ਜਲੰਧਰ ਪੁੱਜੇ CM ਮਾਨ ਬੋਲੇ, ਬਿਨ੍ਹਾਂ ਸਿਫ਼ਾਰਿਸ਼ ਨੌਜਵਾਨਾਂ ਨੂੰ ਦੇਵਾਂਗੇ ਨੌਕਰੀਆਂ, ਹਰ ਵਿਭਾਗ ਨੂੰ ਕਰਾਂਗੇ ਪਾਰਦਰਸ਼ੀ

Wednesday, May 17, 2023 - 06:49 PM (IST)

ਜਲੰਧਰ ਪੁੱਜੇ CM ਮਾਨ ਬੋਲੇ, ਬਿਨ੍ਹਾਂ ਸਿਫ਼ਾਰਿਸ਼ ਨੌਜਵਾਨਾਂ ਨੂੰ ਦੇਵਾਂਗੇ ਨੌਕਰੀਆਂ, ਹਰ ਵਿਭਾਗ ਨੂੰ ਕਰਾਂਗੇ ਪਾਰਦਰਸ਼ੀ

ਜਲੰਧਰ/ਫਗਵਾੜਾ (ਵੈੱਬ ਡੈਸਕ,ਜਲੋਟਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲੰਧਰ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ। ਇਸ ਕੈਬਨਿਟ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿੱਥੇ ਜਲੰਧਰ ਲਈ 95 ਕਰੋੜ 16 ਲੱਖ ਦੀ ਰਾਸ਼ੀ ਜਾਰੀ ਗਈ, ਉਥੇ ਹੀ ਕਈ ਅਹਿਮ ਫ਼ੈਸਲੇ ਵੀ ਲਏ ਗਏ ਹਨ। ਇਹ ਰਾਸ਼ੀ ਜਲੰਧਰ ਦੇ ਵਿਕਾਸ ਕਾਰਜਾਂ 'ਤੇ ਖ਼ਰਚ ਕੀਤੀ ਜਾਵੇਗੀ। ਕੈਬਨਿਟ ਮੀਟਿੰਗ ਮਗਰੋਂ ਕਲੱਬ ਕਬਾਨਾ ਵਿਚ ਰੱਖੇ ਗਏ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਵਿਚ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਵਿਚ ਬਿਨਾਂ ਸਿਫ਼ਾਰਿਸ਼ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਨੌਕਰੀਆਂ ਲਈ ਤੁਹਾਡੇ ਘਰਾਂ ਵਿਚ ਹੀ ਚਿੱਠੀਆਂ ਆਉਂਣਗੀਆਂ, ਭਾਵੇਂ ਇਕ ਘਰ ਵਿਚ ਤਿੰਨ ਲੋਕਾਂ ਨੂੰ ਹੀ ਕਿਉਂ ਨਾ ਸਰਕਾਰੀ ਨੌਕਰੀ ਮਿਲਣੀ ਹੋਵੇ, ਸਰਕਾਰ ਉਹ ਵੀ ਦੇਵੇਗੀ। ਉਨ੍ਹਾਂ ਕਿਹਾ ਕਿ ਹੁਣ ਇਕ ਸਾਲ ਵਿਚ ਇਕ ਸ਼ਖ਼ਸ਼ ਨੂੰ ਤਿੰਨ-ਤਿੰਨ ਸਰਕਾਰੀ ਨੌਕਰੀਆਂ ਦੇ ਚਾਂਸ ਮਿਲ ਰਹੇ ਹਨ। ਇਹ ਤਾਂ ਹੀ ਹੋ ਸਕਦਾ ਹੈ ਜੇਕਰ ਸਰਕਾਰ ਈਮਾਨਦਾਰੀ ਹੋਵੇ। ਇਸ ਤੋਂ ਪਹਿਲਾਂ ਕਿਸੇ ਨੌਜਵਾਨ ਨੂੰ ਇਕ ਵੀ ਚਾਂਸ ਨਹੀਂ ਮਿਲਿਆ।  ਅੱਗੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੈਸ਼ਨਲ ਪਾਰਟੀ ਬਣਨ ਮਗਰੋਂ ਜਲੰਧਰ ਵਾਸੀਆਂ ਨੇ ਸ਼ੁੱਭ ਸ਼ਗਨ ਦਿੱਤਾ ਹੈ। ਜਲੰਧਰ ਵਾਸੀਆਂ ਨੇ ਸਾਡਾ ਹੌਂਸਲਾ ਵਧਾਇਆ ਹੈ। ਹੁਣ ਇਕ-ਇਕ ਵੋਟ ਦਾ ਮੁੱਲ ਮੋੜਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਆਦਮਪੁਰ ਸੜਕ ਦਾ ਕੰਮ ਸ਼ੁਰੂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ - ਡਰੋਨ ਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ ਪੰਜਾਬ ਪੁਲਸ ਦਾ ਵੱਡਾ ਐਲਾਨ

