ਵਧੀਆ ਮਾਹੌਲ ''ਚ ਹੋਈ ਮੀਟਿੰਗ ਦੇ ਨਤੀਜੇ ਵੀ ਚੰਗੇ ਨਿਕਲਣਗੇ : ਭਾਈ ਲੌਂਗੋਵਾਲ

10/05/2019 2:10:31 PM

ਅੰਮ੍ਰਿਤਸਰ (ਦੀਪਕ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ਗਠਿਤ ਤਾਲਮੇਲ ਕਮੇਟੀ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਦੀ ਆਸ ਨਾਲ ਸਮਾਪਤ ਹੋਈ। ਬੈਠਕ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਬਾਬਾ ਨੌਰੰਗ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸ਼ਾਮਿਲ ਸਨ। ਮੀਟਿੰਗ ਦੌਰਾਨ ਹਾਜ਼ਰ ਨੁਮਾਇੰਦਿਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਸਮੁੱਚੀ ਕੌਮ ਵੱਲੋਂ ਸਾਂਝੇ ਤੌਰ 'ਤੇ ਮਨਾਏ ਜਾਣੇ ਚਾਹੀਦੇ ਹਨ।

ਇਸ ਸਬੰਧੀ ਇਕ ਸਾਂਝੀ ਰਾਇ ਬਣਾਉਣ ਦੀ ਲੋੜ ਹੈ ਤਾਂ ਜੋ ਕੌਮ 'ਚ ਇਕ ਚੰਗਾ ਸੰਦੇਸ਼ ਜਾ ਸਕੇ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ 'ਚ ਹੋਈ ਹੈ, ਆਸ ਹੈ ਕਿ ਇਸ ਦੇ ਨਤੀਜੇ ਵੀ ਚੰਗੇ ਨਿਕਲਣਗੇ। ਉਨ੍ਹਾਂ ਕਿਹਾ ਕਿ ਇਕੱਤਰਤਾ ਦੌਰਾਨ ਉਸਾਰੂ ਵਿਚਾਰ ਸਾਹਮਣੇ ਆਏ ਹਨ, ਜਿਨ੍ਹਾਂ ਅਨੁਸਾਰ ਅੱਗੇ ਚੱਲਿਆ ਜਾਵੇਗਾ।

ਭਾਈ ਲੌਂਗੋਵਾਲ ਨੇ ਇਹ ਭਾਵਨਾ ਪ੍ਰਗਟਾਈ ਕਿ ਗੁਰੂ ਨਾਨਕ ਸਾਹਿਬ ਸਭ ਦੇ ਸਾਂਝੇ ਹਨ। ਉਨ੍ਹਾਂ ਦੇ ਉਪਦੇਸ਼ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਦੇ ਇਤਿਹਾਸਕ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਵੀ ਗੁਰੂ ਸਾਹਿਬ ਦੀ ਵਿਚਾਰਧਾਰਾ ਅਨੁਸਾਰ ਸਾਂਝੇ ਤੌਰ 'ਤੇ ਮਨਾਏ ਜਾਣੇ ਚਾਹੀਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 550ਵਾਂ ਪ੍ਰਕਾਸ਼ ਪੁਰਬ ਇਕ ਇਤਿਹਾਸਕ ਮੌਕਾ ਹੈ, ਜਿਸ ਨੂੰ ਸਾਂਝੇ ਤੌਰ 'ਤੇ ਮਨਾਉਣ ਲਈ ਚੰਗੀ ਭਾਵਨਾ ਨਾਲ ਅੱਗੇ ਵਧਿਆ ਜਾਵੇਗਾ। ਇਸ ਸਬੰਧੀ ਅਗਲੇ ਦਿਨਾਂ 'ਚ ਸਾਰਾ ਕੁਝ ਸਪੱਸ਼ਟ ਹੋ ਜਾਵੇਗਾ। ਇਸੇ ਦੌਰਾਨ ਸ. ਚੰਨੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ।


Anuradha

Content Editor

Related News