ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਫੀਸ ਮੁਆਫੀ ''ਤੇ ਲੌਂਗੋਵਾਲ ਨੇ ਦਿੱਤਾ ਵੱਡਾ ਬਿਆਨ

11/15/2019 12:51:19 AM

ਅੰਮ੍ਰਿਤਸਰ, (ਦੀਪਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਆਪਣੇ ਫਰਜ਼ਾਂ ਤੋਂ ਭਲੀਭਾਂਤ ਜਾਣੂ ਹੈ। ਉਨ੍ਹਾਂ ਕਿਹਾ ਕਿ ਗੁ. ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਜਾਣ ਵਾਲੀ ਸੰਗਤ ਲਈ ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਲੰਗਰ ਤੇ ਰਿਹਾਇਸ਼ ਦਾ ਪ੍ਰਬੰਧ ਕਰ ਰਹੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਜਿਥੋਂ ਤੱਕ ਪੀਲੇ ਕਾਰਡਧਾਰਕਾਂ ਦੇ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ 20 ਡਾਲਰ ਫੀਸ ਅਦਾ ਕਰਨ ਦਾ ਸਵਾਲ ਹੈ, ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਕਹਿਣ ਦੀ ਬਜਾਏ ਮੁੱਖ ਮੰਤਰੀ ਆਪਣੀ ਸਰਕਾਰ ਵੱਲੋਂ ਇਹ ਫੀਸ ਅਦਾ ਕਰਨ। ਸ਼੍ਰੋਮਣੀ ਕਮੇਟੀ ਕੋਲ ਸੀਮਤ ਵਿੱਤੀ ਸਾਧਨ ਹਨ, ਜਦੋਂ ਕਿ ਸਰਕਾਰ ਕੋਲ ਸ਼੍ਰੋਮਣੀ ਕਮੇਟੀ ਨਾਲੋਂ ਕਈ ਗੁਣਾ ਵੱਧ ਵਿੱਤੀ ਸਾਧਨ ਹਨ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਲਈ ਜਿਸ ਤਰ੍ਹਾਂ ਦਿੱਲੀ ਅਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਆਪਣੇ ਸੂਬੇ ਦੀਆਂ ਸੰਗਤਾਂ ਲਈ ਪ੍ਰਬੰਧ ਕਰਦੀਆਂ ਹਨ, ਉਸੇ ਤਰ੍ਹਾਂ ਪੰਜਾਬ ਸਰਕਾਰ ਨੂੰ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਲਈ ਪ੍ਰਬੰਧ ਕਰਨੇ ਚਾਹੀਦੇ ਹਨ।


Related News