PunjabKesari

ਪੰਜਾਬ ਵਿਚੋਂ ਮਾਫ਼ੀਆ ਰਾਜ ਨੂੰ ਬੰਦ ਕੀਤਾ ਜਾਵੇਗਾ। ਹਰ ਵਿਭਾਗ ਨੂੰ ਪਾਰਦਰਸ਼ੀ ਕਰਾਂਗੇ। ਪੰਜਾਬ ਦੇ ਲੋਕਾਂ 'ਤੇ ਮੈਨੂੰ ਕੋਈ ਸ਼ੱਕ ਨਹੀਂ ਹੈ। ਪੰਜਾਬੀ ਕੌਮ ਮਿਹਨਤੀ ਕੌਮ ਹੈ। ਪਹਿਲਾਂ ਇਹ ਹੁੰਦਾ ਸੀ ਕਿ ਲੀਡਰ ਜਿੱਤ ਸਾਡੇ ਸਨ ਤਾਂ ਲੋਕ ਹਾਰ ਜਾਂਦੇ ਸਨ, ਹੁਣ ਲੋਕ ਜਿੱਤਦੇ ਹਨ ਅਤੇ ਲੀਡਰ ਹਾਰ ਜਾਂਦੇ ਹਨ। ਪੜ੍ਹੇ ਹੋਏ ਬੱਚਿਆਂ ਨੂੰ ਡਿਗਰੀਆਂ ਮੁਤਾਬਕ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਦੀਆਂ ਸਰਕਾਰਾਂ ਸਾਡੇ ਕੰਮਾਂ ਨੂੰ ਫਾਲੋ ਕਰ ਰਹੀਆਂ ਹਨ। ਅਸੀਂ ਜੋ ਜੋ ਨਹੀਂ ਕਿਹਾ ਸੀ ਕਿ ਉਹ ਵੀ ਕੰਮ ਕਰ ਰਹੇ ਹਾਂ। ਸਾਡੇ ਕੋਲ ਬੈਸਟ ਟੀਮ ਹੈ ਅਤੇ ਸਭ ਤੋਂ ਟੀਮ ਵਿਚ ਕੰਮ ਕਰਨ ਵਾਲਿਆਂ ਵਿਚ ਪੰਜਾਬ ਦਾ ਹੁਣ ਨੰਬਰ ਆਉਣ ਲੱਗਾ ਹੈ। 

ਇਹ ਵੀ ਪੜ੍ਹੋ - ਡਾਕਟਰ ਦੀ ਲਾਪਰਵਾਹੀ, ਡਿਲਿਵਰੀ ਮਗਰੋਂ ਔਰਤ ਨੂੰ ਚੜ੍ਹਾ ਦਿੱਤਾ ਗ਼ਲਤ ਖ਼ੂਨ, ਪਲਾਂ 'ਚ ਉੱਜੜ ਗਿਆ ਪਰਿਵਾਰ

ਭਗਵੰਤ ਮਾਨ ਨੇ ਕਿਹਾ ਕਿ ਬਤੌਰ ਮੁੱਖ ਮੰਤਰੀ ਅਤੇ ਪੰਜਾਬ ਪ੍ਰਧਾਨ ਹੋਣ ਦੇ ਤੌਰ 'ਤੇ ਇਕ ਗੱਲੋਂ ਮੈਂ ਜਨਤਾ ਨੂੰ ਤਸੱਲੀ ਦਿਵਾਉਂਦਾ ਹਾਂ ਕਿ ਤੁਹਾਡਾ ਸਿਰ ਨੀਂਵਾ ਨਹੀਂ ਹੋਣ ਦੇਵਾਂਗੇ। ਇਹੋ ਜਿਹੇ ਫ਼ੈਸਲੇ ਆਉਣਗੇ ਕਿ ਤੁਸੀਂ ਮਾਣ ਨਾਲ ਕਹੋਗੇ ਕਿ ਜੋ ਕੰਮ ਸਰਕਾਰ ਨੇ ਕਿਹਾ ਵੀ ਨਹੀਂ ਸੀ ਤਾਂ ਵੀ ਕਰ ਦਿੱਤਾ। ਅਸੀਂ ਜਿੰਨੇ ਵਾਅਦੇ ਜਨਤਾ ਨਾਲ ਕੀਤੇ ਹਨ, ਉਸ ਤੋਂ ਵੱਧ ਕੰਮ ਕਰਕੇ ਵਿਖਾਂਵਾਗੇ।  ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ’ਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਕੋਲ ਜਾਦੂ ਦੀ ਕੋਈ ‘ਛੜੀ’ ਨਹੀਂ ਹੈ ਪਰ ਫਿਰ ਵੀ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ। ਉਨ੍ਹਾਂ ਵਿਅੰਗ ਕੱਸਦਿਆਂ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਆਗੂ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਨਹੀਂ ਆਏ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ’ਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਤੀ ਨੂੰ ਆਉਣ ਵਾਲੇ ਦਿਨਾਂ ’ਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇ।

