ਭਾਈ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ਦੇ ਸਾਂਝੇ ਸਮਾਗਮ ''ਚ ਸ਼ਾਮਲ ਹੋਣ ਦੀ ਕੀਤੀ ਅਪੀਲ

Saturday, Oct 26, 2019 - 11:48 PM (IST)

ਭਾਈ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ਦੇ ਸਾਂਝੇ ਸਮਾਗਮ ''ਚ ਸ਼ਾਮਲ ਹੋਣ ਦੀ ਕੀਤੀ ਅਪੀਲ

ਅੰਮ੍ਰਿਤਸਰ,(ਦੀਪਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਦੇ ਮੁੱਖ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਵੀ ਸਨ। ਭਾਈ ਲੌਂਗੋਵਾਲ ਅਨੁਸਾਰ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਪੰਥ ਦੀ ਸਾਂਝੀ ਸਟੇਜ ਦਾ ਹਿੱਸਾ ਬਣਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਬਾਰਕ ਅਸਥਾਨ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਲਾਈ ਜਾ ਰਹੀ ਸਟੇਜ ਕਿਸੇ ਇਕ ਧਿਰ ਦੀ ਨਹੀਂ ਬਲਕਿ ਸਮੁੱਚੇ ਪੰਥ ਦੀ ਹੈ। ਇਥੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼-ਦੁਨੀਆ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ। ਗੁਰੂ ਨਾਨਕ ਸਟੇਡੀਅਮ 'ਚ ਇਹ ਮੁੱਖ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ-ਛਾਇਆ ਹੇਠ ਹੋਵੇਗਾ ਅਤੇ ਉਹ ਇਸੇ ਸਮਾਗਮ ਵਿਚ ਹੀ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਦਾ ਪਾਲਣ ਕਰਦਿਆਂ ਸ਼੍ਰੋਮਣੀ ਕਮੇਟੀ ਮੁੱਖ ਸਮਾਗਮ ਦੌਰਾਨ ਸਾਰੀਆਂ ਧਿਰਾਂ ਨੂੰ ਬਰਾਬਰ ਮਾਣ-ਸਤਿਕਾਰ ਦੇਵੇਗੀ।


Related News