ਪਹਿਲੇ ਪਾਤਸ਼ਾਹ ਜੀ ਦੇ ਵਿਆਹ ਪੁਰਬ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਸਰਕਾਰ ਹੋਵੇਗੀ ਜ਼ਿੰਮੇਵਾਰ : ਭਾਈ ਲੌਂਗੋਵਾਲ

09/15/2018 10:29:05 AM

ਅੰਮ੍ਰਿਤਸਰ (ਦੀਪਕ/ਅਨਿਲ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਬਟਾਲਾ ਵਿਖੇ ਹਰ ਸਾਲ ਵਾਂਗ 16 ਸਤੰਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਕੁਝ ਲੋਕਾਂ ਵੱਲੋਂ ਜਾਣਬੁਝ ਕੇ ਖਲਲ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਜੇਕਰ ਇਸ ਮਹਾਨ ਪੁਰਬ ਸਮੇਂ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਇਥੇ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸਮੁੱਚੀਆਂ ਸਿੱਖ ਸੰਗਤਾਂ ਉਤਸ਼ਾਹ ਨਾਲ ਸ਼ਾਮਲ ਹੁੰਦੀਆਂ ਹਨ ਅਤੇ ਇਸ ਪੁਰਬ ਸਮੇਂ ਨਗਰ ਕੀਰਤਨ ਸਮੇਤ ਹੋਰਨਾਂ ਪ੍ਰਬੰਧਾਂ ਦੀ ਦੇਖ-ਰੇਖ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾਂਦੀ ਹੈ ਪਰੰਤੂ ਇਸ ਵਾਰ ਕੁਝ ਲੋਕ ਜਾਣਬੁਝ ਕੇ ਪ੍ਰਬੰਧਾਂ ਵਿਚ ਖਲਲ ਪਾਉਣ ਦੀ ਤਾਕ ਵਿਚ ਹਨ ਅਤੇ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਲੋਕਾਂ ਨੂੰ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਰੋਕਿਆ ਨਹੀਂ ਜਾ ਰਿਹਾ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਸਿੱਖ ਮਾਮਲਿਆਂ ਵਿਚ ਹੱਦੋਂ ਵੱਧ ਦਖਲ ਦਿੱਤਾ ਜਾ ਰਿਹਾ ਹੈ ਅਤੇ ਸਿੱਖ ਕੌਮ ਨੂੰ ਖਾਨਾਜੰਗੀ ਵੱਲ ਧੱਕਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਫ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ਵਿਆਹ ਪੁਰਬ ਮੌਕੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਪ੍ਰਬੰਧਾਂ ਦੀ ਦੇਖ-ਰੇਖ ਸ਼੍ਰੋਮਣੀ ਕਮੇਟੀ ਵਲੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਥਾਨਕ ਪੁਲਸ ਪ੍ਰਸ਼ਾਸਨ ਨੂੰ ਕਿਹਾ ਕਿ ਜੋ ਲੋਕ ਜਾਣ-ਬੁਝ ਕੇ ਸਮਾਗਮਾਂ ਸਬੰਧੀ ਬਿਆਨਬਾਜ਼ੀ ਕਰ ਰਹੇ ਹਨ ਉਨ੍ਹ੍ਹਾਂ ਨੂੰ ਰੋਕਿਆ ਜਾਵੇ ਤਾਂ ਜੋ ਇਤਿਹਾਸਕ ਜੋੜ ਮੇਲੇ ਮੌਕੇ ਸੰਗਤਾਂ ਨੂੰ ਕਿਸੇ ਪ੍ਰੇਸ਼ਾਨੀ ਵਿੱਚੋਂ ਨਾ ਲੰਘਣਾ ਪਵੇ।


Related News