ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਦੇ ਵਿਚਾਰ 'ਤੇ ਸ਼੍ਰੋਮਣੀ ਕਮੇਟੀ ਦਾ ਬਿਆਨ ਆਇਆ ਸਾਹਮਣੇ

11/30/2023 3:16:12 PM

ਅੰਮ੍ਰਿਤਸਰ (ਵੈੱਬ ਡੈਸਕ)- ਅੰਮ੍ਰਿਤਸਰ 'ਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਅੰਤ੍ਰਿਗ ਕਮੇਟੀ ਦੀ ਮੀਟਿੰਗ ਕੀਤੀ ਗਈ ਹੈ, ਇਸ ਮੀਟਿੰਗ 'ਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਰਾਜੋਆਣਾ ਨਾਲ ਜੇਲ੍ਹ 'ਚ ਮੁਲਾਕਾਤ ਕੀਤੀ ਹੈ। ਰਾਜੋਆਣਾ ਨੇ ਕਿਹਾ ਅਸੀਂ 5 ਦਸੰਬਰ ਤੋਂ ਭੁੱਖ ਹੜਤਾਲ ਕਰਨ ਦਾ ਵਿਚਾਰ ਕਰ ਰਹੇ ਹਾਂ। ਇਸ ਤੋਂ ਇਲਾਵਾ ਉਸ ਨੇ ਇਹ ਵੀ ਕਿਹਾ ਕਿ ਤੁਸੀਂ ਲੋਕ ਮੈਨੂੰ ਬੰਦੀ ਸਿੱਖਾਂ 'ਚ ਰੱਖ ਰਹੇ ਹੋ ਪਰ ਮੈਂ ਬੰਦੀ ਸਿੱਖਾਂ 'ਚ ਨਹੀਂ ਆਉਂਦਾ। ਸਿੱਖ ਪੰਥ ਵਿੱਚ ਭੁੱਖ ਹੜਤਾਲ ਗੁਰਮਤਿ ਦਾ ਮਾਰਗ ਨਹੀਂ ਪਰ ਰਾਜੋਆਣਾ ਕਹਿੰਦੇ ਕਿ ਮੈਨੂੰ ਜਦੋਂ ਵੀ ਕੋਈ ਇਨਸਾਫ਼ ਦੀ ਗੱਲ ਕਰਨੀ ਪੈਂਦੀ ਮੈਂ ਭੁੱਖ ਹੜਤਾਲ ਕਰਦਾ ਹਾਂ।

ਇਹ ਵੀ ਪੜ੍ਹੋ-  ਖ਼ਾਲਿਸਤਾਨੀ ਆਗੂ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ

