ਨਿਰਮਲ ਸਿੰਘ ਦੇ ਅਕਾਲ ਚਲਾਣੇ 'ਤੇ ਇਨ੍ਹਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

04/02/2020 2:09:52 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਖਾਲਸਾ ਸਿੱਖ ਪੰਥ ਦੇ ਨਾਮਵਰ ਰਾਗੀ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਕੌਮ ਨੂੰ ਵੱਡਾ ਘਾਟਾ ਪਿਆ ਹੈ। ਭਾਈ ਲੌਂਗੋਵਾਲ ਨੇ ਕਰਤਾਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਭਾਈ ਸਾਹਿਬ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ ਹੈ।

ਇਹ ਵੀ ਪੜ੍ਹੋ : ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਨਿਰਮਲ ਸਿੰਘ ਖਾਲਸਾ ਨੂੰ ਹੋਇਆ ਕੋਰੋਨਾ ਵਾਇਰਸ

ਕੋਰੋਨਾ ਬੀਮਾਰੀ ਕਾਰਣ ਅਕਾਲ ਚਲਾਣੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਫਸੋਸ ਪ੍ਰਗਟ ਕਰਦਿਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਨੇ ਸਿੱਖ ਕੌਮ ਨੂੰ ਸੰਦੇਸ਼ ਦਿੱਤਾ ਕਿ ਸਿੱਖ ਬੇਪਰਵਾਹ ਤਾਂ ਹੋ ਸਕਦਾ ਹੈ ਪਰ ਲਾਪਰਵਾਹ ਨਾ ਹੋਵੇ। ਉਨ੍ਹਾਂ ਨੇ ਸਭ ਨੂੰ ਅਪੀਲ ਕਰਦਿਆਂ ਕਿਹਾ ਕਿ ਸਭ ਲੋਕ ਸਿਹਤ ਮਹਿਕਮੇ ਵੱਲੋਂ ਦਿੱਤੇ ਨਿਰਦੇਸ਼ਾਂ ਦਾ ਪਾਲਣ ਕਰਨ।

ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਨਿਰਮਲ ਸਿੰਘ ਦੇ ਚਲਾਣੇ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਰਾਗਬੱਧ ਕੀਰਤਨ ਸ਼ੈਲੀ ਦੇ ਮਾਹਿਰ ਭਾਈ ਖਾਲਸਾ ਦੀ ਰੁਖਸਤੀ ਕੌਮ ਨੂੰ ਹਮੇਸ਼ਾ ਰੜਕਦੀ ਰਹੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬੇਵੱਸੀ ਪ੍ਰਗਟ ਕਰਦਿਆਂ ਆਖਿਆ ਕਿ ਸਿੱਖ ਜਗਤ ਦੀ ਇਸ ਬੁਲੰਦ ਹਸਤੀ ਦਾ ਤੁਰ ਜਾਣਾ ਅਤਿਅੰਤ ਪੀੜਾਮਈ ਹੈ। ਇਸ ਦੇ ਨਾਲ ਹੀ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ ਨੇ ਵੀ ਭਾਈ ਨਿਰਮਲ ਸਿੰਘ ਦੇ ਚਲਾਣੇ 'ਤੇ ਅਫਸੋਸ ਪ੍ਰਗਟ ਕੀਤਾ ਹੈ।

ਇਹ ਵੀ ਪੜ੍ਹੋ : ਬੇਗੋਵਾਲ ਦੇ ਨੇੜਲੇ ਪਿੰਡ 'ਚ ਮਿਲਿਆ ਕੋਰੋਨਾ ਦਾ ਸ਼ੱਕੀ ਮਰੀਜ਼ 

Anuradha

This news is Content Editor Anuradha