ਵਿਦਿਆਰਥੀਆਂ ਨੂੰ ਭਾਈ ਘਨੱਈਆ ਜੀ ਦੇ ਜੀਵਨ ਫਲਸਫੇ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ : ਪ੍ਰੋ. ਬਡੂੰਗਰ

09/24/2017 6:58:45 AM

ਫਤਿਹਗੜ੍ਹ ਸਾਹਿਬ  (ਜਗਦੇਵ) - ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਰਿਲੀਜੀਅਸ ਅਤੇ ਸਿਵਿਲਾਈਜ਼ੇਸ਼ਨਲ ਸਟੱਡੀਜ਼ ਵਿਭਾਗ ਵੱਲੋਂ ਭਾਈ ਘਨੱਈਆ ਜੀ ਦੀ ਯਾਦ ਨੂੰ ਸਮਰਪਿਤ 'ਭਾਈ ਘਨੱਈਆ ਜੀ ਦਾ ਜੀਵਨ ਅਤੇ ਯੋਗਦਾਨ' ਵਿਸ਼ੇ 'ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਇਸ ਸੈਮੀਨਾਰ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਥੀ ਸ਼ਤਾਬਦੀ ਮੈਮੋਰੀਅਲ ਟਰੱਸਟ ਦੇ ਮੈਂਬਰ ਸਕੱਤਰ ਸ. ਦਰਬਾਰਾ ਸਿੰਘ ਗੁਰੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਸੈਮੀਨਾਰ ਵਿਚ ਵਿਭਾਗ ਦੇ ਵਿਦਿਆਰਥੀ ਬੂਟਾ ਰਾਮ ਅਤੇ ਹਰਨੀਤ ਕੌਰ ਨੇ ਭਾਈ ਘਨੱਈਆ ਜੀ ਦੇ ਜੀਵਨ ਅਤੇ ਸ਼ਖ਼ਸੀਅਤ ਨੂੰ ਉਸਾਰਦੇ ਹੋਏ ਪਰਚੇ ਪੇਸ਼ ਕੀਤੇ। ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਵਿਦਵਾਨਾਂ ਅਤੇ ਵਿਦਿਆਰਥੀਆਂ ਦੇ ਸਮੂਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਜ਼ਰੂਰਤ ਇਸ ਗੱਲ ਦੀ ਹੈ ਕਿ ਅਸੀਂ ਆਪਣੇ ਨੌਜਵਾਨ ਬੱਚਿਆਂ ਨੂੰ ਆਪਣੇ ਇਤਿਹਾਸ ਤੋਂ ਜਾਣੂ ਕਰਵਾਈਏ। ਇਸੇ ਸੰਦਰਭ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਾਈ ਘਨੱਈਆ ਜੀ ਦੇ ਜੀਵਨ ਫਲਸਫੇ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਘਨੱਈਆ ਜੀ ਅਤੇ ਸਿੱਖ ਕੌਮ ਦੀਆਂ ਹੋਰ ਮਹਾਨ ਸ਼ਖ਼ਸੀਅਤਾਂ ਅਤੇ ਵਿਦਵਾਨਾਂ ਦੇ ਜੀਵਨ, ਵਿਚਾਰਧਾਰਾ ਅਤੇ ਯੋਗਦਾਨ ਨੂੰ ਸਮਾਜ ਦੇ ਹਰ ਵਰਗ ਤਕ ਪਹੁੰਚਾਉਣਾ ਆਪਣਾ ਫਰਜ਼ ਸਮਝਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦੀ ਪੂਰਤੀ ਲਈ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ਵਿਚ ਸਮੇਂ-ਸਮੇਂ 'ਤੇ ਅਜਿਹੇ ਸੈਮੀਨਾਰਾਂ ਅਤੇ ਲੈਕਚਰਾਂ ਦਾ ਆਯੋਜਨ ਕਰਵਾਇਆ ਜਾਵੇਗਾ।
ਪ੍ਰੋ. ਬਡੂੰਗਰ ਨੇ ਰਿਲੀਜੀਅਸ ਅਤੇ ਸਿਵਿਲਾਈਜ਼ੇਸ਼ਨਲ ਸਟੱਡੀਜ਼ ਵਿਭਾਗ ਦੇ ਵਿਦਿਆਰਥੀ ਬੂਟਾ ਰਾਮ ਅਤੇ ਹਰਨੀਤ ਕੌਰ ਦੀ ਸ਼ਲਾਘਾ ਕਰਦੇ ਹੋਏ ਦੋਵਾਂ ਵਿਦਿਆਰਥੀਆਂ ਨੂੰ 1100-1100 ਰੁਪਏ ਸਨਮਾਨ ਵਜੋਂ ਦਿੱਤੇ। ਇਨ੍ਹਾਂ ਤੋਂ ਇਲਾਵਾ ਪ੍ਰੋ. ਬਡੂੰਗਰ ਵੱਲੋਂ ਵਿਭਾਗ ਦੇ ਵਿਦਿਆਰਥੀ ਤਰਨਵੀਰ ਸਿੰਘ ਨੂੰ ਸਾਰਾਗੜ੍ਹੀ ਲੜਾਈ 'ਤੇ ਆਧਾਰਿਤ ਮਾਡਲ ਪੇਸ਼ ਕਰਨ 'ਤੇ 1100 ਰੁਪਏ ਸਨਮਾਨ ਵਜੋਂ ਦਿੱਤੇ ਗਏ। ਪ੍ਰਧਾਨ ਸਾਹਿਬ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੇ ਵਿਦਿਆਰਥੀ ਸ਼ਮਸ਼ੇਰ ਸਿੰਘ ਅਤੇ ਗੁਰਮਤਿ ਸੰਗੀਤ ਵਿਭਾਗ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਧਰਮ ਪ੍ਰਚਾਰ ਲਹਿਰ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਨੂੰ ਸਿਖਰਾਂ 'ਤੇ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਟਰੱਸਟ ਵਚਨਬੱਧ ਹੈ।
ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸ. ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਭਾਈ ਘਨੱਈਆ ਜੀ ਦਾ ਸਿੱਖੀ ਦੇ ਮੂਲ ਸਿਧਾਂਤਾਂ ਨੂੰ ਪ੍ਰਫ਼ੁੱਲਿਤ ਕਰਨ ਵਿਚ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਸਾਰੂ ਸੈਮੀਨਾਰਾਂ ਦਾ ਮਕਸਦ ਤਾਂ ਹੀ ਪੂਰਾ ਹੁੰਦਾ ਹੈ ਜੇਕਰ ਅਸੀਂ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਅਤੇ ਵਿਦਵਾਨਾਂ ਦੀ ਜੀਵਨ ਸ਼ੈਲੀ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਈਏ। ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਭਾਈ ਘਨੱਈਆ ਜੀ ਦੇ ਜੀਵਨ ਦਾ ਸੰਖੇਪ ਬਿਓਰਾ ਦਿੰਦੇ ਹੋਏ ਆਏ ਹੋਏ ਮਹਿਮਾਨਾਂ ਅਤੇ ਵਿਦਵਾਨਾਂ ਦਾ ਸੁਆਗਤ ਕੀਤਾ। ਆਪਣੇ ਸੁਆਗਤੀ ਭਾਸ਼ਣ ਵਿਚ ਉਨ੍ਹਾਂ ਦੱਸਿਆ ਕਿ ਇਹ ਸੈਮੀਨਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੇ ਦਿਸ਼ਾ ਨਿਰਦੇਸ਼ ਅਧੀਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਸਾਰੂ ਸੈਮੀਨਾਰਾਂ ਵਿਚ ਵਿਦਿਆਰਥੀਆਂ ਦੀ ਸ਼ਮੂਲੀਅਤ ਵੱਧ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਇਸੇ ਗੱਲ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਦੇ ਸੈਮੀਨਾਰ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ।
ਸੈਮੀਨਾਰ ਦੌਰਾਨ ਪੇਸ਼ ਕੀਤੇ ਪਰਚਿਆਂ ਵਿਚ ਜਿਥੇ ਬੂਟਾ ਰਾਮ ਨੇ ਭਾਈ ਘਨੱਈਆ ਜੀ ਦੇ ਜੀਵਨ ਅਤੇ ਸ਼ਖ਼ਸੀਅਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਉਥੇ ਹੀ ਵਿਦਿਆਰਥਣ ਹਰਨੀਤ ਕੌਰ ਨੇ ਭਾਈ ਘਨੱਈਆ ਜੀ ਦੀ ਮਨੁੱਖਤਾ ਪ੍ਰਤੀ ਕੀਤੀ ਨਿਸ਼ਕਾਮ ਸੇਵਾ ਬਾਰੇ ਆਏ ਵਿਦਵਾਨਾਂ ਨੂੰ ਜਾਣੂ ਕਰਵਾਇਆ। ਸੈਮੀਨਾਰ ਦੇ ਸ਼ੁਰੂ ਵਿਚ ਵਿਭਾਗ ਦੇ ਇੰਚਾਰਜ ਡਾ. ਕਿਰਨਦੀਪ ਕੌਰ ਨੇ ਜਿਥੇ ਸੈਮੀਨਾਰ ਦੀ ਰੂਪ-ਰੇਖਾ ਬਾਰੇ ਜਾਣੂ ਕਰਵਾਇਆ ਉਥੇ ਡਾ. ਹਰਦੇਵ ਸਿੰਘ ਨੇ ਵੀ ਸੈਮੀਨਾਰ ਦੇ ਵਿਸ਼ੇ 'ਤੇ ਆਪਣੇ ਵਿਚਾਰ ਪੇਸ਼ ਕਰ ਕੇ ਵਡਮੁੱਲਾ ਯੋਗਦਾਨ ਪਾਇਆ।
ਅਖੀਰ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਪ੍ਰਿਤਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਵਾਨਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਇਹ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਭਵਿੱਖ ਵਿਚ ਵੀ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਲਈ ਅਜਿਹੇ ਸੈਮੀਨਾਰਾਂ ਦਾ ਆਯੋਜਨ ਕਰਦੀ ਰਹੇਗੀ। ਇਸ ਮੌਕੇ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ. ਬੀਰਬਿਕਰਮ ਸਿੰਘ, ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਅਤੇ ਅਕਾਲੀ ਆਗੂ ਦੀਦਾਰ ਸਿੰਘ ਭੱਟੀ ਮੌਜੂਦ ਸਨ।


Related News