ਪ੍ਰਧਾਨ ਧਾਮੀ ਨੇ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਤੌਰ 'ਤੇ ਯਤਨਸ਼ੀਲ ਹੈ। ਉਨ੍ਹਾਂ ਕਿਹਾ ਰਾਜੋਆਣਾ ਨੇ 17 ਸਾਲ ਤੋਂ ਜ਼ਿਆਦਾ ਜੇਲ੍ਹ 'ਚ ਬਿਤਾਏ ਹਨ। ਉਨ੍ਹਾਂ ਕਿਹਾ ਕਿ ਰਾਜੋਆਣਾ ਭੁੱਖ ਹੜਤਾਲ ਨਾ ਕਰਨ ਅਤੇ ਭੁੱਖ ਹੜਤਾਲ ਕਿਸੇ ਮਸਲੇ ਦਾ ਹੱਲ ਨਹੀਂ ਹੈ। ਧਾਮੀ ਨੇ ਕਿਹਾ ਕੇਂਦਰ ਸਰਕਾਰ ਸਾਡੇ ਸਬਰ ਦਾ ਇਮਤਿਹਾਨ ਨਾ ਲਵੇ। ਕੇਂਦਰ ਨੇ ਵਾਅਦਾ ਕੀਤਾ ਸੀ ਪਰ ਹੁਣ ਤੱਕ ਨਹੀਂ ਨਿਭਾਇਆ। ਉਨ੍ਹਾਂ ਕਿਹਾ 2 ਦਸੰਬਰ ਨੂੰ ਅਕਾਲ ਤਖ਼ਤ ਦੀ 9 ਮੈਂਬਰੀ ਕਮੇਟੀ ਦੀ ਮੀਟਿੰਗ ਕੀਤੀ ਜਾਵੇਗੀ।ਹੁਣ ਦੇਖਣਾ ਹੋਵੇਗਾ ਕਿ 2 ਦਸੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੀ ਫ਼ੈਸਲਾ ਲੈਂਦੀ ਹੈ।ਅੰਤ੍ਰਿੰਗ ਕਮੇਟੀ ਦੀ ਇਹ ਵਿਸ਼ੇਸ਼ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ, ਜਿਸ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੇਜੇ ਗਏ ਪੱਤਰ ’ਤੇ ਕਰੀਬ ਤਿੰਨ ਘੰਟੇ ਵਿਚਾਰ ਕੀਤਾ ਗਿਆ। ਇਹ ਇਕੱਤਰਤਾ 72 ਘੰਟੇ ਦੇ ਨੋਟਿਸ ’ਤੇ ਇਕ ਨੁਕਾਤੀ ਏਜੰਡੇ ’ਤੇ ਹੀ ਬੁਲਾਈ ਗਈ ਸੀ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੇਜੇ ਗਏ ਪੱਤਰ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਪਣੀ ਪਟੀਸ਼ਨ ਨੂੰ ਵਾਪਸ ਲੈਣ ਲਈ ਕਿਹਾ ਸੀ ਅਤੇ ਇਸ ਦੇ ਨਾਲ ਹੀ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦੀ ਗੱਲ ਵੀ ਕੀਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ, ਜਿਸ ’ਤੇ ਪੰਥਕ ਨੁਮਾਇੰਦਿਆਂ ਦੇ ਵਿਚਾਰ ਜਾਣ ਕੇ ਸਾਂਝੀ ਰਾਏ ਅਨੁਸਾਰ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ। ਕਿਉਂਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ 2012 ਵਿਚ ਰਾਸ਼ਟਰਪਤੀ ਕੋਲ ਕੌਮ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਅਨੁਸਾਰ ਹੀ ਪਟੀਸ਼ਨ ਪਾਈ ਗਈ ਸੀ। ਇਸ ਪਟੀਸ਼ਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਕੋਈ ਵੀ ਫ਼ੈਸਲਾ ਲੈਣਾ ਜਲਦਬਾਜ਼ੀ ਹੋਵੇਗੀ। ਇਸ ਲਈ ਅੰਤ੍ਰਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਵੱਖ-ਵੱਖ ਪੰਥਕ ਧਿਰਾਂ ਦੇ ਵਿਚਾਰ ਲਏ ਜਾਣੇ ਜ਼ਰੂਰੀ ਹਨ, ਜਿਸ ਨੂੰ ਵੇਖਦਿਆਂ 2 ਦਸੰਬਰ ਨੂੰ ਪੰਥਕ ਧਿਰਾਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਜਾਵੇਗੀ। ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਬੀਤੇ ਸਮੇਂ ਬਣਾਈ ਗਈ 11 ਮੈਂਬਰੀ ਕਮੇਟੀ ਵਿੱਚੋਂ ਕਾਇਮ ਮੈਂਬਰਾਂ ਸਮੇਤ ਕੁਝ ਹੋਰ ਪੰਥਕ ਨੁਮਾਇੰਦਿਆਂ ਨੂੰ ਸੱਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਕੀਤੀ ਜਾਵੇਗੀ, ਤਾਂ ਜੋ ਪੰਥਕ ਭਾਵਨਾਵਾਂ ਅਨੁਸਾਰ ਹੀ ਠੋਸ ਫੈਸਲਾ ਲਿਆ ਜਾ ਸਕੇ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਦੁਖਦਾਈ ਖ਼ਬਰ, ਪੰਜਾਬ ਦੇ ਕਿਸਾਨ ਆਗੂ ਦੇ ਮੁੰਡੇ ਦੀ ਦਰਦਨਾਕ ਮੌਤ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣਾ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਵੀ ਸਨਿਮਰ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਕੌਮੀ ਪ੍ਰਵਾਨੇ ਹਨ, ਜਿਨ੍ਹਾਂ ਨੇ ਕਾਲੇ ਦੌਰ ਅੰਦਰ ਪੰਜਾਬ ਅਤੇ ਖਾਸਕਰ ਸਿੱਖਾਂ ਵਿਰੁੱਧ ਹੋ ਰਹੇ ਅੱਤਿਆਚਾਰ ਅਤੇ ਕੌਮੀ ਅਧਿਕਾਰਾਂ ਨੂੰ ਦਬਾਉਣ ਵਾਲੀਆਂ ਕਾਰਵਾਈਆਂ ਦਾ ਮੂੰਹਤੋੜ ਜਵਾਬ ਦਿੱਤਾ। ਸਾਰੀ ਕੌਮ ਉਨ੍ਹਾਂ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੇ ਯੋਗਦਾਨ ਸਦਕਾ ਹੀ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜ਼ਿੰਦਾ ਸ਼ਹੀਦ ਦਾ ਖਿਤਾਬ ਵੀ ਦਿੱਤਾ ਹੋਇਆ ਹੈ। ਇਸ ਕੌਮੀ ਯੋਧੇ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਕਾਰਜਸ਼ੀਲ ਹੈ ਅਤੇ ਭਵਿੱਖ ਵਿਚ ਵੀ ਚਟਾਨ ਵਾਂਗ ਉਨ੍ਹਾਂ ਨਾਲ ਖੜ੍ਹੀ ਰਹੇਗੀ।

ਐਡਵੋਕੇਟ ਧਾਮੀ ਨੇ ਭਾਈ ਰਾਜੋਆਣਾ ਦੇ ਮਾਮਲੇ ਵਿਚ ਭਾਰਤ ਸਰਕਾਰ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ 2019 ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਐਲਾਨ ਕੀਤਾ ਗਿਆ ਸੀ, ਪਰ ਦੁੱਖ ਦੀ ਗੱਲ ਹੈ ਕਿ ਇਸ ਮਗਰੋਂ ਸਰਕਾਰ ਨੇ ਫੈਸਲੇ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ। ਇਸ ਮਗਰੋਂ ਭਾਈ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਦੇ ਆਦੇਸ਼ ਨੂੰ ਵੀ ਸਰਕਾਰ ਨੇ ਨਜ਼ਰਅੰਦਾਜ਼ ਕੀਤਾ ਹੈ। ਕੇਂਦਰ ਸਰਕਾਰ ਦਾ ਇਹ ਨਾਂਪੱਖੀ ਰਵੱਈਆ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀਆਂ ਹਨ, ਜੋ ਦੇਸ਼ ਦੇ ਹਿੱਤ ਵਿਚ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


Shivani Bassan

Content Editor

Related News