ਰਾਜੋਆਣਾ ਦੀ ਰਿਹਾਈ ਲਈ ਗ੍ਰਹਿ ਮੰਤਰੀ ਨਾਲ ਮਿਲਣਗੇ ਲੌਂਗੋਵਾਲ

12/05/2019 4:29:32 PM

ਸੁਲਤਾਨਪੁਰ ਲੋਧੀ (ਸੋਢੀ) : ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਥੇ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਲੋੜਵੰਦਾਂ ਦੀ ਸਹੂਲਤ ਲਈ ਬੇਬੇ ਨਾਨਕੀ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਇਸੇ ਅਧੀਨ ਸਥਾਪਤ ਕੀਤੀ ਗਈ ਲੈਬਾਰਟਰੀ ਤੋਂ ਲੋੜਵੰਦਾਂ ਨੂੰ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਐਲਾਨ ਕੀਤਾ ਕਿ ਇਸ ਲੈਬਾਰਟਰੀ 'ਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਲਈ ਵੀ ਸ਼੍ਰੋਮਣੀ ਕਮੇਟੀ ਹੋਰ ਜਗ੍ਹਾ ਦਾ ਪ੍ਰਬੰਧ ਕਰ ਕੇ ਦੇਵੇਗੀ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਸੰਗਤਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਬਿਆਨਬਾਜ਼ੀ ਸਮੇਂ ਖਿਆਲ ਰੱਖਣਾ ਚਾਹੀਦਾ ਹੈ ਕਿ ਉਸ ਦਾ ਲਾਂਘੇ 'ਤੇ ਕਿਸੇ ਕਿਸਮ ਦਾ ਅਸਰ ਨਾ ਪਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਪੈਰਵਾਈ ਲਈ ਵਚਨਬੱਧ ਹੈ ਅਤੇ ਇਸ 'ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੰਦੀ ਰਹੇਗੀ। ਇਸ ਸਮੇਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਐੱਸ. ਪੀ. ਐੱਸ. ਓਬਰਾਏ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਆਰੰਭ ਕੀਤੀ ਗਈ ਇਹ ਲੈਬ ਲੋੜਵੰਦਾਂ ਲਈ ਵਰਦਾਨ ਸਾਬਤ ਹੋਵੇਗੀ। ਉਪਰੰਤ ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਓਬਰਾਏ ਅਤੇ ਲੈਬ ਦੇ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।


Anuradha

Content Editor

Related News