ਭਾਖੜਾ ਨਹਿਰ ''ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ

Thursday, Nov 19, 2026 - 09:32 PM (IST)

ਭਾਖੜਾ ਨਹਿਰ ''ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ

ਪਟਿਆਲਾ (ਸੁਖਦੀਪ ਸਿੰਘ ਮਾਨ) : ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵੀਰਵਾਰ ਸਵੇਰੇ ਐੱਨ.ਐੱਚ.-64 (ਨਵਾਂ ਐੱਨ.ਐੱਚ.-7) ਦੇ ਪਟਿਆਲਾ ਬਾਈਪਾਸ ਸੈਕਸ਼ਨ ’ਤੇ ਭਾਖੜਾ ਮੇਨ ਲਾਈਨ ਨਹਿਰ ਉਪਰ ਪਸਿਆਣਾ ਨੇੜੇ ਸਥਿਤ 60 ਮੀਟਰ ਲੰਬੇ ਸਟੀਲ ਟਰੱਸ ਬ੍ਰਿਜ ਦੇ ਟੁੱਟਣ ਦੀ ਘਟਨਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਨੁਕਸਾਨ ਤੋਂ ਬਚਾਅ ਰਿਹਾ ਹੈ, ਜਦਕਿ ਜ਼ਖ਼ਮੀ ਟਰੱਕ ਚਾਲਕ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਇਸ ਮੌਕੇ ਐੱਸ.ਡੀ.ਐੱਮ. ਗੁਰਦੇਵ ਸਿੰਘ, ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਮਨ ਬੈਂਸ, ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਵਧਾਈ ਗਈ ਸੁਰੱਖਿਆ

ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਭਾਖੜਾ ਨਹਿਰ ਦੇ ਕਿਨਾਰਿਆਂ ਨੂੰ ਸੁਰੱਖਿਅਤ ਬਣਾਉਣਾ ਅਤੇ ਪੁਲ ਦੀ ਮੁੜ ਉਸਾਰੀ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਵਿਚ ਜਲ ਸਰੋਤ (ਸਿੰਚਾਈ) ਵਿਭਾਗ ਵੱਲੋਂ ਭਾਖੜਾ ਨਹਿਰ ਵਿਚ ਪਾਣੀ ਦਾ ਪੱਧਰ ਘਟਾ ਕੇ ਨਹਿਰ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਟੁੱਟੇ ਹੋਏ ਪੁਲ ਦਾ ਮਲਬਾ ਅਤੇ ਲੋਹੇ ਦਾ ਢਾਂਚਾ ਤੁਰੰਤ ਹਟਾਇਆ ਜਾਵੇ ਅਤੇ ਸੜਕ ’ਤੇ ਆਵਾਜਾਈ ਬਹਾਲ ਕਰਨ ਲਈ ਪੁਲ ਦੀ ਮੁੜ ਉਸਾਰੀ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਹਾਦਸੇ ਦਾ ਸ਼ਿਕਾਰ ਹੋਏ ਟਰੱਕ ਨੂੰ ਲੱਗੀ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਭੇਜੀ ਗਈ। ਪੁਲਸ ਵੱਲੋਂ ਆਵਾਜਾਈ ਨੂੰ ਕੰਟਰੋਲ ਕੀਤਾ ਗਿਆ ਅਤੇ ਹੋਰ ਬਚਾਅ ਟੀਮਾਂ ਵੀ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਗਈਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਐੱਨ.ਐੱਚ.ਏ.ਆਈ. ਦੇ ਡਿਪਟੀ ਜਨਰਲ ਮੈਨੇਜਰ ਵਿਪੁਨ ਮਹਿਤਾ ਅਤੇ ਪ੍ਰਾਜੈਕਟ ਡਾਇਰੈਕਟਰ ਅਮਿਤ ਓਝਾ ਨਾਲ ਬੈਠਕ ਕਰਕੇ ਪੁਲ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ। ਇਸ ਤੋਂ ਇਲਾਵਾ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੈਜਿਸਟ੍ਰੇਟੀ ਜਾਂਚ ਕਰਵਾਉਣ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੜਕ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਵਾਜਾਈ ਨੂੰ ਸਰਵਿਸ ਰੋਡ ਵੱਲ ਮੋੜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੁਲਸ 'ਚ ਵੱਡੇ ਪੱਧਰ 'ਤੇ ਤਬਾਦਲੇ, ਦੇਖੋ ਪੂਰੀ ਸੂਚੀ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਅਨੁਸਾਰ ਨੁਕਸਾਨੇ ਗਏ ਪੁਲ ਵਾਲੀ ਥਾਂ ’ਤੇ ਆਵਾਜਾਈ ਬਹਾਲ ਕਰਨ ਲਈ 60 ਮੀਟਰ ਸਪੈਨ ਵਾਲੇ ਬੇਲੀ ਬ੍ਰਿਜ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਆਵਾਜਾਈ ਮੁੜ ਜਲਦੀ ਸ਼ੁਰੂ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਐੱਨ.ਐੱਚ.ਏ.ਆਈ. ਵੱਲੋਂ ਪੁਲ ਢਹਿਣ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਧਾਰਾਤਮਕ ਉਪਾਅ ਸੁਝਾਉਣ ਵਾਸਤੇ ਇਕ ਮਾਹਿਰ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਜੇ ਨਹੀਂ ਕਰਵਾਇਆ ਇਹ ਕੰਮ ਤਾਂ ਰੁਕ ਜਾਵੇਗੀ ਪੈਨਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News