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਮਹੱਤਤਾ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿਚ ਕੋਈ ਮਿਸਾਲ ਨਹੀਂ ਹੈ, ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ’ਤੇ ਹੱਲ ਕਰਨ ਲਈ ਇੰਨਾ ਸਮਾਂ ਦੇਣ ਦੀ ਖੇਚਲ ਨਹੀਂ ਕਰਦੀ। ਇਹ ਪ੍ਰੋਗਰਾਮ ਇਕ ਪਾਸੇ ਜਨਤਕ ਸਮੱਸਿਆਵਾਂ ਦਾ ਜਲਦੀ ਹੱਲ ਕਰੇਗਾ, ਦੂਜੇ ਪਾਸੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਵੀ ਮਦਦਗਾਰ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਇਹ ਯਕੀਨੀ ਬਣਾਉਂਦੀ ਹੈ ਕਿ ਅਧਿਕਾਰੀ ਖਾਸ ਕਰ ਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਫੀਲਡ ਦੌਰੇ ਖ਼ਾਸ ਕਰਕੇ ਪਿੰਡਾਂ ਵਿਚ ਕਰਨ ਅਤੇ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ। ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਵੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਅੱਜ ਜਲੰਧਰ ਵਿਖੇ ਵਜ਼ਾਰਤ ਦੀ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਦੇ ਘਰ-ਘਰ ਤੱਕ ਪਹੁੰਚ ਸਕੇ।

ਸੂਬੇ ’ਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਸਰਕਾਰ ਨੇ ਸੂਬੇ ’ਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ ਕਾਰਜ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਯੋਗਤਾ ਇਸ ਪੂਰੀ ਭਰਤੀ ਮੁਹਿੰਮ ਦੇ ਦੋ ਮੁੱਖ ਥੰਮ੍ਹ ਹਨ। ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖ਼ਤਾ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ 29 ਹਜ਼ਾਰ ਤੋਂ ਵੱਧ ਨਿਯੁਕਤੀਆਂ ਵਿਚੋਂ ਇਕ ਵੀ ਨਿਯੁਕਤੀ ਨੂੰ ਅਦਾਲਤ ਵਿਚ ਚੁਣੌਤੀ ਨਹੀਂ ਦਿੱਤੀ ਗਈ ਹੈ।

ਭਰਤੀ ਦੀ ਸਮੁੱਚੀ ਪ੍ਰਕਿਰਿਆ ਨੂੰ ਮਿਲਿਆ ਹਾਂ-ਪੱਖੀ ਹੁੰਗਾਰਾ
ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਨੂੰ ਹਾਂ-ਪੱਖੀ ਹੁੰਗਾਰਾ ਮਿਲਿਆ ਹੈ, ਕਿਉਂਕਿ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਨਾਲ ਅੱਗੇ ਵਧਣ ਦੇ ਮੌਕੇ ਮਿਲੇ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂ ਵਿਚ ਇਕ ਨੌਜਵਾਨ ਨੂੰ ਕਲਰਕ ਵਜੋਂ ਭਰਤੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਆਪਣੀ ਮਿਹਨਤ ਨਾਲ ਸਹਾਇਕ ਲਾਈਨਮੈਨ ਅਤੇ ਬਾਅਦ ਵਿਚ ਉਪ ਮੰਡਲ ਅਫ਼ਸਰ (ਐੱਸ. ਡੀ. ਓ.) ਵਜੋਂ ਭਰਤੀ ਹੋਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨੌਜਵਾਨਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇਹ ਗਤੀ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ - ਜਲੰਧਰ 'ਚ NIA ਦੀ ਰੇਡ, ਗੈਂਗਸਟਰ ਪੁਨੀਤ ਸ਼ਰਮਾ ਦੇ ਘਰ ਕੀਤੀ ਛਾਪੇਮਾਰੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News