ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਲਈ ਗ੍ਰਹਿ ਮੰਤਰੀ ਨੂੰ ਕੱਲ੍ਹ ਮਿਲੇਗਾ ਵਫਦ

07/17/2018 6:19:47 PM

ਸੰਗਰੂਰ (ਬੇਦੀ)— ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸੰਗਤਾਂ ਲਈ ਅਖੰਡ ਪਾਠਾਂ ਦੀਆਂ ਲੜੀਆਂ ਲਈ ਬਣਾਏ ਕਮਰਿਆਂ ਦਾ ਉਦਘਾਟਨ ਕਰਨ ਲਈ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੀਤੀ ਗਈ ਭੁੱਖ ਹੜਤਾਲ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਜੇਲ•ਪਟਿਆਲਾ ਵਿਖੇ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੇਸ ਦੀ ਪੈਰਵੀ ਸਬੰਧੀ ਕੋਈ ਢਿੱਲ ਨਹੀਂ ਵਰਤੀ ਗਈ ਅਤੇ ਹੁਣ ਵੀ ਇਸ ਮਾਮਲੇ 'ਚ 18 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਵਫਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲੇਗਾ। ਇਸ ਦੌਰਾਨ ਇਹ ਅਪੀਲ ਕੀਤੀ ਜਾਵੇਗੀ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕੀਤੀ ਜਾਵੇ। 
ਇਸ ਮੌਕੇ ਭਾਈ ਲੌਂਗੋਵਾਲ ਨੂੰ ਸਵਾਲ ਪੁੱਛਿਆ ਗਿਆ ਕਿ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੇ ਠਹਿਰਣ ਲਈ ਸਰਾਵਾਂ ਅੰਦਰ ਜਗ੍ਹਾ ਘੱਟ ਹੋਣ ਕਰਕੇ ਸੰਗਤਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦਾ ਜਵਾਬ ਦਿੰਦੇ ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਵਿਖੇ 70 ਫੀਸਦੀ ਸੰਗਤਾਂ ਬਾਹਰਲੇ ਦੇਸ਼ਾਂ ਤੋਂ ਆ ਰਹੀਆਂ ਹਨ। ਸ੍ਰੀ ਹਰਮਿੰਦਰ ਸਾਹਿਬ ਵਿਖੇ 700 ਕਮਰੇ ਹਨ, ਸੰਗਤਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਆਉਣ ਵਾਲੇ ਸਮੇਂ 'ਚ 2000 ਕਮਰੇ ਹੋਰ ਬਣਾਏ ਜਾਣਗੇ। ਇਸ ਮੌਕੇ ਬੰਗਲਾ ਦੇਸ਼ ਦੇ ਗੁਰੂ ਘਰਾਂ ਦੀ ਬਣੀ ਚਿੰਤਾਜਨਕ ਹਾਲਤ 'ਤੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਾਰ ਸੇਵਾ ਸਰਹਾਲੀ ਵਾਲਿਆਂ ਵੱਲੋਂ ਗੁਰਦੁਆਰਿਆਂ ਦੀ ਹਾਲਤ ਨੂੰ ਸੁਧਾਰਨ ਲਈ ਕਾਰ ਸੇਵਾ ਕੀਤੀ ਜਾ ਰਹੀ ਹੈ। 
ਇਸ ਮੌਕੇ ਰਾਮਪਾਲ ਸਿੰਘ ਬਹਿਣੀਵਾਲ ਧਰਮ ਪ੍ਰਚਾਰ ਕਮੇਟੀ ਮੈਂਬਰ, ਜੈਪਾਲ ਸਿੰਘ ਮੰਡੀਆਂ, ਹਰਦੇਵ ਸਿੰਘ ਰੋਗਲਾ ਅੰਤਰਿੰਗ ਕਮੇਟੀ ਮੈਂਬਰ, ਤੇਜਾ ਸਿੰਘ ਕਮਾਲਪੁਰ, ਜਥੇਦਾਰ ਉਦੈ ਸਿੰਘ ਲੌਂਗੋਵਾਲ, ਗੁਰਲਾਲ ਸਿੰਘ ਫਤਿਹਗੜ੍ਹ, ਬਾਬਾ ਕ੍ਰਿਪਾਲ ਸਿੰਘ ਕਾਰ ਸੇਵਾ ਵਾਲੇ, ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ, ਸੋਹਣ ਸਿੰਘ ਚੀਮਾ ਆਦਿ ਹਾਜ਼ਰ ਸਨ।


Related News