ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਕੀਤੀ ਇਕੱਤਰਤਾ
Wednesday, Dec 06, 2017 - 09:40 AM (IST)
ਅੰਮ੍ਰਿਤਸਰ (ਦੀਪਕ/ਜ. ਬ.) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪਹੁੰਚਣ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ੋਰਦਾਰ ਸਵਾਗਤ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਤੇ ਅਸੀਸ ਪ੍ਰਾਪਤ ਕੀਤੀ।
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਦੇ ਇਕੱਤਰਤਾ ਘਰ 'ਚ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਪ੍ਰਬੰਧਕੀ ਕਾਰਜਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਉਨ੍ਹਾਂ ਦੀ ਵੱਖ-ਵੱਖ ਅਧਿਕਾਰੀਆਂ ਨਾਲ ਜਾਣ-ਪਛਾਣ ਕਰਵਾਈ, ਉਥੇ ਹੀ ਪ੍ਰਬੰਧਕੀ ਸੇਵਾਵਾਂ ਲਈ ਵਿਸ਼ਵਾਸ ਵੀ ਦਿਵਾਇਆ। ਇਕੱਤਰਤਾ ਮੌਕੇ ਭਾਈ ਲੌਂਗੋਵਾਲ ਨੇ ਅਧਿਕਾਰੀਆਂ ਨੂੰ ਸੰਬੋਧਿਤ ਹੁੰਦਿਆਂ ਆਪਸੀ ਸਹਿਯੋਗ ਨਾਲ ਸੇਵਾ ਨਿਭਾਉਣ ਦੀ ਪ੍ਰੇਰਨਾ ਕੀਤੀ ਅਤੇ ਸਮਰਪਣ ਭਾਵਨਾ ਅਨੁਸਾਰ ਕੰਮ ਕਰਨ ਨੂੰ ਤਰਜੀਹੀ ਤੌਰ 'ਤੇ ਅਪਨਾਉਣ ਲਈ ਕਿਹਾ। ਉਨ੍ਹਾਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰੂ ਸਾਹਿਬ ਦੇ ਵੱਡੇ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਸਮੇਂ ਪੁੱਜਣ ਵਾਲੀਆਂ ਸੰਗਤਾਂ ਦੇ ਪ੍ਰਬੰਧਾਂ ਲਈ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਉਣ ਦੇ ਆਦੇਸ਼ ਦਿੱਤੇ।
ਇਸ ਮੌਕੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਰਲੋਕੇਵਾਲਾ ਅਤੇ ਗੁਰਮੀਤ ਸਿੰਘ ਬੂਹ ਆਦਿ ਹਾਜ਼ਰ ਸਨ।
