ਭਾਈ ਲੌਂਗੋਵਾਲ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ

Monday, May 18, 2020 - 08:55 PM (IST)

 

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਦੇ ਮਾਮਲੇ 'ਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ 'ਕੋਰੋਨਾ' ਕਾਰਨ ਪੈਦਾ ਹੋਏ ਹਲਾਤ ਦੇ ਚੱਲਦਿਆਂ ਵਿੱਤੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਇਥੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਕਈ ਹੋਰ ਅਹਿਮ ਫੈਸਲਿਆਂ 'ਤੇ ਵੀ ਮੋਹਰ ਲਗਾਈ ਗਈ।

ਐਕਸਪ੍ਰੈੱਸ ਵੇਅ ਨੂੰ ਪਹਿਲਾਂ ਵਾਲੀ ਯੋਜਨਾ ਅਨੁਸਾਰ ਹੀ ਬਣਾਇਆ ਜਾਵੇ
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਨੂੰ ਪਹਿਲਾਂ ਵਾਲੀ ਬਣਾਈ ਗਈ ਯੋਜਨਾ ਅਨੁਸਾਰ ਹੀ ਬਣਾਇਆ ਜਾਵੇ। ਇਸ 'ਚੋਂ ਅੰਮ੍ਰਿਤਸਰ ਨੂੰ ਕਿਸੇ ਵੀ ਕੀਮਤ 'ਤੇ ਬਾਹਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੋਡ ਟਰਾਂਸਪੋਰਟ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਤੱਕ ਵੀ ਪਹੁੰਚ ਕੀਤੀ ਜਾਵੇਗੀ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਪੱਧਰ 'ਤੇ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਘੱਟ ਗਿਣਤੀ 'ਚ ਸੰਗਤਾਂ ਦੀ ਆਮਦ ਸ਼ੁਰੂ 

ਵਿੱਤੀ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਕਮੇਟੀ ਦਾ ਕੀਤਾ ਗਠਨ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਪੈਦਾ ਹੋਏ ਵਿੱਤੀ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਅਤੇ ਐਜੂਕੇਸ਼ਨ ਖੇਤਰ ਦੇ ਨੁਮਾਇੰਦੇ ਇਸ ਕਮੇਟੀ ਦਾ ਹਿੱਸਾ ਹੋਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਤ ਵਿੱਤੀ ਮਾਮਲਿਆਂ ਦੀ ਸਮੀਖਿਆ ਇਸ ਕਮੇਟੀ ਵੱਲੋਂ ਹੀ ਕੀਤੀ ਜਾਵੇਗੀ।

ਅਖ਼ਤਿਆਰੀ ਕੋਟੇ 'ਤੇ ਲੱਗੀ 1 ਸਾਲ ਲਈ ਰੋਕ
ਭਾਈ ਲੌਂਗੋਵਾਲ ਨੇ ਇਹ ਵੀ ਦੱਸਿਆ ਕਿ ਕੋਰੋਨਾ ਕਾਰਨ ਫਿਲਹਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਅਖ਼ਤਿਆਰੀ ਕੋਟੇ 'ਤੇ ਵੀ ਇਕ ਸਾਲ ਲਈ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਮਦਦ ਵੀ ਤਿੰਨ ਮਹੀਨੇ ਲਈ ਨਹੀਂ ਦਿੱਤੀ ਜਾਵੇਗੀ। ਇਕੱਤਰਤਾ ਦੌਰਾਨ ਸ੍ਰੀ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਅਤੇ ਹਰਿਆਣਾ ਦੇ ਪਿਹੇਵਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਵਨ ਪੋਥੀਆਂ ਦੀ ਬੇਅਦਬੀ ਸਬੰਧੀ ਨਿਖੇਧੀ ਮਤਾ ਪਾਸ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ, ਸਾਬਕਾ ਹਜ਼ੂਰੀ ਰਾਗੀ ਪ੍ਰਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਦੇ ਭਰਾ ਭਾਈ ਧਨਵੰਤ ਸਿੰਘ ਕੜੇ ਵਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਹਰਸੁਰਿੰਦਰ ਸਿੰਘ ਗਿੱਲ ਦੇ ਅਕਾਲ ਚਲਾਣੇ 'ਤੇ ਸੋਕ ਮਤੇ ਵੀ ਪਾਏ ਗਏ। ਭਾਈ ਨਿਰਮਲ ਸਿੰਘ ਖ਼ਾਲਸਾ ਦੇ ਭੋਗ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਭਾਈ ਖ਼ਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲਿਆਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਕੱਤਰਤਾ 'ਚ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਗੁਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਭਲਾਈਪੁਰ, ਭੁਪਿੰਦਰ ਸਿੰਘ ਅਸੰਧ, ਸ਼ੇਰ ਸਿੰਘ ਮੰਡਵਾਲਾ, ਨਿੱਜੀ ਸਹਾਇਕ ਭਾਈ ਦਰਸ਼ਨ ਸਿੰਘ ਲੌਂਗੋਵਾਲ ਆਦਿ ਮੌਜੂਦ ਸਨ।

 

 

ਇਹ ਵੀ ਪੜ੍ਹੋ : 'ਆਪ' ਦੇ ਬਾਗੀ ਵਿਧਾਇਕਾਂ ਨੇ ਮਾਈਨਿੰਗ ਨੀਤੀ 'ਤੇ ਖੜ੍ਹੇ ਕੀਤੇ ਸਵਾਲ 


Anuradha

Content Editor

Related News