨ ਭਗਵੰਤ ਮਾਨ ਦਲਵੀਰ ਗੋਲਡੀ ਨੂੰ ਟੱਕਰ ਦਿੰਦੇ ਨਜ਼ਰ ਆਉਣਗੇ।
ਇਹ ਵੀ ਪੜ੍ਹੋ: ਪਰਗਟ ਸਿੰਘ ਦਾ ਵੱਡਾ ਐਲਾਨ, ਨਵੀਂ ਸਰਕਾਰ ਬਣਨ ਤੋਂ ਪਹਿਲਾਂ 36 ਹਜ਼ਾਰ ਮੁਲਾਜ਼ਮ ਹੋਣਗੇ ਪੱਕੇ, ਕੈਪਟਨ ਨੂੰ ਦਿੱਤਾ ਚੈਲੇਂਜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