ਜਲੰਧਰ 'ਚ ਅੱਜ ਤੋਂ ਮੁੱਖ ਮੰਤਰੀ ਭਗਵੰਤ ਮਾਨ ਸ਼ੁਰੂ ਕਰਨਗੇ ਚੋਣ ਪ੍ਰਚਾਰ

Saturday, Jun 22, 2024 - 11:24 AM (IST)

ਜਲੰਧਰ (ਵੈੱਬ ਡੈਸਕ)-ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਜਲੰਧਰ ਵਿਚ ਜ਼ਿਮਨੀ ਚੋਣ ਦੀ ਅਗਵਾਈ ਕਰਦੇ ਹੋਏ ਚੋਣ ਪ੍ਰਚਾਰ ਕਰਨ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਟੀਮ ਸਮੇਤ ਜਲੰਧਰ ਵਿਚ ਸ਼ਿਫ਼ਟ ਹੋਣ ਜਾ ਰਹੇ ਹਨ। ਚੋਣ ਪ੍ਰਚਾਰ ਮੌਕੇ ਪੰਜਾਬ ਦੀ ਵਜ਼ਾਰਤ ਵੀ ਨਾਲ ਰਹੇਗੀ। 

ਜ਼ਿਕਰਯੋਗ ਹੈ ਕਿ ਜਲੰਧਰ ਵੈਸਟ ਹਲਕੇ ਦੀ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ 1,72,020 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਚੋਣ ਕਮਿਸ਼ਨ ਅਨੁਸਾਰ ਇਨ੍ਹਾਂ ’ਚੋਂ 89,685 ਮਰਦ ਅਤੇ 82,327 ਮਹਿਲਾ ਵੋਟਰ ਹਨ। ਇਸ ਦੇ ਨਾਲ ਹੀ 18-19 ਉਮਰ ਦੇ ਨੌਜਵਾਨ ਵੋਟਰਾਂ ਦੀ ਗਿਣਤੀ 5005 ਹੈ। ਇਨ੍ਹਾਂ ’ਚੋਂ 2723 ਲੜਕੇ ਅਤੇ 2282 ਲੜਕੀਆਂ ਵੋਟਰ ਹਨ ਜਦਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਦੀ ਗਿਣਤੀ 746 ਹੈ। ਇਨ੍ਹਾਂ ’ਚੋਂ 364 ਮਰਦ ਤੇ 382 ਮਹਿਲਾ ਵੋਟਰ ਹਨ। ਪੰਜਾਬ ਚੋਣ ਕਮਿਸ਼ਨ ਅਨੁਸਾਰ 181 ਪੋਲਿੰਗ ਸਟੇਸ਼ਨਾਂ ’ਚ ਵੋਟਾਂ ਪੈਣਗੀਆਂ। ਇਨ੍ਹਾਂ ’ਚੋਂ 105 ਸਰਕਾਰੀ ਤੇ 76 ਗ਼ੈਰ-ਸਰਕਾਰੀ ਇਮਾਰਤਾਂ ’ਚ ਹਨ।

ਇਹ ਵੀ ਪੜ੍ਹੋ- ਪ੍ਰਤਾਪ ਬਾਜਵਾ ਦਾ ਦਾਅਵਾ, ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਹੋਵੇਗਾ ਵੱਡਾ ਫੇਰਬਦਲ

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਕਾਂਗਰਸ ਵੱਲੋਂ ਸੁਰਿੰਦਰ ਕੌਰ, ਭਾਜਪਾ ਵੱਲੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਵੱਲੋਂ ਮੋਹਿੰਦਰ ਭਗਤ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਤੇ ਬਸਪਾ ਵੱਲੋਂ ਬਿੰਦਰ ਲਾਖਾ ਉਮੀਦਵਾਰ ਹਨ। ਇਸ ਤੋਂ ਇਲਾਵਾ ਕਈ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਹਨ। ਇਹ ਸੀਟ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇਣ ਕਾਰਨ ਖ਼ਾਲੀ ਹੋਈ ਸੀ, ਜੋ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਾਰੀਖ਼ 26 ਜੂਨ ਹੈ। ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ਵੋਟ ਪਾਉਣ ਦਾ ਸਮਾਂ ਸਵੇਰ 7 ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਚੋਣ ਮੈਦਾਨ ਵਿਚ ਹਨ 23 ਉਮੀਦਵਾਰ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 23 ਉਮੀਦਵਾਰ ਚੋਣ ਮੈਦਾਨ ਵਿਚ ਹਨ। ਜ਼ਿਮਨੀ ਚੋਣ ਲਈ ਕੁੱਲ 35 ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ ਹਨ ਸਨ। ਸ਼ੁੱਕਰਵਾਰ ਨੂੰ ਆਖ਼ਰੀ ਦਿਨ 14 ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ, ਜਿਨ੍ਹਾਂ ਵਿਚੋਂ 4 ਉਮੀਦਵਾਰਾਂ ਨੇ ਕਵਰਿੰਗ ਉਮੀਦਵਾਰਾਂ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਵੀਰਵਾਰ ਤਕ 9 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਸਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ, ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਲਵਿੰਦਰ ਕੁਮਾਰ, ਅਜੈ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ, ਦੀਪਕ ਭਗਤ ਅਤੇ ਮਹਿੰਦਰ ਪਾਲ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ।

ਇਸ ਤੋਂ ਇਲਾਵਾ ਅਤੁਲ ਭਗਤ ਕਵਰਿੰਗ ਉਮੀਦਵਾਰ ਆਮ ਆਦਮੀ ਪਾਰਟੀ, ਕਰਨ ਸੁਮਨ ਕਵਰਿੰਗ ਉਮੀਦਵਾਰ ਕਾਂਗਰਸ ਪਾਰਟੀ, ਪਰਮਜੀਤ ਮੱਲ ਕਵਰਿੰਗ ਉਮੀਦਵਾਰ ਬਹੁਜਨ ਸਮਾਜ ਪਾਰਟੀ ਅਤੇ ਅੰਜੂ ਅਗਰਵਾਲ ਕਵਰਿੰਗ ਉਮੀਦਵਾਰ ਭਾਰਤੀ ਜਨਤਾ ਪਾਰਟੀ ਨੇ ਕਾਗਜ਼ ਦਾਖ਼ਲ ਕੀਤੇ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ. ਜ.) ਦੀ ਜ਼ਿਮਨੀ ਚੋਣ ਲਈ ਹੁਣ ਤੱਕ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 26 ਜੂਨ ਤੱਕ ਨਾਮਜ਼ਦਗੀ ਕਾਗਜ਼ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 13 ਜੁਲਾਈ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News