ਗੁਰੂ ਘਰਾਂ ''ਚ ਲੰਗਰ ਤੇ ਕੜਾਹ ਪ੍ਰਸ਼ਾਦ ''ਤੇ ਪਾਬੰਦੀ ਜਾਇਜ਼ ਨਹੀਂ : ਭਾਈ ਲੌਂਗੋਵਾਲ

Tuesday, Jun 09, 2020 - 01:16 AM (IST)

ਗੁਰੂ ਘਰਾਂ ''ਚ ਲੰਗਰ ਤੇ ਕੜਾਹ ਪ੍ਰਸ਼ਾਦ ''ਤੇ ਪਾਬੰਦੀ ਜਾਇਜ਼ ਨਹੀਂ : ਭਾਈ ਲੌਂਗੋਵਾਲ

ਪਟਿਆਲਾ,(ਜੋਸਨ)- ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ 'ਅਨਲਾਕ-1' ਦੇ ਪਹਿਲੇ ਪੜਾਅ 'ਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਦੇ ਖੁੱਲ੍ਹੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ। ਇਸ ਮੌਕੇ ਕੋਵਿਡ-19 ਤਹਿਤ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਅਨੁਸਾਰ ਗੁਰਦੁਆਰਾ ਸਾਹਿਬ ਖੁੱਲ੍ਹਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਉੜੀ 'ਚ ਥਰਮਲ ਸਕਰੀਨਿੰਗ ਕੀਤੇ ਜਾਣ ਦੀ ਸ਼ੁਰੂਆਤ ਕੀਤੀ ਅਤੇ ਸੰਗਤਾਂ ਨੂੰ ਸਮਾਜਿਕ ਦੂਰੀ ਰੱਖਣ ਦੀ ਪ੍ਰੇਰਣਾ ਦਿੰਦਿਆਂ ਮਾਸਕ ਵੀ ਵੰਡੇ।

ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਕੋਲ ਗੁਰਦੁਆਰਾ ਸਾਹਿਬ ਖੋਲ੍ਹੇ ਜਾਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਮੰਗ ਚੁੱਕੀ ਗਈ ਸੀ। ਅੱਜ ਨਵੀਆਂ ਗਾਈਡਲਾਈਨਜ਼ ਨਾਲ ਗੁਰਦੁਆਰਾ ਸਾਹਿਬ ਖੁੱਲ੍ਹੇ ਹਨ, ਜਿਸ ਦਾ ਸ਼੍ਰੋਮਣੀ ਕਮੇਟੀ ਸਵਾਗਤ ਕਰਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਘਰ ਨਤਮਸਤਕ ਹੋਣ ਵਾਲੀ ਸੰਗਤ ਸੁਚੇਤ ਰਹਿਣ ਦੇ ਨਾਲ-ਨਾਲ ਕੋਵਿਡ-19 ਦੀ ਪਾਲਣਾ ਨੂੰ ਯਕੀਨੀ ਬਣਾਏ। ਇਕ ਸਵਾਲ ਦੇ ਜਵਾਬ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਅਹਿਮ ਅੰਗ ਹੈ, ਜਿਸ 'ਤੇ ਮਨਾਹੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ-ਪੱਤਰ ਰਾਹੀਂ ਸਥਿਤੀ ਬਾਰੇ ਜਾਣੂ ਵੀ ਕਰਵਾਇਆ ਗਿਆ।

ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਘਰ ਦੀਆਂ ਮਰਿਆਦਾ ਅਤੇ ਪ੍ਰੰਪਰਾਵਾਂ ਅਨੁਸਾਰ ਲੰਗਰ ਅਤੇ ਕੜਾਹ ਪ੍ਰਸ਼ਾਦ 'ਤੇ ਪਾਬੰਦੀ ਜਾਇਜ਼ ਨਹੀਂ ਹੈ। ਮਨਾਹੀ ਦੇ ਫੈਸਲੇ ਬਾਰੇ ਮੁੜ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਕੋਰੋਨਾ ਮਹਾਮਾਰੀ ਦੇ ਪ੍ਰਭਾਵ ਤੋਂ ਸੰਗਤਾਂ ਨੂੰ ਬਚਾਉਣ ਲਈ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਉੜੀ 'ਚ ਥਰਮਲ ਸਕਰੀਨਿੰਗ ਅਤੇ ਸੈਨੇਟਾਈਜੇਸ਼ਨ ਦੀ ਵਿਵਸਥਾ ਕੀਤੇ ਜਾਣ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੀਆਂ ਵੱਖ-ਵੱਖ ਥਾਵਾਂ 'ਤੇ ਕੋਵਿਡ-19 ਦੀਆਂ ਹਦਾਇਤਾਂ ਨਾਲ ਸਬੰਧਤ ਸਾਈਨ ਬੋਰਡ ਵੀ ਲਾਏ ਗਏ ਹਨ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ ਅਤੇ ਜਥੇਦਾਰ ਨਿਰਮਲ ਸਿੰਘ ਹਰਿਆਊ ਆਦਿ ਹਾਜ਼ਰ ਸਨ।
 


author

Deepak Kumar

Content Editor

Related News