550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ ਇਕੱਤਰਤਾ 'ਚ ਨਹੀਂ ਪੁੱਜੇ ਪੰਜਾਬ ਸਰਕਾਰ ਦੇ ਨੁਮਾਇੰਦੇ

09/07/2019 2:38:38 PM

ਅੰਮ੍ਰਿਤਸਰ  (ਦੀਪਕ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਇਕੱਠਿਆਂ ਮਨਾਉਣ ਲਈ ਤਾਲਮੇਲ ਕਮੇਟੀ ਦੀ ਇਕੱਤਰਤਾ 'ਚ ਫਿਰ ਪੰਜਾਬ ਸਰਕਾਰ ਵੱਲੋਂ ਕੋਈ ਨੁਮਾਇੰਦਾ ਸ਼ਾਮਿਲ ਨਹੀਂ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤਾਲਮੇਲ ਕਮੇਟੀ ਦੀ ਇਕੱਤਰਤਾ ਸੱਦੀ ਗਈ ਸੀ, ਜਿਸ 'ਚ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਤੋਤਾ ਸਿੰਘ ਅਤੇ ਬੀਬੀ ਜਗੀਰ ਕੌਰ ਤੋਂ ਇਲਾਵਾ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੇ ਨੁਮਾਇੰਦੇ ਬਾਬਾ ਨਾਰੰਗ ਸਿੰਘ ਮੌਜੂਦ ਸਨ ਪਰ ਪੰਜਾਬ ਸਰਕਾਰ ਵੱਲੋਂ ਕੋਈ ਨੁਮਾਇੰਦਾ ਨਹੀਂ ਭੇਜਿਆ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ਵਿਚ ਅਗਲੇ ਆਦੇਸ਼ ਲਈ ਪੱਤਰ ਲਿਖਿਆ ਹੈ।

ਭਾਈ ਲੌਂਗੋਵਾਲ ਜੋ ਇਥੇ ਮੁੱਖ ਦਫ਼ਤਰ ਵਿਖੇ ਮੌਜੂਦ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਸਾਂਝੇ ਯਤਨਾਂ ਨੂੰ ਬੂਰ ਨਹੀਂ ਪੈਣ ਦੇ ਰਹੀ, ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਾਲਮੇਲ ਕਮੇਟੀ ਲਈ ਆਪਣੇ ਨੁਮਾਇੰਦਿਆਂ ਦੇ ਨਾਂ ਤਜਵੀਜ਼ ਕਰਨ ਲਈ 18 ਜੁਲਾਈ ਨੂੰ ਪੱਤਰ ਲਿਖਿਆ ਸੀ, ਜਿਸ ਮਗਰੋਂ 14 ਅਗਸਤ ਨੂੰ ਤਾਲਮੇਲ ਕਮੇਟੀ ਦੀ ਰੱਖੀ ਗਈ ਮੀਟਿੰਗ 'ਚ ਪੰਜਾਬ ਸਰਕਾਰ ਦੇ ਨੁਮਾਇੰਦੇ ਨਾ ਪੁੱਜਣ ਮਗਰੋਂ 16 ਅਗਸਤ ਨੂੰ ਮੁੜ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ। ਇਸ ਤੋਂ ਇਲਾਵਾ 6 ਸਤੰਬਰ ਦੀ ਮੁੜ ਮੀਟਿੰਗ ਰੱਖਣ ਮਗਰੋਂ ਉਹ ਇਕ ਉੱਚ ਪੱਧਰੀ ਵਫ਼ਦ ਸਮੇਤ ਨਿੱਜੀ ਤੌਰ 'ਤੇ ਵੀ ਕੈਪਟਨ ਨੂੰ ਮਿਲੇ ਸਨ, ਇਸ ਦੌਰਾਨ ਉਨ੍ਹਾਂ ਆਪਣੇ ਸਾਥੀਆਂ ਨਾਲ ਸਲਾਹ-ਮਸ਼ਵਰੇ ਮਗਰੋਂ ਸੂਚਿਤ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਕੋਈ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਮੁੱਚੇ ਸਮਾਗਮ ਰਲ-ਮਿਲ ਕੇ ਹੋਣ ਅਤੇ ਮੁੱਖ ਸਮਾਗਮ ਸਮੇਤ ਸਾਰੇ ਧਾਰਮਿਕ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਣ, ਜਿਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇ। ਇਸ ਤੋਂ ਪਹਿਲਾਂ ਵੀ ਹਰ ਸ਼ਤਾਬਦੀ ਸਮੇਂ ਅਜਿਹਾ ਹੀ ਹੁੰਦਾ ਆਇਆ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਨੁਮਾਇੰਦਾ ਧਾਰਮਿਕ ਸੰਸਥਾ ਹੈ, ਜੋ ਪੰਥਕ ਇਕਜੁੱਟਤਾ ਦੀ ਹਾਮੀ ਭਰਦੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਾਰੇ ਸਮਾਗਮਾਂ ਸਮੇਂ ਦੇਸ਼-ਵਿਦੇਸ਼ ਦੀ ਹਰ ਪ੍ਰਮੁੱਖ ਸ਼ਖਸੀਅਤ ਅਤੇ ਸੰਗਤਾਂ ਦਾ ਬਰਾਬਰ ਸਤਿਕਾਰ ਹੋਵੇਗਾ। ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਨੂੰ ਮੁੜ ਅਪੀਲ ਕੀਤੀ ਕਿ ਉਹ ਇਸ ਮਾਮਲੇ ਪ੍ਰਤੀ ਸੰਜੀਦਗੀ ਨਾਲ ਵਿਚਾਰ ਕਰਨ ਤਾਂ ਜੋ ਗੁਰੂ ਸਾਹਿਬ ਜੀ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਅਨੁਸਾਰ ਉਨ੍ਹਾਂ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਇਆ ਜਾ ਸਕੇ।


Anuradha

Content Editor

Related News