ਭਾਰਤ ਬੰਦ ਦਾ ਪੰਜਾਬ ''ਤੇ ਅਸਰ: ਜਾਣੋ ਕੀ ਕੁੱਝ ਖੁੱਲ੍ਹਾ ਤੇ ਕੀ ਕੁੱਝ ਬੰਦ

Thursday, Feb 12, 2026 - 12:14 PM (IST)

ਭਾਰਤ ਬੰਦ ਦਾ ਪੰਜਾਬ ''ਤੇ ਅਸਰ: ਜਾਣੋ ਕੀ ਕੁੱਝ ਖੁੱਲ੍ਹਾ ਤੇ ਕੀ ਕੁੱਝ ਬੰਦ

ਲੁਧਿਆਣਾ: ਭਾਰਤ ਅਤੇ ਅਮਰੀਕਾ ਵਿਚਕਾਰ ਹੋਏ ਵਪਾਰਕ ਸਮਝੌਤੇ ਦੇ ਵਿਰੋਧ ਵਿਚ ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦਾ ਪੰਜਾਬ ਵਿਚ ਮਿਲਿਆ ਜੁਲਿਆ ਅਸਰ ਵੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਜਥੇਬੰਦੀਆਂ ਵੱਲੋਂ ਵੀ ਅੱਜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸ ਪ੍ਰਦਰਸ਼ਨ ਵਿਚ ਟ੍ਰੇਡ ਯੂਨੀਅਨਾਂ, ਕਿਸਾਨ ਜਥੇਬੰਦੀਆਂ ਅਤੇ ਮੁਲਾਜ਼ਮ ਸੰਗਠਨ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਸੂਬੇ ਵਿਚ ਹੜਤਾਲ ਦਾ ਹੁਣ ਤੱਕ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਤਾਜ਼ਾ ਰਿਪੋਰਟਾਂ ਅਨੁਸਾਰ, ਮੁਲਾਜ਼ਮਾਂ ਵੱਲੋਂ ਪੰਜਾਬ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਸੂਬੇ ਦੇ ਜ਼ਿਆਦਾਤਰ ਬਾਜ਼ਾਰ ਖੁੱਲ੍ਹੇ ਹੋਏ ਹਨ। ਜ਼ਿਆਦਾਤਰ ਬੈਂਕਾਂ ਵਿਚ ਵੀ ਕੰਮਕਾਜ ਜਾਰੀ ਹੈ, ਉੱਥੇ ਹੀ ਕੁਝ ਥਾਵਾਂ 'ਤੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਹਾਲਾਂਕਿ ਕਈ ਸਰਕਾਰੀ ਵਿਭਾਗਾਂ ਵਿਚ ਹੜਤਾਲ ਕਾਰਨ ਕੰਮਕਾਜ ਪ੍ਰਭਾਵਿਤ ਹੈ। ਖ਼ਾਸ ਗੱਲ ਇਹ ਹੈ ਕਿ ਕੰਟਰੈਕਟ (ਠੇਕਾ) ਮੁਲਾਜ਼ਮ ਹੜਤਾਲ 'ਤੇ ਹਨ, ਜਦੋਂ ਕਿ ਪੱਕੇ ਮੁਲਾਜ਼ਮ ਆਪਣੀਆਂ ਡਿਊਟੀਆਂ ਨਿਭਾਅ ਰਹੇ ਹਨ।

ਵੱਖ-ਵੱਖ ਥਾਵਾਂ 'ਤੇ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ

ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਲੰਧਰ ਵਿਚ ਪੰਜਾਬ ਨੈਸ਼ਨਲ ਬੈਂਕ ਦੇ ਮੁਲਾਜ਼ਮ, ਲੁਧਿਆਣਾ ਵਿਚ ਮਿਡ ਡੇ ਮੀਲ ਵਰਕਰ ਤੇ ਪੰਜਾਬ ਬੈਂਕ ਇੰਪਲਾਈਜ਼ ਫੈਡਰੇਸ਼ਨ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਭੰਡਾਰੀ ਪੁਲ਼ 'ਤੇ ਵੀ ਰੋਸ ਪ੍ਰਦਰਸ਼ਨ ਜਾਰੀ ਹੈ। 

ਬਿਜਲੀ ਮੁਲਾਜ਼ਮਾਂ ਵੱਲੋਂ ਵੀ ਹੜਤਾਲ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮ ਸੰਗਠਨਾਂ ਨੇ ਪੂਰੇ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਦੇ ਜਵਾਬ ਵਿਚ PSPCL ਪ੍ਰਬੰਧਨ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਹੜਤਾਲ ਵਿਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਵੀ ਕੱਢਿਆ ਜਾ ਸਕਦਾ ਹੈ। 

 


author

Anmol Tagra

Content Editor

Related News