550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੇਂਦਰ ਤੇ ਸੂਬਾ ਸਰਕਾਰ ਸਹਿਯੋਗ ਕਰੇ : ਭਾਈ ਲੌਂਗੋਵਾਲ

03/09/2018 4:30:38 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਮੁੱਖ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਤਮਸਤਕ ਹੋਏ ਅਤੇ ਉਪਰੰਤ ਗੁਰਦੁਆਰਾ ਸਾਹਿਬ ਕੰਪਲੈਕਸ ਵਿਚ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਗਲੇ ਸਾਲ ਆ ਰਹੇ  550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਚੱਲ ਰਹੀ ਵੱਖ-ਵੱਖ ਕਾਰਜਾਂ ਦੀ ਸੇਵਾ ਦਾ ਨਿਰੀਖਣ ਕੀਤਾ । ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪੂਰੀ ਮਨੁੱਖਤਾ ਦੇ ਰਹਿਬਰ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਹੀ ਉਨ੍ਹਾਂ ਦੀ ਆ ਰਹੀ 550 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਮਿਲ ਕੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਕਾਰ ਸੇਵਾ ਰਾਹੀਂ ਸੁਲਤਾਨਪੁਰ ਲੋਧੀ ਵਿਖੇ ਬੇਬੇ ਨਾਨਕੀ ਨਿਵਾਸ ਤੇ ਕਾਰ ਪਾਰਕਿੰਗ ਤੋਂ ਇਲਾਵਾ ਹੋਰ ਵੱਖ-ਵੱਖ ਸਰਾਵਾਂ ਦਾ ਨਿਰਮਾਣ ਜੰਗੀ ਪੱਧਰ 'ਤੇ ਚੱਲ ਰਿਹਾ ਹੈ । ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਵੀ 550 ਸਾਲਾ ਮਨਾਉਣ ਲਈ ਲੋੜੀਂਦਾ ਸਹਿਯੋਗ ਦੇਣ ਦੀ ਅਪੀਲ ਕੀਤੀ ।ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਪਾਵਨ ਨਗਰੀ ਸੁਲਤਾਨਪੁਰ ਲੋਧੀ ਲਈ ਕੇਂਦਰ ਸਰਕਾਰ ਨੇ ਕੋਈ ਸਹਾਇਤਾ ਨਹੀਂ ਕੀਤੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਨਿਯੁਕਤੀਆਂ ਦੀ ਘੋਖ ਪੜਤਾਲ ਲਈ ਬਣਾਈ ਸਬ ਕਮੇਟੀ ਵੱਲੋਂ ਦਿੱਤੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਜੋ ਨਿਯਮਾਂ ਦੀ ਉਲੰਘਣਾ ਕਰਕੇ ਕੀਤੀਆਂ ਨਿਯੁਕਤੀਆਂ ਰੱਦ ਹੋਣਗੀਆਂ ਤੇ ਆਉਣ ਵਾਲੇ ਸਮੇਂ ਵਿਚ ਸਾਰੀਆਂ ਨਿਯੁਕਤੀਆਂ ਪਾਰਦਰਸ਼ੀ ਢੰਗ ਨਾਲ ਕਰਾਂਗੇ ।


Related News