ਭਾਈ ਲੌਂਗੋਵਾਲ ਨੇ 1984 'ਚ ਮਾਰੇ ਗਏ ਬੰਦਿਆਂ ਦੇ ਪਰਿਵਾਰਕ ਮੈਂਬਰ ਕੀਤੇ ਸਨਮਾਨਿਤ

Saturday, Jun 06, 2020 - 04:46 PM (IST)

ਭਾਈ ਲੌਂਗੋਵਾਲ ਨੇ 1984 'ਚ ਮਾਰੇ ਗਏ ਬੰਦਿਆਂ ਦੇ ਪਰਿਵਾਰਕ ਮੈਂਬਰ ਕੀਤੇ ਸਨਮਾਨਿਤ

ਅੰਮ੍ਰਿਤਸਰ (ਦੀਪਕ ਸ਼ਰਮਾ) : ਜੂਨ 1984 'ਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਅਤੇ ਭੁਝੰਗੀਆਂ ਦੀ ਯਾਦ 'ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ। ਸਮਾਗਮ ਦੌਰਾਨ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ• ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 'ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਭਾਰਤੀ ਫ਼ੌਜ ਵੱਲੋਂ ਕੀਤਾ ਗਿਆ ਹਮਲਾ ਸਿੱਖ ਮਾਨਸਿਕਤਾ 'ਤੇ ਅਸਹਿ ਹਮਲਾ ਸੀ, ਜਿਸ ਦੀ ਪੀੜ ਰਹਿੰਦੀ ਦੁਨੀਆ ਤੱਕ ਸਿੱਖ ਮਨਾਂ 'ਚ ਬਣੀ ਰਹੇਗੀ। ਉਨ੍ਹਾਂ ਆਖਿਆ ਕਿ ਜੂਨ 1984 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਖ਼ਾਤਰ ਸ਼ਹੀਦ ਹੋਏ ਸਾਡੇ ਕੌਮੀ ਜਰਨੈਲਾਂ ਨੇ ਜਿਨ੍ਹਾਂ ਟੀਚਿਆਂ ਲਈ ਆਪਣੀਆਂ ਜਾਨਾਂ ਵਾਰੀਆਂ ਸਨ, ਅੱਜ ਉਨ੍ਹਾਂ ਟੀਚਿਆਂ ਪ੍ਰਤੀ ਕੌਮੀ ਮੰਥਨ ਵਾਸਤੇ ਸਮੁੱਚੀ ਸਿੱਖ ਕੌਮ ਨੂੰ ਸਿਰ ਜੋੜ ਕੇ ਬੈਠਣ ਦੀ ਲੋੜ ਹੈ। 

ਇਹ ਵੀ ਪੜ੍ਹੋ ► ਸਰਕਾਰ ਵੱਲੋਂ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ 'ਤੇ ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼

PunjabKesari

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਦੇ ਸਿੱਖ ਹੋਣ ਨਾਤੇ ਰਾਜਨੀਤਕ ਅਤੇ ਜਥੇਬੰਦਕ ਧੜੇਬੰਦੀਆਂ ਤੋਂ ਉਪਰ ਉਠ ਕੇ ਆਪਸੀ ਸਾਂਝ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਅਜੋਕੇ ਸਮੇਂ 'ਚ ਸਾਡੀਆਂ ਸਾਰੀਆਂ ਖੁਆਰੀਆਂ ਅਤੇ ਚੁਣੌਤੀਆਂ ਦਾ ਹੱਲ ਕੇਵਲ ਕੌਮੀ ਇਕਜੁਟਤਾ ਵਿਚ ਹੀ ਹੈ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਜੂਨ 1984 ਦੇ ਘੱਲੂਘਾਰੇ ਸਮੇਂ ਕੇਂਦਰੀ ਹਕੂਮਤ ਵੱਲੋਂ ਸਿੱਖਾਂ 'ਤੇ ਢਾਹੇ ਗਏ ਜ਼ੁਲਮਾਂ ਨੂੰ ਮਨੁੱਖੀ ਇਤਿਹਾਸ ਦਾ ਕਾਲਾ ਅਧਿਆਇ ਦੱਸਿਆ। ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ• ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੂਹ ਜਥੇਬੰਦੀਆਂ, ਸਭਾ-ਸੁਸਾਇਟੀਆਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਜਗਸੀਰ ਸਿੰਘ ਮਾਂਗੇਆਣਾ, ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਆਦਿ ਮੌਜੂਦ ਸਨ।

PunjabKesari

ਜੂਨ 1984 ਦਾ ਘੱਲੂਘਾਰਾ ਕੌਮ ਕਦੇ ਭੁੱਲ ਨਹੀਂ ਸਕਦੀ : ਗਿਆਨੀ ਹਰਪ੍ਰੀਤ ਸਿੰਘ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਨੂੰ ਸੰਸਾਰ ਦੇ ਇਤਿਹਾਸ ਅੰਦਰ ਕਾਲਾ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਸਮੇਂ ਸਿਰਫ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ''ਤੇ ਹੀ ਨਹੀਂ, ਸਗੋਂ 37 ਦੇ ਕਰੀਬ ਗੁਰੂ ਘਰਾਂ 'ਤੇ ਹਮਲੇ ਕੀਤੇ ਗਏ। ਇਹ ਕੇਂਦਰੀ ਹਕੂਮਤ ਦੀ ਬੌਣੀ ਸੋਚ ਦਾ ਪ੍ਰਗਟਾਵਾ ਸੀ। ਸਿੱਖ ਇਸ ਨੂੰ ਕਦੇ ਭੁਲਾ ਨਹੀਂ ਸਕਦੇ।

PunjabKesari

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ, ਸਮੇਂ ਦੀ ਕੇਂਦਰੀ ਹਕੂਮਤ ਦਾ ਵਹਿਸ਼ੀਆਨਾ ਕਾਰਾ : ਭਾਈ ਲੌਂਗੋਵਾਲ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਕੌਮ ਰਹਿੰਦੀ ਦੁਨੀਆ ਤੱਕ ਮਨਾਉਂਦੀ ਰਹੇਗੀ ਕਿਉਂਕਿ 1984 'ਚ ਭਾਰਤ ਦੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਜਿਸ ਵਹਿਸ਼ੀਆਨਾ ਢੰਗ ਨਾਲ ਤੋਪਾਂ-ਟੈਂਕਾਂ ਨਾਲ ਹਮਲਾ ਕੀਤਾ ਗਿਆ ਸੀ, ਉਹ ਮਨੁੱਖਤਾ ਦੇ ਇਤਿਹਾਸ ਦੇ ਮੱਥੇ 'ਤੇ ਕਲੰਕ ਵਾਂਗ ਉਕਰਿਆ ਹੋਇਆ ਹੈ। 

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ•ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਛੇਵੇਂ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਸੰਗਤ ਨੂੰ ਅਪੀਲ ਕੀਤੀ।

ਇਹ ਵੀ ਪੜ੍ਹੋ ► ਘੱਲੂਘਾਰਾ ਦਿਹਾੜੇ 'ਤੇ ਪੁਲਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਧੱਕਾ-ਮੁੱਕੀ, ਲਹਿਰਾਈਆਂ ਨੰਗੀਆਂ ਤਲਵਾਰਾਂ


author

Anuradha

Content Editor

Related News